ਅਜਨਾਲਾ ਦਾਣਾ ਮੰਡੀ ਦਾ ਵਿਧਾਇਕ ਧਾਲੀਵਾਲ ਵੱਲੋਂ ਦੌਰਾ/ ਲਿਫਟਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ/ ਰਾਜ ਸਭਾ ਮੈਂਬਰ ਤੋੜਣ ਲਈ ਭਾਜਪਾ ਦੀ ਨਿੰਦਾ

0
2

ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਮੰਡੀ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਮੰਡੀ ਅੰਦਰ ਕੀਤੇ ਗਏ ਸਰਕਾਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਮੰਡੀ ਵਿੱਚ ਲਿਫਟਿੰਗ ਦਾ ਕੰਮ ਸਮੁੱਚੇ ਤੌਰ ‘ਤੇ ਠੀਕ ਚੱਲ ਰਿਹਾ ਹੈ ਅਤੇ ਵੱਖ-ਵੱਖ ਏਜੰਸੀਆਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੀਆਂ ਹਨ।  ਰਾਜ ਸਭਾ ਮੈਂਬਰਾਂ ਦੇ ਭਾਜਪਾ ਨਾਲ ਜੁੜਨ ਦੀਆਂ ਖ਼ਬਰਾਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਇਹ ਮੈਂਬਰ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਲਈ ਚੁਣੇ ਸਨ, ਪਰ ਕੁਝ ਲੋਕਾਂ ਨੇ ਆਪਣੇ ਨਿੱਜੀ ਲਾਭ ਲਈ ਪਾਰਟੀ ਅਤੇ ਪੰਜਾਬ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਹੈ।
ਇਸ ਮੌਕੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਧਾਲੀਵਾਲ ਨੇ ਕਿਹਾ ਕਿ ਕੁਝ ਏਜੰਸੀਆਂ ਵੱਲੋਂ ਹੌਲੀ ਗਤੀ ਜ਼ਰੂਰ ਹੈ, ਪਰ ਉਹਨਾਂ ਨੂੰ ਵੀ ਜਲਦ ਸੁਧਾਰ ਲਈ ਨਿਰਦੇਸ਼ ਦਿੱਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੂਰੀ ਤਰ੍ਹਾਂ ਸਥਿਤੀ ਨਾਰਮਲ ਹੋਣ ਦੀ ਉਮੀਦ ਹੈ।   ਕਿਸਾਨਾਂ ਦੀ ਮਹਨਤ ਨੂੰ ਸਲਾਮ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਪੰਜ-ਛੇ ਮਹੀਨੇ ਦੀ ਕੜੀ ਮਿਹਨਤ ਨਾਲ ਕਣਕ ਤਿਆਰ ਕਰਕੇ ਮੰਡੀ ਵਿੱਚ ਲਿਆਉਂਦੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹਨਾਂ ਦੀ ਫਸਲ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਾਨਾ ਭੁਗਤਾਨ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਦੇ ਤਹਿਤ ਕਿਸਾਨ ਨੂੰ ਆਪਣੀ ਫਸਲ ਵੇਚਣ ਦੇ ਤੁਰੰਤ ਬਾਅਦ ਪੈਸੇ ਮਿਲ ਰਹੇ ਹਨ। ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਲਿਫਟਿੰਗ ਵੀ ਤੇਜ਼ੀ ਨਾਲ ਹੋ ਰਹੀ ਹੈ।
ਭਾਜਪਾ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਭੇਦਭਾਵ ਕਰ ਰਹੀ ਹੈ। ਫੰਡ ਰੋਕਣ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਘਟਾਉਣ ਅਤੇ ਪਾਣੀ ਦੇ ਮਸਲੇ ‘ਤੇ ਦਬਾਅ ਬਣਾਉਣ ਵਰਗੇ ਕਦਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬ ਦੇ ਹੱਕਾਂ ‘ਤੇ ਹਮਲੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਆਵਾਜ਼ ਨੂੰ ਰਾਜ ਸਭਾ ਵਿੱਚ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਿੱਤਾਂ ਲਈ ਹਰ ਮੋਰਚੇ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸੱਚਾ ਪੰਜਾਬੀ ਹੈ, ਉਹ ਇਸ ਲੜਾਈ ਵਿੱਚ ਨਾਲ ਖੜ੍ਹੇਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਸਰਕਾਰ ਲੋਕ-ਹਿੱਤ ਦੇ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਮਜ਼ਬੂਤ ਹੋ ਰਿਹਾ ਹੈ।

LEAVE A REPLY

Please enter your comment!
Please enter your name here