ਪੰਜਾਬ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਕਾਂਗਰਸ ਦਾ ਧਰਨਾ/ ਵਰਕਰਾਂ ਨੂੰ ਫ਼ਸਲ ਕੱਟਣ ਤੋਂ ਰੋਕਣ ਦੇ ਲਾਏ ਇਲਜ਼ਾਮ/ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ By admin - April 27, 2026 0 2 Facebook Twitter Pinterest WhatsApp ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾ ਸਾਂਸੀ ਹਲਕੇ ਵਿੱਚ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਭੰਡਾਰੀ ਪੁਲ ‘ਤੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕਥਿਤ “ਧੱਕੇਸ਼ਾਹੀ” ਦੇ ਵਿਰੋਧ ਵਿੱਚ ਕੀਤਾ ਗਿਆ। ਧਰਨੇ ਦੀ ਅਗਵਾਈ ਕਰ ਰਹੇ ਸਾਬਕਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਅਤੇ ਕਾਂਗਰਸ ਆਗੂ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਇਹ ਪ੍ਰਦਰਸ਼ਨ ਫਿਲਹਾਲ ਛੋਟਾ ਹੈ, ਜਿਸ ਵਿੱਚ ਹਰ ਪਿੰਡ ਤੋਂ ਕੁਝ ਹੀ ਲੋਕ ਸ਼ਾਮਲ ਹੋਏ ਹਨ ਪਰ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸਰਕਾਰੀਆ ਨੇ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਕਿਸਾਨਾਂ ਨੂੰ ਸਿਰਫ ਇਸ ਕਰਕੇ ਆਪਣੀ ਹੀ ਜ਼ਮੀਨ ‘ਤੇ ਗੇਂਹੂ ਦੀ ਫਸਲ ਕੱਟਣ ਤੋਂ ਰੋਕਿਆ ਜਾ ਰਿਹਾ ਹੈ ਕਿਉਂਕਿ ਉਹ ਕਾਂਗਰਸ ਨਾਲ ਜੁੜੇ ਹੋਏ ਹਨ। ਉਨ੍ਹਾਂ ਇਸਨੂੰ ਲੋਕਤੰਤਰਿਕ ਅਧਿਕਾਰਾਂ ਦੀ ਉਲੰਘਣਾ ਦੱਸਦਿਆਂ ਕਿਹਾ ਕਿ ਇਹ ਸਿੱਧਾ ਰਾਜਨੀਤਿਕ ਭੇਦਭਾਵ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਪੁਲਿਸ ਸੁਰੱਖਿਆ ਦੇ ਹੁਕਮ ਮਿਲੇ ਹੋਏ ਹਨ, ਪਰ ਇਸਦੇ ਬਾਵਜੂਦ ਸਥਾਨਕ ਪੁਲਿਸ ਵੱਲੋਂ ਸਹਿਯੋਗ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਕੋਈ ਨਹੀਂ ਰੋਕਦਾ, ਪਰ ਕਾਂਗਰਸ ਵਰਕਰਾਂ ਨੂੰ ਆਪਣੇ ਹੱਕਾਂ ਤੋਂ ਵੰਚਿਤ ਕੀਤਾ ਜਾ ਰਿਹਾ ਹੈ, ਜੋ ਬਹੁਤ ਚਿੰਤਾਜਨਕ ਗੱਲ ਹੈ। ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਐਸਐਸਪੀ ਨੂੰ ਮੌਕੇ ‘ਤੇ ਬੁਲਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਆਪਣੀਆਂ ਸਾਰੀਆਂ ਮੰਗਾਂ ਜਨਤਾ ਅਤੇ ਮੀਡੀਆ ਦੇ ਸਾਹਮਣੇ ਰੱਖਣਗੇ, ਤਾਂ ਜੋ ਸੱਚਾਈ ਸਭ ਦੇ ਸਾਹਮਣੇ ਆ ਸਕੇ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਪੱਖ ਤੌਰ ‘ਤੇ ਮਾਮਲੇ ਦਾ ਅੰਦਾਜ਼ਾ ਲਵੇ। ਸਰਕਾਰੀਆ ਨੇ ਕਿਹਾ ਕਿ ਰਾਜਾ ਸਾਂਸੀ ਹਲਕੇ ਵਿੱਚ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਲਹਿਰ ਦੇ ਬਾਵਜੂਦ ਕਾਂਗਰਸ ਨੇ ਵੱਡੀ ਜਿੱਤ ਦਰਜ ਕੀਤੀ ਸੀ, ਜਿਸ ਕਾਰਨ ਹੁਣ ਰਾਜਨੀਤਿਕ ਰੰਜਿਸ਼ ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਧਰਨੇ ਨੂੰ ਅਣਮਿਆਦੀ ਦੱਸਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਸੰਘਰਸ਼ ਜਾਰੀ ਰਹੇਗਾ। ਫਿਲਹਾਲ ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਜਾ ਰਿਹਾ ਹੈ, ਪਰ ਆਉਣ ਵਾਲੇ ਸਮੇਂ ਵਿੱਚ ਇਸਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।