ਅੰਮ੍ਰਿਤਸਰ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ ਪਰਿਵਾਰ ਨੇ ਪ੍ਰਗਟਾਇਆ ਖੁਦਕੁਸ਼ੀ ਦਾ ਸ਼ੱਕ/ ਆੜਤੀਆਂ ਤੇ ਗੰਭੀਰ ਇਲਜਾਮ, ਪੁਲਿਸ ਕਰ ਰਹੀ ਜਾਂਚ

0
1

 

ਅੰਮ੍ਰਿਤਸਰ ਦੇ ਪਿੰਡ ਵਿੱਚ ਇੱਕ ਨੌਜਵਾਨ ਦੀ ਭੇਦਭਰੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਿੰਟੂ ਪੁੱਤਰ ਲਖਮੀਰ ਸਿੰਘ ਵਾਸੀ ਪਤਾਲਪੁਰੀ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਘਟਨਾ ਨੂੰ ਆਤਮਹੱਤਿਆ ਕਰਾਰ ਦਿੰਦਿਆਂ ਆੜਤੀਆ ’ਤੇ ਤੰਗ-ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਦੇ ਕਹਿਣਾ ਹੈ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆੜਤੀਆਂ ਵੱਲੋਂ ਉਸ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਰ ਦੇ ਦੱਸਣ ਮੁਤਾਬਕ ਮਿੰਟੂ ਨੂੰ ਆੜਤੀਆਂ ਵੱਲੋਂ ਮੋਬਾਈਲ ‘ਤੇ ਵੀ ਅਪਸ਼ਬਦ ਕਹੇ ਜਾਂਦੇ ਸਨ ਅਤੇ ਘਰ ‘ਚ ਆ ਕੇ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਸਨ, ਜਿਸ ਕਾਰਨ ਉਹ ਗੰਭੀਰ ਤਣਾਅ ਵਿੱਚ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਸੇ ਤਣਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਪਰਿਵਾਰਕ ਬਿਆਨਾਂ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਥਿਤ ਦੋਸ਼ੀ 0ਹਰਬੰਸ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਨੰਗਲ ਪਦਵਾਂ, ਹਰਭੰਤ ਸਿੰਘ ਪੁੱਤਰ ਹਰਬੰਸ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਖਿਲਾਫ ਭਾਰਤੀ ਦੰਡ ਸੰਹਿਤਾ ਦੀ ਧਾਰਾ 306 ਅਤੇ ਹੋਰ ਸੰਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਦੋਸ਼ੀਆਂ ਦੀ ਭੂਮਿਕਾ ਅਤੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਵੱਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here