ਚੰਡੀਗੜ੍ਹ ’ਚ ਸਰਕਾਰ ’ਤੇ ਵਰ੍ਹੇ ਸੁਖਬੀਰ ਬਾਦਲ/ ਪੰਜਾਬ ਨੂੰ ਲੁੱਟਣ ਦੇ ਲਾਏ ਇਲਜ਼ਾਮ/ ਸ਼ੁਕਰਾਨਾ ਯਾਤਰਾ ’ਤੇ ਚੁੱਕੇ ਸਵਾਲ

0
2

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਈਡੀ ਦੇ ਛਾਪਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਬਿਲਡਰਾਂ ਤੋਂ ਮੋਟੀਆਂ ਰਕਮਾਂ ਵਸੂਲੀਆਂ ਜਾਂਦੀਆਂ ਹਨ, ਜਿਸ ਬਾਰੇ ਬਿਲਡਰਾਂ ਨੇ ਸਾਡੇ ਕੋਲ ਵੀ ਸ਼ਿਕਾਇਤਾਂ ਕੀਤੀਆਂ ਸਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਾਪ ਦਾ ਘੜਾ ਭਰ ਚੁੱਕਿਆ ਹੈ ਅਤੇ ਬਹੁਤ ਛੇਤੀ ਇਸ ਦੇ ਸਾਰੇ ਆਗੂਆਂ ਖਿਲਾਫ ਕਾਰਵਾਈ ਹੋਵੇਗੀ। ਮੁੱਖ ਮੰਤਰੀ ਮਾਨ ਦੀ ਸ਼ੁਕਰਾਨਾ ਯਾਤਰਾ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਰੇਡ ਹੋਣੀ ਹੁੰਦੀ ਹੈ ਤਾਂ ਉਹ ਅਜਿਹੇ ਡਰਾਮੇ ਕਰਨ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਕਿਊਰਟੀ ਨਾਲ ਲੈਣ ਦੀਆਂ ਗੱਲਾਂ ਕਰਦੇ ਸਨ ਪਰ ਅੱਜ ਸਭ ਤੋਂ ਵੱਧ ਗੰਨਮੈਨ ਮੁੱਖ ਮੰਤਰੀ ਆਪ ਲੈ ਕੇ ਫਿਰ ਰਹੇ ਹਨ।
ਸੁਖਬੀਰ ਬਾਦਲ ਨੇ ਇਲਜ਼ਾਮ ਲਗਾਇਆ ਕਿ “ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦਾ ਨਿੱਜੀ ਸਟਾਫ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਭ੍ਰਿਸ਼ਟਾਚਾਰ ਵਿੱਚ “ਗਲ ਤੱਕ ਡੁੱਬੀ ਹੋਈ” ਹੈ। ਉਨ੍ਹਾਂ ਕਿਹਾ ਕਿ ਹੁਣ ਇੱਕ-ਇੱਕ ਕਰਕੇ ਘਪਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਨੇ ਲੋਕਾਂ ਨਾਲ ਬਦਲਾਅ ਦੇ ਨਾਮ ‘ਤੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਹਕੀਕਤ ਇਹ ਹੈ ਕਿ ਸਰਕਾਰ ਦਾ ਧਿਆਨ ਲੋਕ ਭਲਾਈ ਤੋਂ ਹਟ ਕੇ ਸਿਰਫ਼ ਆਪਣੀ ਸਿਆਸੀ ਛਵੀ ਬਣਾਉਣ ‘ਤੇ ਕੇਂਦਰਿਤ ਹੈ।”
ਅਖੀਰ ਵਿੱਚ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਅਤੇ ਜ਼ਿੰਮੇਵਾਰ ਅਗਵਾਈ ਦੀ ਲੋੜ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਮੌਜੂਦਾ ਸਰਕਾਰ ਨੇ ਸੂਬੇ ਨੂੰ “ਸਿਆਸੀ ਸਰਕਸ” ਬਣਾ ਕੇ ਰੱਖ ਦਿੱਤਾ ਹੈ, ਜਿਸ ਨਾਲ ਪੰਜਾਬ ਦਾ ਵਿਕਾਸ ਅਤੇ ਅਮਨ-ਸ਼ਾਂਤੀ ਦੋਵੇਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਨੂੰ ਇਸ ਦੀਆਂ ਗਲਤੀਆਂ ਦਾ ਜਵਾਬ ਦੇਣਗੇ।

LEAVE A REPLY

Please enter your comment!
Please enter your name here