ਪੰਜਾਬ ਗਿਆਨੀ ਰਘਬੀਰ ਸਿੰਘ ਨੇ ਘੇਰਿਆ ਬਾਦਲ ਪਰਿਵਾਰ/ ਬੇਅਦਬੀ ਕਾਨੂੰਨ ਖਿਲਾਫ ਝੂਠਾ ਬਿਰਤਾਂਤ ਸਿਰਜਣ ਦੇ ਇਲਜ਼ਾਮ By admin - May 9, 2026 0 1 Facebook Twitter Pinterest WhatsApp ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੇਅਦਬੀਆਂ ਕਾਨੂੰਨ ਦਾ ਵਿਰੋਧ ਕਰਨ ਲਈ ਬਾਦਲ ਪਰਿਵਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਅਦਬੀ ਕਾਨੂੰਨ ਸੰਗਤ ਦੀ ਲੰਮੇ ਸਮੇਂ ਦੀ ਮੰਗ ਤੋਂ ਬਾਅਦ ਹੋਂਦ ਵਿਚ ਆਇਆ ਹੈ, ਜਿਸ ਨੂੰ ਸੰਗਤ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਪਰ ਕੁੱਝ ਲੋਕ ਇਕ ਪਰਿਵਾਰ ਦੇ ਇਸ਼ਾਰੇ ਉਤੇ ਵਿਰੋਧ ਕਰ ਰਹੇ ਹਨ। ਉਨ੍ਹਾਂ ਸੰਗਤ ਨੂੰ ਵੀ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ “ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008” ਵਿੱਚ ਸੋਧ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਇਆ ਅਤੇ ਬਾਅਦ ਵਿੱਚ ਗਵਰਨਰ ਦੀ ਮਨਜ਼ੂਰੀ ਤੋਂ ਬਾਅਦ ਕਾਨੂੰਨ ਦੇ ਰੂਪ ਵਿੱਚ ਲਾਗੂ ਕੀਤਾ ਗਿਆ। ਉਨ੍ਹਾਂ ਦੇ ਅਨੁਸਾਰ ਇਸ ਫ਼ੈਸਲੇ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਸੀ। ਸੰਗਤਾਂ ਨੂੰ ਇਹ ਵਿਸ਼ਵਾਸ ਹੋਇਆ ਕਿ ਹੁਣ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਕੜੀ ਸਜ਼ਾ ਮਿਲੇਗੀ ਅਤੇ ਉਹ ਲੰਬੇ ਸਮੇਂ ਤੱਕ ਜੇਲ੍ਹਾਂ ਵਿੱਚ ਰਹਿਣਗੇ। ਸਾਬਕਾ ਜਥੇਦਾਰ ਨੇ ਬਾਦਲ ਪਰਿਵਾਰ ‘ਤੇ ਵੀ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਵੱਲੋਂ ਇਸ ਕਾਨੂੰਨ ਦਾ ਵਿਰੋਧ ਕੀਤਾ ਗਿਆ ਅਤੇ 2015 ਵਿੱਚ ਹੋਈਆਂ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਦੀ ਸਰਪ੍ਰਸਤੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਗੁਰੂ ਸਾਹਿਬ ਦੇ ਸਰੂਪ ਚੋਰੀ ਕਰਕੇ ਅੰਗਾਂ ਨੂੰ ਗਲੀਆਂ ਵਿੱਚ ਖਿਲਾਰਿਆ ਗਿਆ, ਜਿਸ ਨਾਲ ਪੂਰੀ ਸਿੱਖ ਕੌਮ ਦੇ ਦਿਲ ਨੂੰ ਗਹਿਰਾ ਝਟਕਾ ਲੱਗਿਆ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਸੰਗਤਾਂ ਨੇ ਸ਼ਾਂਤਮਈ ਢੰਗ ਨਾਲ ਇਨਸਾਫ਼ ਦੀ ਮੰਗ ਕੀਤੀ ਤਾਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਨੇ ਬਹਿਬਲ ਕਲਾਂ ਗੋਲੀਕਾਂਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਕਈ ਸਿੱਖ ਨੌਜਵਾਨ ਸ਼ਹੀਦ ਹੋਏ, ਜਿਸ ਨਾਲ ਸਿੱਖ ਕੌਮ ਵਿੱਚ ਗਹਿਰਾ ਰੋਸ ਪੈਦਾ ਹੋਇਆ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਖ਼ਤ ਕਾਨੂੰਨ ਬਣਾਉਣ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਇਸ ਕਦਮ ਦਾ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਮਜ਼ਬੂਤ ਕਦਮ ਚੁੱਕੇ ਜਾਣਗੇ।