ਪੰਜਾਬ ਮੋਗਾ ’ਚ ਭਾਕਿਯੂ ਲੱਖੋਵਾਲ ਦਾ ਕੇਂਦਰ ਖਿਲਾਫ ਪ੍ਰਦਰਸ਼ਨ/ ਝੋਨੇ ਦੇ ਮੁੱਲ ’ਚ 72 ਰੁਪਏ ਵਾਧੇ ਦਾ ਵਿਰੋਧ/ ਘੱਟੋ-ਘੱਟ 700 ਰੁਪਏ ਵਾਧੇ ਦੀ ਕੀਤੀ ਮੰਗ By admin - May 14, 2026 0 1 Facebook Twitter Pinterest WhatsApp ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਉਤੇ 72 ਰੁਪਏ ਸਮਰਥਨ ਮੁੱਲ ਵਾਧੇ ਨੂੰ ਨਕਾਰ ਦਿੱਤਾ ਹੈ। ਇਸੇ ਨੂੰ ਲੈ ਕੇ ਬੀਕੇਯੂ ਲੱਖੋਵਾਲ ਨੇ ਮੋਗਾ ਵਿਖੇ ਹੰਗਾਮੀ ਮੀਟਿੰਗ ਕਰ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਖਰੀਫ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਨੂੰ ਲੈ ਕੇ ਗੰਭੀਰ ਚਰਚਾ ਕੀਤੀ ਗਈ। ਆਗੂਆਂ ਨੇ ਝੋਨੇ ਤੇ 72 ਵਾਧੇ ਨੂੰ ਨਕਾਰਦਿਆਂ ਸਰਕਾਰ ਤੋਂ ਘੱਟੋ ਘੱਟ ਸਮਰਥਨ ਮੁੱਲ ਵਿਚ 700 ਰੁਪਏ ਵਾਧੇ ਦੀ ਮੰਗ ਕੀਤੀ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ, ਮੱਕੀ, ਮੂੰਗ ਅਤੇ ਸੂਰਜਮੁਖੀ ਦੇ ਭਾਅ ਵਿੱਚ ਕੀਤਾ ਗਿਆ ਵਾਧਾ ਬਿਲਕੁਲ ਨਗਣ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ MSP ਵਿੱਚ ਕੇਵਲ 72 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਕੇ ਸਰਕਾਰ ਨੇ ਕਿਸਾਨਾਂ ਦੇ ਜਖਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਡੀਜ਼ਲ, ਖਾਦਾਂ, ਸਪਰੇਆਂ ਅਤੇ ਹੋਰ ਖੇਤੀਬਾੜੀ ਨਾਲ ਜੁੜੀਆਂ ਸਾਰੀਆਂ ਲਾਗਤਾਂ ਲਗਾਤਾਰ ਵੱਧ ਰਹੀਆਂ ਹਨ, ਪਰ ਉਸ ਮੁਕਾਬਲੇ MSP ਵਿੱਚ ਵਾਧਾ ਨਾ ਕੇ ਬਰਾਬਰ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ MSP ਦੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰੇ ਅਤੇ ਘੱਟੋ-ਘੱਟ 700 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਜਾਵੇ। ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ MSP ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਇਸ ਮੰਗ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਮੁਤਾਬਕ ਝੋਨੇ ਦਾ ਭਾਅ ਲਗਭਗ 2900 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ, ਜਦਕਿ ਸਰਕਾਰ ਨੇ ਕੇਵਲ 72 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨੂੰ ਕਿਸਾਨ ਪੂਰੀ ਤਰ੍ਹਾਂ ਰੱਦ ਕਰਦੇ ਹਨ। ਇਸ ਦੌਰਾਨ ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਮੈਂਬਰਸ਼ਿਪ ਖਤਮ ਕਰਨ ਦੇ ਮਾਮਲੇ ‘ਤੇ ਵੀ ਰੋਸ ਜਤਾਇਆ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ‘ਤੇ ਸਿੱਧਾ ਹਮਲਾ ਹੈ ਅਤੇ ਇਸ ਫੈਸਲੇ ਨਾਲ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 15 ਮਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਗੁਰਦੁਆਰਾ ਅੰਬ ਸਾਹਿਬ ਤੋਂ ਪੈਦਲ ਮਾਰਚ ਕਰਦੇ ਹੋਏ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ ਅਤੇ BBMB ਵਿੱਚ ਪੰਜਾਬ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਮੰਗ ਕਰਨਗੇ।