ਪੰਜਾਬ ਛੇਹਰਟਾ ਪੁਲਿਸ ਦੀ ਲੁੱਟ-ਖੋਹ ਮਾਮਲੇ ’ਚ ਕਾਰਵਾਈ/ ਦੋ ਮੁਲਜ਼ਮਾਂ ਨੂੰ ਮੋਟਰ ਸਾਇਕਲ ਸਮੇਤ ਕੀਤਾ ਕਾਬੂ/ ਜਾਅਲੀ ਆਰਸੀ, ਤੇ ਨਕਲੀ ਨੰਬਰ ਪਲੇਟਾਂ ਬਰਾਮਦ By admin - May 15, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਛੇਹਰਟਾ ਥਾਣਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ, ਦੋ ਮੋਬਾਈਲ ਫੋਨ, ਨਕਲੀ ਨੰਬਰ ਪਲੇਟਾਂ ਅਤੇ ਜਾਲੀ ਆਰਸੀ ਬਰਾਮਦ ਕੀਤੀ ਹੈ। ਪੁਲਿਸ ਨੇ ਇਹ ਕਾਰਵਾਈ ਨਿਊ ਰਣਜੀਤਪੁਰਾ ਇਲਾਕੇ ਵਿਚ ਹੋਈ ਖੋਹ ਦੀ ਕੋਸ਼ਿਸ਼ ਮਾਮਲੇ ਵਿਚ ਕੀਤੀ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਨਿਊ ਰਣਜੀਤ ਪੁਰਾ ਵਾਸੀ ਅਭਿਲਾਸ਼ ਦੇਰ ਰਾਤ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸਦਾ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਅਭਿਲਾਸ਼ ਵੱਲੋਂ ਵਿਰੋਧ ਕਰਨ ‘ਤੇ ਉਸਦੀ ਮੁਲਜ਼ਮਾਂ ਨਾਲ ਝੜਪ ਹੋ ਗਈ, ਜਿਸ ਦੌਰਾਨ ਉਹ ਜ਼ਖ਼ਮੀ ਹੋ ਗਿਆ। ਰੌਲਾ ਪੈਣ ਅਤੇ ਮਾਹੌਲ ਵਿਗੜਦਾ ਦੇਖ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਏਐਸਆਈ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਕਰਤਾਰ ਨਗਰ ਵਾਸੀ ਅਰੁਣਜੀਤ ਸਿੰਘ ਅਤੇ ਜੋਸ਼ਵਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੋਟਰਸਾਈਕਲ ਨੰਬਰ PB02 FC 5423, ਦੋ ਮੋਬਾਈਲ ਫੋਨ, ਦੋ ਨਕਲੀ ਨੰਬਰ ਪਲੇਟਾਂ ਅਤੇ ਇੱਕ ਜਾਲੀ ਆਰਸੀ ਬਰਾਮਦ ਕੀਤੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਬਾਈਕ ‘ਤੇ ਜਾਲੀ ਨੰਬਰ ਪਲੇਟਾਂ ਲਗਾ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਤਾਂ ਜੋ ਪੁਲਿਸ ਦੀ ਪਕੜ ਤੋਂ ਬਚ ਸਕਣ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਦੋਵੇਂ ਮੁਲਜ਼ਮਾਂ ਨੇ ਹੁਣ ਤੱਕ ਤਿੰਨ ਲੁੱਟ ਦੀਆਂ ਵਾਰਦਾਤਾਂ ਕਰਨ ਦੀ ਗੱਲ ਕਬੂਲ ਕੀਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਹੋਰ ਅਪਰਾਧਿਕ ਘਟਨਾਵਾਂ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਤੋਂ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਹੁਣ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਅਤੇ ਬਾਕੀ ਵਾਰਦਾਤਾਂ ਦਾ ਵੀ ਖੁਲਾਸਾ ਕੀਤਾ ਜਾ ਸਕੇ।