ਤੇਲ ਕੀਮਤਾਂ ’ਚ ਵਾਧੇ ’ਤੇ ਸਿਆਸਤ ਗਰਮਾਈ/ ਕੁਲਦੀਪ ਧਾਲੀਵਾਲ ਨੇ ਵਾਧੇ ਨੂੰ ਕਿਸਾਨਾਂ ਲਈ ਦੱਸਿਆ ਘਾਤਕ

0
2

ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਬੁਲਾਰਾ ਕੁਲਦੀਪ ਸਿੰਘ ਧਾਲੀਵਾਲ ਨੇ ਤੇਲ ਕੀਮਤਾਂ ਵਿਚ ਵਾਧੇ ਨੂੰ ਲੈ ਕੇਂਦਰ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਅੰਮ੍ਰਿਤਸਰ ਵਿਖੇ ਕੀਤੀ ਗਈ ਪ੍ਰੈੱਸ  ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਤੇਲ ਤੇ ਗੈਸ ਕੀਮਤਾਂ ਵਿਚ ਵਾਧੇ ਨਾਲ ਪੰਜਾਬ ਦੇ ਕਿਸਾਨਾਂ ਅਤੇ ਆਮ ਜਨਤਾ ਉਤੇ ਮਾਰੂ ਅਸਰ ਪਵੇਗਾ। ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸਮਾਂ ਨੇੜੇ ਹੋਣ ਕਾਰਨ ਕਿਸਾਨ ਪਹਿਲਾਂ ਹੀ ਵੱਡੇ ਖਰਚਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਐਸੇ ਵੇਲੇ ਡੀਜ਼ਲ ‘ਤੇ 3 ਰੁਪਏ 11 ਪੈਸੇ ਪ੍ਰਤੀ ਲੀਟਰ ਵਾਧਾ ਕਰਨਾ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਤੋੜਨ ਵਾਲਾ ਕਦਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖੇਤ ਤਿਆਰ ਕਰਨ, ਪਾਣੀ ਲਗਾਉਣ ਅਤੇ ਟਰੈਕਟਰ ਚਲਾਉਣ ਲਈ ਸਭ ਤੋਂ ਵੱਧ ਡੀਜ਼ਲ ਵਰਤਦੇ ਹਨ, ਜਿਸ ਨਾਲ ਖੇਤੀ ਦੀ ਲਾਗਤ ਹੋਰ ਵਧ ਜਾਵੇਗੀ। ਆਪ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਝੋਨੇ ਦੀ ਐਮਐਸਪੀ ਵਿੱਚ ਸਿਰਫ਼ 72 ਪੈਸੇ ਪ੍ਰਤੀ ਕਿਲੋ ਵਾਧਾ ਕੀਤਾ ਗਿਆ ਹੈ, ਜਦਕਿ ਦੂਜੇ ਪਾਸੇ ਡੀਜ਼ਲ ਦੀ ਕੀਮਤ ਵਿੱਚ ਵੱਡਾ ਵਾਧਾ ਕਰ ਦਿੱਤਾ ਗਿਆ। ਧਾਲੀਵਾਲ ਨੇ ਕਿਹਾ ਕਿ ਇਸ ਨਾਲ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆਮ ਲੋਕ ਵੀ ਪ੍ਰਭਾਵਿਤ ਹੋਣਗੇ, ਕਿਉਂਕਿ ਟਰਾਂਸਪੋਰਟ ਮਹਿੰਗੀ ਹੋਣ ਨਾਲ ਸਬਜ਼ੀਆਂ, ਦਾਲਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੇ ਰੇਟ ਵੀ ਵਧਣਗੇ।
ਉਨ੍ਹਾਂ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ‘ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਪਹਿਲਾਂ ਭਾਰਤ ਨੂੰ ਰੂਸ ਤੋਂ ਸਸਤਾ ਤੇਲ ਮਿਲਦਾ ਸੀ, ਪਰ ਅਮਰੀਕਾ ਨਾਲ ਹੋਈਆਂ ਟਰੇਡ ਡੀਲਾਂ ਕਾਰਨ ਹੁਣ ਮਹਿੰਗਾ ਤੇਲ ਖਰੀਦਣਾ ਪੈ ਰਿਹਾ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇ 2014 ਤੋਂ ਬਾਅਦ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧੀਆਂ ਹਨ ਅਤੇ ਡਾਲਰ ਦੇ ਮੁਕਾਬਲੇ ਰੁਪਇਆ ਵੀ ਕਮਜ਼ੋਰ ਹੋਇਆ ਹੈ। ਉਨ੍ਹਾਂ ਅੱਗੇ ਬੋਲਦਿਆ ਕਿਹਾ ਕਿ ਸਰਕਾਰ ਵੱਡੇ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ, ਜਦਕਿ ਕਿਸਾਨ ਅਤੇ ਮਜ਼ਦੂਰ ਵਰਗ ਮਹਿੰਗਾਈ ਹੇਠ ਪਿਸ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਹਿੰਗਾਈ ਅਤੇ ਕੇਂਦਰ ਦੀਆਂ ਨੀਤੀਆਂ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਦੀ ਰਹੇਗੀ।

LEAVE A REPLY

Please enter your comment!
Please enter your name here