ਪੰਜਾਬ ਕੋਟਕਪੂਰਾ ’ਚ ਕਾਂਗਰਸ ਤੇ ਆਪ ਵਰਕਰਾਂ ਵਿਚਾਲੇ ਤਕਰਾਰ/ ਨਾਮਜ਼ਦਗੀ ਭਰਨ ਦੌਰਾਨ ਆਹਮੋ ਸਾਹਮਣੇ ਹੋਈਆਂ ਦੋਵੇ ਧਿਰਾਂ/ ਮੌਕੇ ਤੇ ਪਹੁੰਚੀ ਪੁਲਿਸ ਨੇ ਸ਼ਾਂਤ ਕਰਵਾਇਆ ਮਾਮਲਾ By admin - May 16, 2026 0 1 Facebook Twitter Pinterest WhatsApp ਫਰੀਦਕੋਟ ਅਧੀਨ ਆਉਂਦੇ ਕੋਟਕਪੂਰਾ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਕਾਰ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਵੇਂ ਧਿਰਾਂ ਨੂੰ ਸਮਝਾ-ਬੁਝਾ ਕੇ ਸ਼ਾਂਤ ਕਰਵਾਇਆ। ਕਾਂਗਰਸੀ ਵਰਕਰਾਂ ਦਾ ਇਲਜਾਮ ਸੀ ਕਿ ਉਨ੍ਹਾਂ ਦੇ ਉਮੀਦਵਾਰ ਦੇ ਨਾਮਜਦਗੀ ਪੱਤਰ ਖੋਹੇ ਗਏ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦੋਸ਼ ਨਕਰਦਿਆਂ ਜਾਣਬੁਝ ਕੇ ਵਿਵਾਦ ਖੜ੍ਹਾ ਕਰਨ ਅਤੇ ਬਿਨਾਂ ਲਾਈਨ ਤੋਂ ਪੱਤਰ ਦਾਖਲ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ ਲਾਏ ਹਨ। ਇਸੇ ਤਰ੍ਹਾਂ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਦੇ ਦੋਸ਼ ਨਕਾਰਦਿਆਂ ਸਾਰੀ ਕਾਰਵਾਈ ਬਿਨਾਂ ਪੱਖਪਾਤ ਤੋਂ ਹੋਣ ਦਾ ਦਾਅਵਾ ਕੀਤਾ ਹੈ। ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਖ਼ਿਲਾਫ ਰੋਸ ਪ੍ਰਗਟਾ ਰਹੇ ਕਾਂਗਰਸੀ ਵਰਕਰਾਂ ਨੇ ਪੁਲਿਸ ਪ੍ਰਸ਼ਾਸਨ ਉਤੇ ਵੀ ਪੱਖਪਾਤ ਦੇ ਇਲਜਾਮ ਲਾਏ। ਉਧਰ ਆਮ ਆਦਮੀ ਪਾਰਟੀ ਦੇ ਸਮਰਥਕ ਵੀ ਮੌਕੇ ‘ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਵਰਕਰ ਬਿਨਾਂ ਕਿਸੇ ਕਾਰਨ ਵਿਵਾਦ ਖੜ੍ਹਾ ਕਰ ਰਹੇ ਹਨ ਅਤੇ ਬਿਨਾਂ ਲਾਈਨ ਦੇ ਧੱਕੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮਾਮਲੇ ਸਬੰਧੀ ਕਾਂਗਰਸ ਉਮੀਦਵਾਰ ਮਹਿੰਦਰ ਕੌਰ ਦੇ ਪਤੀ ਰਣਜੀਤ ਸਿੰਘ ਵਡੇਰਾ ਨੇ ਦੱਸਿਆ ਕਿ ਜਦੋਂ ਉਹ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ ਤਾਂ ਪਹਿਲਾਂ ਤੋਂ ਮੌਜੂਦ ਕੁਝ ਨੌਜਵਾਨ ਉਨ੍ਹਾਂ ਦੇ ਕਾਗਜ਼ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪ੍ਰਸ਼ਾਸਨ ਵੱਲੋਂ ਯੋਗ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਜਾਣ-ਬੁੱਝ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ ਤੋਂ ਕਾਂਗਰਸ ਉਮੀਦਵਾਰ ਮਹਿੰਦਰ ਕੌਰ ਦੇ ਕਾਗਜ਼ ਕੁਝ ਅਣਪਛਾਤੇ ਨੌਜਵਾਨ ਖੋਹ ਕੇ ਫਰਾਰ ਹੋ ਗਏ। ਉਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਬਿਨਾਂ ਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਹਿਲਾਂ ਵੀ ਧੱਕੇਸ਼ਾਹੀ ਕਰਦੀ ਰਹੀ ਹੈ ਅਤੇ ਹੁਣ ਵੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।