ਪੰਜਾਬ ਅੰਮ੍ਰਿਤਸਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ 7 ਪਿਸਤੌਲ ਤੇ 2 ਕਿਲੋ ਹੈਰੋਇਨ ਸਮੇਤ ਇਕ ਕਾਬੂ/ ਪਾਕਿਸਤਾਨੀ ਸਮਗਲਰਾਂ ਨਾਲ ਜੁੜੇ ਤਾਰ By admin - May 18, 2026 0 1 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਵੱਡੇ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 7 ਵਿਦੇਸ਼ੀ ਪਿਸਤੌਲਾਂ ਅਤੇ 2 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਖੁਸ਼ ਕੁਮਾਰ ਉਰਫ਼ ਭੋਲੂ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਅੰਮ੍ਰਿਤਸਰ ਦੇ ਗੁਰੂ ਵਾਲੀ ਗੇਟ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਸਾਲ 2018 ਵਿੱਚ ਉਸਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੋਇਆ ਸੀ ਅਤੇ ਬਾਅਦ ਵਿੱਚ ਉਹ ਜ਼ਮਾਨਤ ‘ਤੇ ਬਾਹਰ ਆ ਗਿਆ ਸੀ। ਇਸ ਤੋਂ ਇਲਾਵਾ ਉਸ ‘ਤੇ ਸਨੈਚਿੰਗ ਅਤੇ ਆਰਮਜ਼ ਐਕਟ ਦੇ ਕੇਸ ਵੀ ਦਰਜ ਹਨ। ਸਾਲ 2020 ਵਿੱਚ ਖਰੜ, ਮੋਹਾਲੀ ਵਿੱਚ ਵੀ ਉਸ ਤੋਂ ਇੱਕ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਸਨ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਕਈ ਸਾਲਾਂ ਤੋਂ ਗੁਪਤ ਤਰੀਕੇ ਨਾਲ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਆਪਣੀ ਦੁਕਾਨ ਦੀ ਆੜ ਵਿੱਚ ਸਮਗਲਿੰਗ ਦਾ ਕੰਮ ਕਰਦਾ ਰਿਹਾ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰ ਕਾਫ਼ੀ ਖ਼ਤਰਨਾਕ ਅਤੇ ਆਧੁਨਿਕ ਹਨ। ਇਨ੍ਹਾਂ ਵਿੱਚ ਟਰਕੀ ਵਿੱਚ ਬਣੀ ਗਲੈਡੀਏਟਰ ਪਿਸਤੌਲ, ਇਟਾਲੀਅਨ ਬਰੇਟਾ, ਆਸਟਰੀਆ ਅਤੇ ਚੀਨ ਵਿੱਚ ਬਣੇ ਹਥਿਆਰ ਵੀ ਸ਼ਾਮਲ ਹਨ। ਪੁਲਿਸ ਅਨੁਸਾਰ ਇਹ ਸਾਰੇ ਹਥਿਆਰ ਗੈਂਗਸਟਰ ਨੈੱਟਵਰਕ ਲਈ ਮੰਗਵਾਏ ਗਏ ਸਨ। ਕਮਿਸ਼ਨਰ ਭੁੱਲਰ ਨੇ ਕਿਹਾ ਕਿ ਜੇ ਇਹ ਹਥਿਆਰ ਅੱਗੇ ਅਪਰਾਧਿਕ ਗਿਰੋਹਾਂ ਤੱਕ ਪਹੁੰਚ ਜਾਂਦੇ ਤਾਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਸਕਦੇ ਸਨ। ਇਸ ਪੂਰੇ ਆਪਰੇਸ਼ਨ ਨੂੰ ਸੀਆਈਏ ਸਟਾਫ਼ ਦੇ ਇੰਸਪੈਕਟਰ ਮਲਕੀਤ ਸਿੰਘ ਅਤੇ ਉਹਨਾਂ ਦੀ ਟੀਮ ਨੇ ਸਫਲਤਾਪੂਰਵਕ ਅੰਜਾਮ ਦਿੱਤਾ। ਇਸ ਦੌਰਾਨ ਏਸੀਪੀ ਇਨਵੈਸਟੀਗੇਸ਼ਨ ਹਰਪਿੰਦਰ ਸਿੰਘ, ਡੀਸੀ ਇਨਵੈਸਟੀਗੇਸ਼ਨ ਜਗਵਿੰਦਰ ਸਿੰਘ ਅਤੇ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਦੀ ਅਹਿਮ ਭੂਮਿਕਾ ਰਹੀ। ਪੁਲਿਸ ਕਮਿਸ਼ਨਰ ਨੇ ਪੂਰੀ ਟੀਮ ਨੂੰ ਇਸ ਵੱਡੀ ਕਾਮਯਾਬੀ ਲਈ ਵਧਾਈ ਦਿੱਤੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਬੋਬੀ ਮਰੋਤਰਾ ਨਾਲ ਸੰਪਰਕ ਵਿੱਚ ਸੀ। ਇਸ ਤੋਂ ਇਲਾਵਾ ਉਸਦੇ ਪਾਕਿਸਤਾਨ ਆਧਾਰਿਤ ਸਮਗਲਰਾਂ ਨਾਲ ਵੀ ਸਬੰਧ ਮਿਲੇ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਸਰਹੱਦ ਪਾਰ ਬੈਠੇ ਤਸਕਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਕਮਿਸ਼ਨਰ ਭੁੱਲਰ ਨੇ ਸੰਕੇਤ ਦਿੱਤੇ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਹੋਰ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਈ ਨੌਜਵਾਨ ਓਵਰਨਾਈਟ ਅਮੀਰ ਬਣਨ ਦੀ ਲਾਲਚ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਰਗੇ ਗੈਰਕਾਨੂੰਨੀ ਧੰਧਿਆਂ ਵੱਲ ਵੱਧ ਰਹੇ ਹਨ। ਇਹ ਚਿੰਤਾ ਦਾ ਵਿਸ਼ਾ ਹੈ ਕਿ ਇੱਕ 26 ਸਾਲਾ ਨੌਜਵਾਨ, ਜੋ ਆਮ ਕਾਰੋਬਾਰ ਕਰਦਾ ਸੀ, ਇਸ ਤਰ੍ਹਾਂ ਦੇ ਅਪਰਾਧਿਕ ਜਾਲ ਵਿੱਚ ਫਸ ਗਿਆ। ਪੁਲਿਸ ਕਮਿਸ਼ਨਰ ਨੇ ਮਾਪਿਆਂ ਅਤੇ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ‘ਤੇ ਨਿਗਰਾਨੀ ਰੱਖਣ, ਉਨ੍ਹਾਂ ਨਾਲ ਸੰਵਾਦ ਕਰਨ ਅਤੇ ਕੌਂਸਲਿੰਗ ਰਾਹੀਂ ਉਨ੍ਹਾਂ ਨੂੰ ਕੁਰਾਹੇ ਪੈਣ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।