ਪੰਜਾਬ ਸੁਨੀਲ ਜਾਖੜ ਨੇ ਵੱਖ ਵੱਖ ਮੁੱਦਿਆਂ ’ਤੇ ਘੇਰੀ ਸਰਕਾਰ/ ਵਿਰੋਧੀਆਂ ਦੇ ਪੱਤਰ ਰੱਦ ਕਰਨ ’ਤੇ ਚੁੱਕੇ ਸਵਾਲ/ ਸਾਜ਼ਸ਼ ਤਹਿਤ ਧੱਕਾ ਕਰਨ ਦੇ ਲਾਏ ਇਲਜ਼ਾਮ By admin - May 19, 2026 0 1 Facebook Twitter Pinterest WhatsApp ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਉਤੇ ਸ਼ਬਦੀ ਹਮਲਾ ਬੋਲਿਆ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਲਈ ਆਮ ਆਦਮੀ ਪਾਰਟੀ ਹਰ ਤਰੀਕੇ ਨੂੰ ਅਪਣਾ ਰਹੀ ਹੈ। ਪਿੰਡ ਸਤੋਜ ਵਿਚ ਬਿਜਲੀ ਦੀਆਂ ਤਾਰਾਂ ਅੰਡਰ ਗਰਾਊਂਡ ਕਰਨ ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਂ ਆਉਣ ਉਤੇ ਅਜਿਹੇ ਫੈਸਲਿਆਂ ਦਾ ਜਵਾਬ ਮੰਗਿਆ ਜਾਵੇਗਾ। ਜਾਖੜ ਨੇ ਕਿਹਾ ਕਿ ਕਈ ਵਾਰਡਾਂ ‘ਚ ਥੋਕ ਦੇ ਭਾਅ ਭਾਜਪਾ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਕੁੱਝ ਥਾਵਾਂ ‘ਤੇ ਹੋਰ ਕਿਸੇ ਪਾਰਟੀ ਦਾ ਉਮੀਦਵਾਰ ਹੀ ਮੌਜੂਦ ਨਹੀਂ ਸੀ, ਫਿਰ ਵੀ ਭਾਜਪਾ ਦੇ ਕਾਗਜ਼ ਰੱਦ ਕਰਕੇ ਚੋਣੀ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਗਿਆ। ਉਨ੍ਹਾਂ ਇਸ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਅਦਾਲਤ ‘ਚ ਚੁਣੌਤੀ ਦੇਵੇਗੀ। ਉਨ੍ਹਾਂ ਖ਼ਾਸ ਤੌਰ ‘ਤੇ ਧੂਰੀ ਅਤੇ ਬਰਨਾਲਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਭਾਜਪਾ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉੱਥੇ ਸਰਕਾਰ ਘਬਰਾਹਟ ‘ਚ ਨਜ਼ਰ ਆ ਰਹੀ ਹੈ। ਜਾਖੜ ਨੇ ਕਿਹਾ ਕਿ ਕੁੱਝ ਸਿਟਿੰਗ ਕੌਂਸਲਰ ਅਤੇ ਆਗੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ, ਜਿਸ ਕਾਰਨ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਮਾਨ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਹਾਈ ਟੈਂਸ਼ਨ ਬਿਜਲੀ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੀ ਯੋਜਨਾ ਸਿਰਫ਼ ਦਿਖਾਵਾ ਹੈ। ਜਾਖੜ ਨੇ ਦੋਸ਼ ਲਗਾਇਆ ਕਿ ਇਸ ਪ੍ਰਾਜੈਕਟ ‘ਤੇ ਬੇਹਿਸਾਬ ਖ਼ਰਚ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਆਰਥਿਕ ਹਾਲਤ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹਿਰਾਂ ‘ਚ ਕੇਂਦਰ ਸਰਕਾਰ ਦੀ ਮਦਦ ਨਾਲ ਬਿਜਲੀ ਪ੍ਰਾਜੈਕਟ ਚੱਲ ਰਹੇ ਹਨ, ਉੱਥੇ ਵੀ ਅਜੇ ਤੱਕ ਕਈ ਕੰਮ ਪੂਰੇ ਨਹੀਂ ਹੋਏ। ਇਸ ਦੇ ਬਾਵਜੂਦ ਸਰਕਾਰ ਪਿੰਡਾਂ ‘ਚ ਵੱਡੇ ਪੱਧਰ ‘ਤੇ ਅੰਡਰਗਰਾਊਂਡ ਤਾਰਾਂ ਦੀ ਯੋਜਨਾ ਲੈ ਕੇ ਆ ਰਹੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਇਸ ਯੋਜਨਾ ਦੀ ਲਾਗਤ ਅਤੇ ਟੈਂਡਰ ਪ੍ਰਕਿਰਿਆ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ‘ਚ ਕਈ ਵਿਕਾਸ ਕਾਰਜਾਂ ਅਤੇ ਜ਼ਮੀਨਾਂ ਦੀ ਕਨਵਰਸ਼ਨ ਦੇ ਮਾਮਲਿਆਂ ‘ਚ ਗੜਬੜੀਆਂ ਹੋਈਆਂ ਹਨ। ਜਾਖੜ ਨੇ ਕਿਹਾ ਕਿ ਮੋਹਾਲੀ ਅਤੇ ਚੰਡੀਗੜ੍ਹ ਇਲਾਕੇ ਨਾਲ ਜੁੜੇ ਕਈ ਮਾਮਲਿਆਂ ਦੀ ਜਾਂਚ ਦੀ ਲੋੜ ਹੈ ਅਤੇ ਭਾਜਪਾ ਇਹ ਮੁੱਦੇ ਜ਼ੋਰ-ਸ਼ੋਰ ਨਾਲ ਚੁੱਕੇਗੀ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਮਝ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ‘ਚ ਭਾਜਪਾ ਲੋਕਾਂ ‘ਚ ਜਾ ਕੇ ਵਿਸ਼ਵਾਸ ਜਿੱਤੇਗੀ ਅਤੇ ਲੋਕਤੰਤਰ ਨੂੰ ਬਚਾਉਣ ਲਈ ਹਰ ਮੰਚ ‘ਤੇ ਲੜਾਈ ਲੜੇਗੀ।