ਤਰਨ ਤਾਰਨ ’ਚ ਭਤੀਜੇ ਹੱਥੋਂ ਚਾਚੇ ਦਾ ਕਤਲ/ ਜ਼ਮੀਨ ਦੇ ਟੋਟੇ ਖਾਤਰ ਅੰਜ਼ਾਮ ਦਿੱਤੀ ਵਾਰਦਾਤ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

ਤਰਨ ਤਾਰਨ ਦੇ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਜੌੜਾ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਭਤੀਜੇ ਹੱਥੋਂ ਚਾਚੇ ਦਾ ਕਤਲ ਹੋਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ (50) ਪੁੱਤਰ ਮੱਸਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਚਚੇਰੇ ਭਰਾ ਦੇ ਮੁੰਡੇ ਸੁਰਜੀਤ ਸਿੰਘ ਨੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਬਲਬੀਰ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਰਿਵਾਰ ਆਪੋ-ਆਪਣੇ ਘਰਾਂ ਵਿੱਚ ਬਹਿਕਾਂ ’ਤੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ਸਾਂਝੀਆਂ ਹਨ। ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਦੁੱਧ ਪਾਉਣ ਲਈ ਘਰੋਂ ਗਿਆ ਹੋਇਆ ਸੀ, ਜਦਕਿ ਉਸ ਦੀ ਮਾਤਾ ਘਰ ਵਿੱਚ ਖਾਣਾ ਬਣਾ ਰਹੀ ਸੀ ਅਤੇ ਉਸ ਦੇ ਪਿਤਾ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਜਿਵੇਂ ਹੀ ਉਸ ਦੇ ਪਿਤਾ ਬਲਬੀਰ ਸਿੰਘ ਘਰ ਤੋਂ ਬਾਹਰ ਆਏ ਤਾਂ ਗੁਆਂਢ ਵਿੱਚ ਖੜ੍ਹੇ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਹਰਜੀਤ ਕੌਰ ਨੇ ਉਨ੍ਹਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ।
ਉਸ ਨੇ ਦੋਸ਼ ਲਗਾਇਆ ਕਿ ਝਗੜੇ ਦੌਰਾਨ ਸੁਰਜੀਤ ਸਿੰਘ ਨੇ ਉਸ ਦੇ ਪਿਤਾ ਦੇ ਸਿਰ ਵਿੱਚ ਡਾਂਗ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਕੇ ਬੇਹੋਸ਼ ਹੋ ਗਏ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਤਰਨ ਤਾਰਨ ਦੇ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੱਟ ਦੇ ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਉਸ ਦੇ ਪਿਤਾ ਦਾ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here