ਵਿਧਾਇਕ ਧਾਲੀਵਾਲ ਦੀ ਤੇਲ ਕੀਮਤਾਂ ਨੂੰ ਲੈ ਕੇ ਅਪੀਲ/ ਬੀਜੇਪੀ ਲਈ ਘਰਾਂ ਦੇ ਦਰਵਾਜ਼ੇ ਬੰਦ ਕਰਨ ਦੀ ਸਲਾਹ/ ਕਿਸਾਨਾਂ ਤੇ ਮੱਧ ਵਰਗ ਦੀ ਕਮਰ ਤੋੜਣ ਦੇ ਇਲਜ਼ਾਮ

0
1

 

ਆਮ ਆਦਮੀ ਪਾਰਟੀ ਦੇ ਬੁਲਾਰਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਧਦੀਆਂ ਤੇਲ ਕੀਮਤਾਂ ਨੂੰ ਲੈ ਕੇ ਭਾਜਪਾ ਨੂੰ ਨਿਸ਼ਾਨੇ ’ਤੇ  ਲਿਆ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਤੇਲ ਕੀਮਤਾਂ ਵਿਚ ਲਗਾਤਾਰ ਵਾਧਾ ਕਰ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਤੇ ਮੱਧ ਵਰਗ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਕਾਰਨ ਵਧ ਰਹੀ ਮਹਿੰਗਾਈ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਇਸ ਲਈ ਪੰਜਾਬ ਵਾਸੀਆਂ ਨੂੰ ਨਿਗਮ ਚੋਣਾਂ ’ਚ ਭਾਜਪਾ ਨੂੰ ਸਬਕ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਭਾਜਪਾ ਲਈ ਆਪਣੇ ਘਰਾਂ ਦੇ ਦਰਵਾਜੇ ਬੰਦ ਕਰਨ ਦੀ ਸਲਾਹ ਦਿੱਤੀ ਹੈ।
ਧਾਲੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਇੰਧਨ ਦੀਆਂ ਕੀਮਤਾਂ ਹੋਰ ਵਧਣਗੀਆਂ ਅਤੇ ਹੁਣ ਇਹ ਗੱਲ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰਕ ਨੀਤੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੇ ਫ਼ੈਸਲਿਆਂ ਦਾ ਖ਼ਮਿਆਜ਼ਾ ਦੇਸ਼ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਐਮਐਸਪੀ ਵਿੱਚ ਨਿਗੁਣਾ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਗਿਆ ਹੈ, ਜਿਸ ਨਾਲ ਖੇਤੀਬਾੜੀ ਦੀ ਲਾਗਤ ਹੋਰ ਵਧੇਗੀ।
ਉਨ੍ਹਾਂ ਕਿਹਾ ਕਿ ਮਹਿੰਗੇ ਤੇਲ ਦਾ ਸਿੱਧਾ ਅਸਰ ਸਬਜ਼ੀਆਂ, ਰੋਜ਼ਾਨਾ ਵਰਤੋਂ ਦੀਆਂ ਵਸਤਾਂ ਅਤੇ ਆਵਾਜਾਈ ਦੇ ਖ਼ਰਚਿਆਂ ‘ਤੇ ਪਵੇਗਾ, ਜਿਸ ਨਾਲ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਜੀਵਨ ਹੋਰ ਮੁਸ਼ਕਲ ਹੋ ਜਾਵੇਗਾ। ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਧਾਲੀਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਵੋਟ ਨਾ ਪਾਉਣ ਅਤੇ ਵਧਦੀ ਮਹਿੰਗਾਈ ਦੇ ਖ਼ਿਲਾਫ਼ ਵੋਟ ਰਾਹੀਂ ਜਵਾਬ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਮਹਿੰਗੇ ਪੈਟਰੋਲ ਅਤੇ ਡੀਜ਼ਲ ਨੂੰ ਸਮਰਥਨ ਦੇਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਭਾਜਪਾ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਚੋਣਾਂ ਵਿੱਚ ਇਸਦਾ ਜਵਾਬ ਦੇਣਗੇ।
ਇੱਕ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਜਦੋਂ ਭਾਜਪਾ ਆਗੂ ਵੈਟ ਘਟਾਉਣ ਦੀ ਗੱਲ ਕਰਦੇ ਹਨ ਤਾਂ ਉਹ ਇਹ ਨਹੀਂ ਦੱਸਦੇ ਕਿ ਕੇਂਦਰ ਸਰਕਾਰ ਨੇ ਇੰਧਨ ਉੱਤੇ ਕਿੰਨਾ ਵੱਡਾ ਟੈਕਸ ਲਗਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤੇਲ ਕੰਪਨੀਆਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ‘ਤੇ ਵਾਧੂ ਬੋਝ ਪੈ ਰਿਹਾ ਹੈ। ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਮਾਮਲੇ ਅਤੇ ਮਜੀਠਾ ਵਿੱਚ ਏਐਸਆਈ ਦੇ ਕਤਲ ਬਾਰੇ ਪੁੱਛੇ ਗਏ ਸਵਾਲ ‘ਤੇ ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਸਮਰੱਥ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਉਨ੍ਹਾਂ ਨੇ ਪੰਜਾਬ ਵਿੱਚ ਗਵਰਨਰ ਰਾਜ ਲਗਾਉਣ ਦੀ ਮੰਗ ਨੂੰ ਵੀ ਰੱਦ ਕਰਦਿਆਂ ਕਿਹਾ ਕਿ ਸਰਕਾਰ ਹਰ ਤਰ੍ਹਾਂ ਦੇ ਅਪਰਾਧ ਅਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ। ਸ਼ਹਿਰੀ ਵਿਕਾਸ, ਪਾਣੀ ਦੀ ਕਮੀ ਅਤੇ ਬਿਜਲੀ ਸਪਲਾਈ ਸਬੰਧੀ ਸਵਾਲਾਂ ‘ਤੇ ਧਾਲੀਵਾਲ ਨੇ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਸਮੱਸਿਆ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਿਜਲੀ ਦੀ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ ਅਤੇ ਲੋਕਾਂ ਨੂੰ ਸਸਤੀ ਅਤੇ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ।

LEAVE A REPLY

Please enter your comment!
Please enter your name here