ਭਾਜਪਾ ਆਗੂ ਤਰੁਣ ਚੁੱਘ ਦਾ ਪੰਜਾਬ ਸਰਕਾਰ ’ਤੇ ਹਮਲਾ/ ਅਦਾਲਤ ’ਚ ਦਾਖਲ ਰਿਪੋਰਟ ’ਤੇ ਚੁੱਕੇ ਸਵਾਲ/ ਪੈਨਸ਼ਨਰਾਂ ਦਾ ਗਲਾ ਘੁੱਟਣ ਦੇ ਲਾਏ ਇਲਜ਼ਾਮ

0
1

ਭਾਜਪਾ ਆਗੂ ਤਰੁੱਣ ਚੁੱਘ ਨੇ ਹਾਈ ਕੋਰਟ ਵਿਚ ਦਾਖਲ ਕੀਤੀ ਗਈ ਰਿਪੋਰਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜਮਾਂ ਤੇ ਕਰਮਚਾਰੀਆਂ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਕੋਸ਼ਿਸ਼ ਵਿਚ ਹੈ, ਜਿਸ ਨੂੰ ਭਾਰਤੀ ਜਨਤਾ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਤੇ ਮੁਲਾਜਮਾਂ ਦੇ ਹੱਕ ਨਾ ਦਿੱਤੇ ਤਾਂ ਭਾਜਪਾ ਪੰਜਾਬ ਭਰ ਅੰਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ ਅਤੇ ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਹੱਕ ਸਰਕਾਰ ਤੋਂ ਦਿਵਾ ਕੇ ਦੰਮ ਲਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਰਿਪੋਰਟ ਤੋਂ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਆਪਣੀ ਜ਼ਿੰਮੇਵਾਰੀ ਨਹੀਂ, ਸਗੋਂ ਬੋਝ ਸਮਝਦੀ ਹੈ। ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਵਿੱਤੀ ਸੰਕਟ ਦਾ ਹਵਾਲਾ ਦੇ ਕੇ ਮਹਿੰਗਾਈ ਭੱਤਾ (ਡੀਏ) ਰੋਕਣ ਦਾ ਰਾਹ ਲੱਭ ਰਹੀ ਹੈ। ਇਸ ਕਾਰਨ ਸੂਬੇ ਭਰ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ ਅਤੇ ਉਹ ਸੜਕਾਂ ‘ਤੇ ਉਤਰਣ ਲਈ ਮਜਬੂਰ ਹੋਏ ਹਨ।
ਡੀਏ ਕੋਈ ਸਰਕਾਰੀ ਮੇਹਰਬਾਨੀ ਨਹੀਂ, ਸਗੋਂ ਕਰਮਚਾਰੀਆਂ ਦਾ ਜਾਇਜ਼ ਅਤੇ ਕਾਨੂੰਨੀ ਹੱਕ ਹੈ। ਹਾਈਕੋਰਟ ਵੀ ਪਹਿਲਾਂ ਸਪੱਸ਼ਟ ਕਰ ਚੁੱਕੀ ਹੈ ਕਿ ਵਿੱਤੀ ਮੁਸ਼ਕਲਾਂ ਨੂੰ ਕਰਮਚਾਰੀਆਂ ਦੇ ਹੱਕਾਂ ਤੋਂ ਵੰਚਿਤ ਕਰਨ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਇਸ ਦੇ ਬਾਵਜੂਦ ਮਾਨ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਹੱਕ ਦੇਣ ਤੋਂ ਕਤਰਾਅ ਰਹੀ ਹੈ, ਜਿਸ ਨਾਲ ਉਸਦੇ ਚੋਣੀ ਵਾਅਦਿਆਂ ਦੀ ਅਸਲੀਅਤ ਸਾਹਮਣੇ ਆ ਗਈ ਹੈ। ਭਾਰਤੀ ਜਨਤਾ ਪਾਰਟੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਹੱਕਾਂ ‘ਤੇ ਕਿਸੇ ਵੀ ਤਰ੍ਹਾਂ ਦੀ ਚੋਟ ਜਾਂ ਅਨਿਆਇ ਦਾ ਹਰ ਪੱਧਰ ‘ਤੇ ਵਿਰੋਧ ਕਰਦੀ ਰਹੇਗੀ।

LEAVE A REPLY

Please enter your comment!
Please enter your name here