ਬਿਕਰਮ ਮਜੀਠੀਆ ਦੇ ਘਰ ਪੁਲਿਸ ਕਾਰਵਾਈ ’ਤੇ ਉੱਠੇ ਸਵਾਲ/ ਮਜੀਠੀਆ ਦੇ ਵਕੀਲ ਸਿਆਲਕਾ ਨੇ ਜ਼ਾਹਰ ਕੀਤੀ ਨਰਾਜਗੀ/ ਹਾਈ ਕੋਰਟ ਤੋਂ ਮਾਮਲੇ ’ਚ ਦਖਲ ਦੀ ਕੀਤੀ ਮੰਗ

0
1

ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ ਪੁਲਿਸ ਕਾਰਵਾਈ ਦਾ ਮੁੱਦਾ ਗਰਮਾ ਗਿਆ ਗਿਆ। ਮਜੀਠੀਆ ਦੇ ਵਕੀਲ ਤੇ ਐਸਜੀਪੀਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਉਹ ਪੁਲਿਸ ਕਾਰਵਾਈ ਦੌਰਾਨ ਮੌਕੇ ਤੇ ਪਹੁੰਚੇ ਸਨ ਪਰ ਪੁਲਿਸ ਨੇ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ, ਕਾਨੂੰਨੀ ਨੁਮਾਇੰਦਿਆਂ ਜਾਂ ਕਿਸੇ ਅਧਿਕਾਰਤ ਵਿਅਕਤੀ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸੇ ਤਰ੍ਹਾਂ ਦੀ ਤਲਾਸ਼ੀ ਜਾਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਸੀ ਤਾਂ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਸੀ ਅਤੇ ਸਬੰਧਤ ਧਿਰ ਨੂੰ ਇਸ ਬਾਰੇ ਜਾਣੂ ਕਰਵਾਇਆ ਜਾਣਾ ਲਾਜ਼ਮੀ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਐਫਆਈਆਰ ਨੰਬਰ 91 ਦਰਜ ਹੋਣ ਦੀ ਗੱਲ ਤਾਂ ਕਹੀ ਹੈ, ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਕਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਕਾਰਨ ਪੂਰੇ ਘਟਨਾਕ੍ਰਮ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਸਿਆਲਕਾ ਨੇ ਕਿਹਾ ਕਿ ਕਾਨੂੰਨ ਦੇ ਰਾਜ ਵਿੱਚ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ ਅਤੇ ਜਾਂਚ ਏਜੰਸੀਆਂ ਨੂੰ ਸਾਰੇ ਤੱਥ ਸਪੱਸ਼ਟ ਕਰਨੇ ਚਾਹੀਦੇ ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਬਿਕਰਮ ਮਜੀਠੀਆ ਦੀ ਗੈਰ-ਮੌਜੂਦਗੀ ਵਿੱਚ ਉਨ੍ਹਾਂ ਦੇ ਘਰ ਵਿੱਚ ਪੁਲਿਸ ਦਾ ਦਾਖਲ ਹੋਣਾ ਕਈ ਕਾਨੂੰਨੀ ਅਤੇ ਸੰਵਿਧਾਨਕ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ ਦੇ ਅਧਿਕਾਰਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਵੀ ਪੂਰਾ ਸਤਿਕਾਰ ਹੋਣਾ ਚਾਹੀਦਾ ਹੈ।
ਸਿਆਲਕਾ ਨੇ ਇਹ ਵੀ ਕਿਹਾ ਕਿ ਪੂਰੇ ਮਾਮਲੇ ਨੂੰ ਦੇਖਦੇ ਹੋਏ ਹਾਈਕੋਰਟ ਨੂੰ ਸੁਓ ਮੋਟੋ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਘਟਨਾਕ੍ਰਮ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਜਲਦ ਤੋਂ ਜਲਦ ਐਫਆਈਆਰ ਦੀਆਂ ਧਾਰਾਵਾਂ ਅਤੇ ਕਾਰਵਾਈ ਨਾਲ ਸਬੰਧਤ ਪੂਰੀ ਜਾਣਕਾਰੀ ਜਨਤਕ ਕਰੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਭਰਮ ਵਾਲੀ ਸਥਿਤੀ ਨਾ ਬਣੇ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਵਿਸਥਾਰਤ ਅਧਿਕਾਰਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ, ਜਦਕਿ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਇਸ ਘਟਨਾਕ੍ਰਮ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।

LEAVE A REPLY

Please enter your comment!
Please enter your name here