ਪਟਿਆਲਾ ਦੀਆਂ ਸੜਕਾਂ ਦੀ ਹੋਵੇਗੀ ਕਾਇਆਕਲਪ/ 2.5 ਕਰੋੜ ਨਾਲ ਫੋਰਲੇਨ ਸੜਕਾਂ ਦਾ ਨਿਰਮਾਣ/ ਵਿਧਾਇਕ ਅਜੀਤਪਾਲ ਕੋਹਲੀ ਨੇ ਕੀਤਾ ਉਦਘਾਟਨ

0
2

ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੀਆਂ ਸੜਕਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ। ਇਸੇ ਤਹਿਤ ਸ਼ਹਿਰ ਦੇ ਸਰ ਭੁਪਿੰਦਰ ਰੋਡ ਤੇ ਸਿਵਲ ਲਾਈਨ ਥਾਣਾ ਚੌਂਕ ਤਕ ਸੜਕ ਨੂੰ ਢਾਈ ਕਰੋੜ ਦੀ ਲਾਗਤ ਨਾਲ ਫੋਰਲੇਨ ਕੀਤਾ ਜਾ ਰਿਹਾ ਹੈ। ਇਸ ਸੜਕ ਦੇ ਬਣਨ ਨਾਲ ਇਲਾਕੇ ਵਿਚ ਟਰੈਫਿਕ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰ ਨਹੀਂ ਨੁਹਾਰ ਦੇਣ ਲਈ 40 ਕਰੋੜ ਖਰਚੇ ਜਾਣਗੇ।
ਵਿਧਾਇਕ ਕੋਹਲੀ ਨੇ ਕਿਹਾ ਕਿ ਸੜਕ ਨਿਰਮਾਣ ਦਾ ਥੋੜ੍ਹਾ ਜਿਹਾ ਕੰਮ ਬਾਕੀ ਹੈ, ਜਿਸ ਨੂੰ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸ਼ਹਿਰ ਵਾਸੀਆਂ ਦੀਆਂ ਮੰਗਾਂ ਅਨੁਸਾਰ ਸਮੇਂ-ਸਮੇਂ ’ਤੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਰਾਹੀਂ ਕਰੀਬ 40 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕੰਮ ਕਰਵਾਇਆ ਜਾ ਰਿਹਾ ਹੈ। ਸਿਵਲ ਲਾਈਨ ਚੌਂਕ ਤੋਂ 22 ਨੰਬਰ ਫਾਟਕ ਤੱਕ ਬਣ ਰਹੀ ਇਹ ਸੜਕ ਵੀ ਇਸੇ ਪ੍ਰੋਜੈਕਟ ਦਾ ਹਿੱਸਾ ਹੈ। ਇਸ ਤੋਂ ਬਾਅਦ 22 ਨੰਬਰ ਫਾਟਕ ਤੋਂ ਲੀਲਾ ਚੌਂਕ ਤੱਕ ਸੜਕ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਸ਼ਹਿਰ ਵਿੱਚ ਕੂੜੇ ਦੇ ਵੱਡੇ ਡੰਪ ਦੇ ਮੁੱਦੇ ’ਤੇ ਵਿਧਾਇਕ ਨੇ ਕਿਹਾ ਕਿ ਇਸ ਦੇ ਨਿਪਟਾਰੇ ਲਈ ਪ੍ਰੋਜੈਕਟ ਪਹਿਲਾਂ ਹੀ ਮਨਜ਼ੂਰ ਹੋ ਚੁੱਕਾ ਹੈ ਅਤੇ ਇਸ ਸਬੰਧੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਚੱਲੀ ਆ ਰਹੀ ਇਸ ਸਮੱਸਿਆ ਦਾ ਹੱਲ ਵੀ ਜਲਦੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਐਲਈਡੀ ਲਾਈਟਾਂ ਲਗਾਉਣ ਅਤੇ ਹੋਰ ਵਿਕਾਸ ਕਾਰਜਾਂ ’ਤੇ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਜ਼ਿਆਦਾਤਰ ਵਾਅਦੇ ਚਾਰ ਸਾਲਾਂ ਦੇ ਅੰਦਰ ਪੂਰੇ ਕੀਤੇ ਗਏ ਹਨ। ਉਨ੍ਹਾਂ ਇਸ ਲਈ ਮੁੱਖ ਮੰਤਰੀ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ  ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਪਾਰਟੀ ਨੂੰ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।
ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਵਿਧਾਇਕ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਭੀੜ ਘਟਾਉਣ ਲਈ ਨਵੀਆਂ ਪਾਰਕਿੰਗ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੂੜਾ ਪ੍ਰਬੰਧਨ, ਸੜਕਾਂ ਦੇ ਸੁੰਦਰੀਕਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਕਈ ਨਵੇਂ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਹੋਰ ਵੀ ਵਿਕਸਤ ਅਤੇ ਆਧੁਨਿਕ ਸ਼ਹਿਰ ਵਜੋਂ ਉਭਰੇਗਾ।

LEAVE A REPLY

Please enter your comment!
Please enter your name here