ਪੰਜਾਬ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੂੰ ਉਡਾਉਣ ਦੀ ਧਮਕੀ/ ਸੁਰੱਖਿਆ ਏਜੰਸੀਆਂ ਹੋਈਆਂ ਅਲਰਟ/ ਮੰਦਰ ਪਰਿਸਰ ਅੰਦਰ ਤੇ ਬਾਹਰ ਸੁਰੱਖਿਆ ਵਧਾਈ By admin - June 4, 2026 0 1 Facebook Twitter Pinterest WhatsApp ਅੰਮ੍ਰਿਤਸਰ ਸਥਿਤ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਕਥਿਤ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਮੰਦਰ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਹਰ ਸ਼ਰਧਾਲੂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇੱਕ ਕਥਿਤ ਧਮਕੀ ਭਰੇ ਪੱਤਰ ਵਿੱਚ ਦੁਰਗਿਆਣਾ ਮੰਦਰ ਸਮੇਤ ਪੰਜਾਬ ਅਤੇ ਹੋਰ ਰਾਜਾਂ ਦੇ ਕੁਝ ਪ੍ਰਮੁੱਖ ਹਿੰਦੂ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਪੱਤਰ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ 6 ਜੂਨ 1984 ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਹਾਦਤ ਦਾ ਬਦਲਾ ਲੈਣ ਦੇ ਨਾਂ ’ਤੇ ਕੁਝ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਜਾਣਕਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਮੰਦਰ ਪਰਿਸਰ ਵਿੱਚ ਆਉਣ-ਜਾਣ ਵਾਲੇ ਸਾਰੇ ਲੋਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਮੁਲਾਜ਼ਮ, ਖੁਫੀਆ ਏਜੰਸੀਆਂ ਦੇ ਅਧਿਕਾਰੀ ਅਤੇ ਸੁਰੱਖਿਆ ਬਲ ਲਗਾਤਾਰ ਹਾਲਾਤਾਂ ’ਤੇ ਨਜ਼ਰ ਬਣਾਈ ਹੋਏ ਹਨ। ਮੰਦਰ ਦੇ ਆਲੇ-ਦੁਆਲੇ ਵੀ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਦੁਰਗਿਆਣਾ ਮੰਦਰ ਅਤੇ ਵੱਡਾ ਹਨੂਮਾਨ ਮੰਦਰ ਕਮੇਟੀ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਦਰ ਪ੍ਰਬੰਧਕਾਂ ਨੂੰ ਸਿੱਧੇ ਤੌਰ ’ਤੇ ਕੋਈ ਧਮਕੀ ਭਰਿਆ ਈਮੇਲ, ਫੋਨ ਕਾਲ ਜਾਂ ਪੱਤਰ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਅਤੇ ਪ੍ਰਸ਼ਾਸਨਿਕ ਸਰੋਤਾਂ ਰਾਹੀਂ ਮਿਲੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸਮਾਜ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਪਹਿਲਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ, ਪਰ ਹਰ ਵਾਰ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਸੁਰੱਖਿਆ ਪ੍ਰਬੰਧ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਣਕਾਰੀਆਂ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ, ਇਸ ਲਈ ਮੰਦਰ ਕਮੇਟੀ ਵੀ ਪੂਰੀ ਤਰ੍ਹਾਂ ਸਾਵਧਾਨ ਹੈ ਅਤੇ ਸੁਰੱਖਿਆ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਮੰਦਰ ਦੇ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਬੰਧਕੀ ਮੈਂਬਰਾਂ ਦੀ ਮੀਟਿੰਗ ਕਰਕੇ ਸੁਰੱਖਿਆ ਨਾਲ ਜੁੜੇ ਸਾਰੇ ਪੱਖਾਂ ਦੀ ਸਮੀਖਿਆ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੁਰੱਖਿਆ ਬਲਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਮੰਦਰ ਕਮੇਟੀ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।