ਤਰਨ ਤਾਰਨ ’ਚ ਨਸ਼ਿਆਂ ਦੇ ਖਾਤਮੇ ਸਬੰਧੀ ਮੀਟਿੰਗ/ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕੀਤੀ ਅਗਵਾਈ/ ਯੁੱਧ ਨਸ਼ਿਆਂ ਵਿਰੁੱਧ ਫੇਜ਼-2 ਤਹਿਤ ਵਿਚਾਰ ਚਰਚਾ

0
1

 

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੇ ਫੇਜ਼-2 ਦੇ ਤਹਿਤ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਅੱਜ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਦੇ ਕਨਵੀਨਰ, ਪ੍ਰਧਾਨ ਅਤੇ ਮੈਂਬਰ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਦ੍ਰਿੜ੍ਹ ਸੰਕਲਪ ਹੈ, ਇਸ ਲਈ ਅੱਜ ਦੀ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਕਿਤਾਬਾਂ ਤੇ ਖੇਡਾਂ ਨਾਲ ਜੁੜਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਨਸ਼ਾ ਮੁਕਤੀ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ।ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

LEAVE A REPLY

Please enter your comment!
Please enter your name here