ਪੰਜਾਬ ਬਰਨਾਲਾ ਪੁਲਿਸ ਦਾ ਧਰਨਾਕਾਰੀ ਮੁਲਾਜ਼ਮਾਂ ’ਤੇ ਐਕਸ਼ਨ/ ਹਿਰਾਸਤ ’ਚ ਲਏ ਸੇਵਾ ਕੇਂਦਰ ਦੇ ਮੁਲਾਜ਼ਮ/ ਮੁਲਾਜ਼ਮਾਂ ਨੇ ਧੱਕੇਸ਼ਾਹੀ ਦੇ ਲਾਏ ਇਲਜ਼ਾਮ By admin - June 9, 2026 0 2 Facebook Twitter Pinterest WhatsApp ਬਰਨਾਲਾ ਵਿੱਚ ਪਿਛਲੇ 14 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਸੇਵਾ ਕੇਂਦਰ ਮੁਲਾਜ਼ਮਾਂ ‘ਤੇ ਅੱਜ ਸਵੇਰੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਹੈ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਪੁਲਿਸ ਨੇ ਬਿਨਾਂ ਕਿਸੇ ਨੋਟਿਸ ਅਤੇ ਕਾਰਨ ਦੇ ਧਰਨਾ ਚੁਕਵਾ ਦਿੱਤਾ ਅਤੇ ਕਈ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ। ਖਾਸ ਗੱਲ ਇਹ ਹੈ ਕਿ ਅੱਜ ਹੀ ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਵੀ ਨਿਰਧਾਰਤ ਸੀ। ਘਟਨਾ ਤੋਂ ਬਾਅਦ ਮੁਲਾਜਮਾਂ ਵਿਚ ਗੁੱਸਾ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਨੇੜੇ ਸੇਵਾ ਕੇਂਦਰ ਦੇ ਮੁਲਾਜ਼ਮ ਪਿਛਲੇ ਦੋ ਹਫ਼ਤਿਆਂ ਤੋਂ ਤਨਖ਼ਾਹ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਧਰਨੇ ‘ਤੇ ਬੈਠੇ ਹੋਏ ਸਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਸੀ ਅਤੇ ਉਹ ਸਰਕਾਰ ਨਾਲ ਗੱਲਬਾਤ ਰਾਹੀਂ ਹੱਲ ਦੀ ਉਡੀਕ ਕਰ ਰਹੇ ਸਨ। ਮੁਲਾਜ਼ਮਾਂ ਮੁਤਾਬਕ ਅੱਜ ਸਵੇਰੇ ਅਚਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਧਰਨਾ ਸਥਾਨ ਨੂੰ ਖਾਲੀ ਕਰਵਾ ਦਿੱਤਾ। ਇਸ ਦੌਰਾਨ ਕਰੀਬ 15 ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ, ਜਿਨ੍ਹਾਂ ਵਿੱਚ ਮਹਿਲਾ ਕਰਮਚਾਰੀ ਵੀ ਸ਼ਾਮਲ ਸਨ। ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਆਪਣਾ ਪੱਖ ਰੱਖਣ ਦਾ ਮੌਕਾ ਮਿਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਮਹਿਲਾ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਵੀ ਕੀਤੀ ਗਈ। ਮੁਲਾਜ਼ਮਾਂ ਨੇ ਕਿਹਾ ਕਿ ਅੱਜ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਹੋਣੀ ਸੀ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਸੀ ਕਿ ਮੀਟਿੰਗ ਦੇ ਨਤੀਜੇ ਤੱਕ ਧਰਨੇ ਬਾਰੇ ਕੋਈ ਫ਼ੈਸਲਾ ਨਾ ਲਿਆ ਜਾਵੇ। ਪਰ ਇਸ ਦੇ ਬਾਵਜੂਦ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ। ਮੁਲਾਜ਼ਮਾਂ ਨੇ ਇਹ ਵੀ ਮੰਗ ਕੀਤੀ ਕਿ ਨਵੇਂ ਕਰਮਚਾਰੀਆਂ ਦੀ ਭਰਤੀ ਕਰਨ ਤੋਂ ਪਹਿਲਾਂ ਪੁਰਾਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਨੇ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਨੂੰ ਆਪਣੇ ਸੰਘਰਸ਼ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ। ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਪੁਲਿਸ ਕਾਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਜਾ ਰਿਹਾ ਹੈ, ਜਦਕਿ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।