ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਇਲਾਕੇ ’ਚ ਫਾਇਰਿੰਗ/ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਨੇ ਲਿਆ ਖੂਨੀ ਰੂਪ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

 

ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਇਲਾਕੇ ਅੰਦਰ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ।  ਇੱਥੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਇੱਕ ਧਿਰ ਵੱਲੋਂ ਕਥਿਤ ਤੌਰ ’ਤੇ ਹਥਿਆਰਬੰਦ ਨੌਜਵਾਨਾਂ ਨੂੰ ਇਕੱਠਾ ਕਰਕੇ ਫਾਇਰਿੰਗ ਕਰ ਦਿੱਤੀ ਗਈ। ਪੀੜਤ ਪਰਿਵਾਰ ਦੇ ਦੱਸਣ ਮੁਤਾਬਕ 20 ਤੋਂ 25 ਰਾਊਂਡ ਫਾਇਰ ਹੋਏ ਹਨ, ਜਿਸ ਨਾਲ ਕਈ ਮੈਂਬਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਪਰਿਵਾਰ ਦੇ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪ੍ਰਿੰਸ ਦੁੱਧ ਲੈਣ ਗਿਆ ਸੀ, ਜਿੱਥੇ ਕੁਝ ਨੌਜਵਾਨਾਂ ਨਾਲ ਮੋਬਾਈਲ ਫੋਨ ਨੂੰ ਲੈ ਕੇ ਤਕਰਾਰ ਹੋ ਗਈ। ਇਸ ਮਾਮਲੇ ਦੀ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ ਗਈ ਸੀ, ਪਰ ਉਸ ਤੋਂ ਬਾਅਦ ਉਕਤ ਨੌਜਵਾਨ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੰਦੇ ਰਹੇ ਅਤੇ ਕੰਮ ’ਤੇ ਜਾਂਦੇ ਸਮੇਂ ਵੀ ਤੰਗ-ਪਰੇਸ਼ਾਨ ਕਰਦੇ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿੱਚ ਹਮਲਾਵਰ ਦਰਜਨਾਂ ਸਾਥੀਆਂ ਨਾਲ ਹਥਿਆਰ ਲੈ ਕੇ ਉਨ੍ਹਾਂ ਦੇ ਘਰ ਪਹੁੰਚੇ ਅਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।
ਗੁਰਪ੍ਰੀਤ ਸਿੰਘ ਅਨੁਸਾਰ ਹਮਲਾਵਰਾਂ ਨੇ ਘਰ ਵਿੱਚ ਦਾਖਲ ਹੋ ਕੇ ਤੋੜ-ਫੋੜ ਵੀ ਕੀਤੀ। ਉਨ੍ਹਾਂ ਦਾ ਦਾਅਵਾ ਹੈ ਕਿ ਕਰੀਬ 20 ਤੋਂ 25 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੀਸੀਟੀਵੀ ਫੁਟੇਜ ਵੀ ਮੌਜੂਦ ਹੈ ਅਤੇ ਹਮਲੇ ਤੋਂ ਪਹਿਲਾਂ ਫੋਨ ’ਤੇ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਪਰਿਵਾਰ ਦੇ ਹੋਰ ਮੈਂਬਰਾਂ ਨੇ ਦੱਸਿਆ ਕਿ ਝਗੜਾ ਕੁਝ ਪੈਸਿਆਂ ਦੇ ਲੈਣ-ਦੇਣ ਤੋਂ ਸ਼ੁਰੂ ਹੋਇਆ ਸੀ, ਪਰ ਬਾਅਦ ਵਿੱਚ ਇਹ ਵਿਵਾਦ ਵੱਡੇ ਟਕਰਾਅ ਵਿੱਚ ਤਬਦੀਲ ਹੋ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਹਮਲਾਵਰਾਂ ਨੇ ਪੈਟਰੋਲ ਪੰਪ ’ਤੇ ਕੰਮ ਕਰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਵੀ ਘੇਰ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸ ਸਬੰਧੀ ਪਹਿਲਾਂ ਵੀ ਪੁਲਿਸ ਨੂੰ ਦਰਖ਼ਾਸਤ ਦਿੱਤੀ ਗਈ ਸੀ। ਇਸ ਮਾਮਲੇ ਸਬੰਧੀ ਥਾਣਾ ਛੇਹਰਟਾ ਦੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪ੍ਰਿੰਸ ਨਾਮਕ ਨੌਜਵਾਨ ਅਤੇ ਕੁਝ ਹੋਰ ਵਿਅਕਤੀਆਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ ਅਤੇ ਬਾਅਦ ਵਿੱਚ ਕੁਝ ਵਿਅਕਤੀਆਂ ਨੇ ਇਕੱਠੇ ਹੋ ਕੇ ਫਾਇਰਿੰਗ ਕੀਤੀ।
ਪੁਲਿਸ ਅਨੁਸਾਰ ਘਟਨਾ ਵਿੱਚ ਤਿੰਨ ਤੋਂ ਚਾਰ ਵਿਅਕਤੀ ਜ਼ਖ਼ਮੀ ਹੋਏ ਹਨ। ਮੌਕੇ ਤੋਂ ਸਬੂਤ ਇਕੱਠੇ ਕਰ ਲਏ ਗਏ ਹਨ ਅਤੇ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਫਾਇਰਿੰਗ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਦੀ ਨਿਗਰਾਨੀ ਵੀ ਵਧਾ ਦਿੱਤੀ ਗਈ ਹੈ।

LEAVE A REPLY

Please enter your comment!
Please enter your name here