ਮੌੜ ਮੰਡੀ ਬੰਬ ਧਮਾਕਾ ਮਾਮਲੇ ’ਚ ਅਦਾਲਤ ਦੀ ਸਖ਼ਤੀ/ 18 ਗਵਾਹਾਂ ਨੂੰ ਸੰਮਣ ਜਾਰੀ/ ਪੀੜਤ ਪਰਿਵਾਰਾਂ ’ਚ ਇਨਸਾਫ਼ ਦੀ ਆਸ ਜਾਗੀ

0
1

31 ਜਨਵਰੀ 2017 ਨੂੰ ਮੌੜ ਮੰਡੀ ਵਿੱਚ ਹੋਏ ਦਰਦਨਾਕ ਬੰਬ ਧਮਾਕੇ ਦੇ ਮਾਮਲੇ ਵਿੱਚ ਤਲਵੰਡੀ ਸਾਬੋ ਅਦਾਲਤ ਨੇ ਅਹਿਮ ਕਦਮ ਚੁੱਕਦਿਆਂ 18 ਗਵਾਹਾਂ ਨੂੰ ਸੰਮਣ ਜਾਰੀ ਕੀਤੇ ਹਨ। ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਨੀਰਜ ਗੋਇਲ ਵੱਲੋਂ ਮਾਮਲੇ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਸੁਣਵਾਈ ਲਈ ਰੱਖਿਆ ਗਿਆ ਹੈ ਅਤੇ ਸੰਬੰਧਿਤ ਗਵਾਹਾਂ ਨੂੰ 9 ਜੁਲਾਈ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਭਿਆਨਕ ਧਮਾਕੇ ਵਿੱਚ ਪੰਜ ਮਾਸੂਮ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 25 ਤੋਂ ਵੱਧ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਲੰਬੇ ਸਮੇਂ ਤੋਂ ਲਟਕ ਰਹੇ ਇਸ ਮਾਮਲੇ ਵਿੱਚ ਅਦਾਲਤ ਦੀ ਸਰਗਰਮੀ ਤੋਂ ਬਾਅਦ ਪੀੜਤ ਪਰਿਵਾਰਾਂ ਵਿੱਚ ਇੱਕ ਵਾਰ ਫਿਰ ਇਨਸਾਫ਼ ਦੀ ਉਮੀਦ ਜਾਗੀ ਹੈ।
ਧਮਾਕੇ ਵਿੱਚ ਜਾਨ ਗੁਆਉਣ ਵਾਲੇ ਜਪਸਿਮਰਨ ਸਿੰਘ ਦੇ ਦਾਦਾ ਬਲਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੋਤਾ ਨੌਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਦੌਰਾਨ ਉਹ ਇਨਸਾਫ਼ ਲਈ ਕਈ ਸਿਆਸੀ ਆਗੂਆਂ ਅਤੇ ਅਧਿਕਾਰੀਆਂ ਨੂੰ ਮਿਲੇ, ਪਰ ਉਨ੍ਹਾਂ ਨੂੰ ਅਜੇ ਤੱਕ ਕੋਈ ਠੋਸ ਨਤੀਜਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਅਦਾਲਤ ਵੱਲੋਂ ਸੰਮਣ ਜਾਰੀ ਕੀਤੇ ਗਏ ਹਨ, ਪਰ ਅਜੇ ਵੀ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਿਹਾ ਹੈ।
ਧਮਾਕੇ ਵਿੱਚ ਮਾਰੇ ਗਏ ਰਿਪਨਦੀਪ ਸਿੰਘ ਦੇ ਪਿਤਾ ਨਛੱਤਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਤ ਤੋਂ ਅੱਠ ਸਾਲਾਂ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਹੁਣ ਉਨ੍ਹਾਂ ਨੂੰ ਉਮੀਦ ਬਣੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਿਨਾਉਣੀ ਵਾਰਦਾਤ ਦੇ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ ਅਤੇ ਹੁਣ ਅਦਾਲਤ ਦੀ ਤਾਜ਼ਾ ਕਾਰਵਾਈ ਨਾਲ ਉਨ੍ਹਾਂ ਵਿੱਚ ਨਵੀਂ ਆਸ ਜਾਗੀ ਹੈ ਕਿ ਮੌੜ ਮੰਡੀ ਬੰਬ ਧਮਾਕੇ ਦੇ ਪੀੜਤਾਂ ਨੂੰ ਇਨਸਾਫ਼ ਮਿਲ ਸਕੇਗਾ।

LEAVE A REPLY

Please enter your comment!
Please enter your name here