ਕੀਰਤਪੁਰ ਸਾਹਿਬ ਨੇੜੇ ਮਿੱਟੀ ਦੇ ਡੰਪ ਦਾ ਮਾਮਲਾ / ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ/ ਹਾਈਵੇਅ ਜਾਮ ਕਰਨ ਦੀ ਦਿੱਤੀ ਚਿਤਾਵਨੀ

0
1

ਸ਼੍ਰੀ ਕੀਰਤਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਮੱਸੇਵਾਲ ਨੇੜੇ ਮਿੱਟੀ ਦੇ ਲੱਗੇ ਡੰਪਾਂ ਦਾ ਮੁੱਦਾ ਗਰਮਾ ਗਿਆ ਹੈ। ਪਿੰਡ ਵਾਸੀਆਂ ਵੱਲੋਂ ਡੰਪ ਹਟਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਰਿਹਾ ਹੈ।  ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਡੰਪਾਂ ਤੋਂ ਉੱਡਣ ਵਾਲੀ ਧੂੜ ਅਤੇ ਪ੍ਰਦੂਸ਼ਣ ਕਾਰਨ ਲੋਕਾਂ ਦੀ ਸਿਹਤ ਨੂੰ ਗੰਭੀਰ ਖਤਰਾ ਪੈਦਾ ਹੋ ਰਿਹਾ ਹੈ ਪਰ ਪ੍ਰਸ਼ਾਸਨ ਇਸ ਪਾਸੇ ਧਿਆਨ ਨਹੀਂ ਦੇ ਰਿਹਾ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ 20 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ 20 ਜੂਨ ਤਕ ਡੰਪ ਨਾ ਹਟਾਏ ਗਏ ਤਾਂ ਹਾਈਵੇ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ
ਪਿੰਡ ਮੱਸੇਵਾਲ ਵਾਸੀਆਂ ਦਾ ਇਲਜ਼ਾਮ ਹੈ ਕਿ ਲਾਲ ਮਿੱਟੀ ਦੇ ਡੰਪਾਂ ਤੋਂ ਨਿਕਲਣ ਵਾਲੀ ਧੂੜ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਪ੍ਰਦੂਸ਼ਣ ਕਾਰਨ ਪਿੰਡ ਵਿੱਚ ਸਾਹ, ਚਮੜੀ ਅਤੇ ਹੋਰ ਗੰਭੀਰ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਵੀ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ ਅਤੇ ਪ੍ਰਸ਼ਾਸਨ ਨੂੰ ਕਈ ਵਾਰ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਕਰਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 20 ਜੂਨ ਤੱਕ ਇਹ ਡੰਪ ਨਹੀਂ ਚੁੱਕੇ ਗਏ ਤਾਂ ਉਹ ਚੰਡੀਗੜ੍ਹ-ਕੁੱਲੂ-ਮਨਾਲੀ ਮੁੱਖ ਮਾਰਗ ਨੂੰ ਜਾਮ ਕਰਕੇ ਵੱਡਾ ਧਰਨਾ ਅਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਫਿਲਹਾਲ ਪਿੰਡ ਮੱਸੇਵਾਲ ਦੇ ਲੋਕ ਪ੍ਰਸ਼ਾਸਨ ਦੀ ਕਾਰਵਾਈ ਦੀ ਉਡੀਕ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ 20 ਜੂਨ ਤੋਂ ਪਹਿਲਾਂ ਇਸ ਮਸਲੇ ਦਾ ਕੋਈ ਹੱਲ ਕੱਢਦਾ ਹੈ ਜਾਂ ਫਿਰ ਪਿੰਡ ਵਾਸੀ ਆਪਣੀ ਚੇਤਾਵਨੀ ਮੁਤਾਬਕ ਸੜਕਾਂ ‘ਤੇ ਉਤਰਦੇ ਹਨ।

LEAVE A REPLY

Please enter your comment!
Please enter your name here