ਪੰਜਾਬ ਅੰਮ੍ਰਿਤਸਰ ‘ਚ ਅਕਾਲੀ ਦਲ ਵਾਰਿਸ ਪੰਜਾਬ ਦਾ ਪ੍ਰਦਰਸ਼ਨ/ ਮੁੱਖ ਮੰਤਰੀ ਖ਼ਿਲਾਫ਼ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ/ ਅਸਤੀਫਾ ਦੇ ਕੇ ਅਕਾਲ ਤਖਤ ’ਤੇ ਪੇਸ਼ ਹੋਣ ਦੀ ਮੰਗ By admin - June 17, 2026 0 1 Facebook Twitter Pinterest WhatsApp ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਅੱਜ ਅੰਮ੍ਰਿਤਸਰ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਮਾਨ ਖ਼ਿਲਾਫ਼ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ। ਪਾਰਟੀ ਆਗੂਆਂ ਨੇ ਕਿਹਾ ਕਿ ਵਾਇਰਲ ਵੀਡੀਓ ਕਾਰਨ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਇਸ ਲਈ ਇਸ ਮਾਮਲੇ ਵਿਚ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਪਾਰਟੀ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਭਿਆਂਵਡ ਨੇ ਦਾਅਵਾ ਕੀਤਾ ਕਿ ਵੀਡੀਓ ਮਾਮਲੇ ਨੂੰ ਲੈ ਕੇ ਕੀਤੀ ਗਈ ਜਾਂਚ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਰਿਪੋਰਟਾਂ ਨਾਲ ਅਸਹਿਮਤੀ ਸੀ ਤਾਂ ਉਨ੍ਹਾਂ ਨੂੰ ਅਦਾਲਤ ਵਿੱਚ ਚੁਣੌਤੀ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਵੀ ਉਸੇ ਕਟਹਿਰੇ ਵਿੱਚ ਖੜ੍ਹਾ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਾਲਿਆਂ ਨੂੰ ਲੋਕ ਕਦੇ ਮਾਫ਼ ਨਹੀਂ ਕਰਨਗੇ। ਪ੍ਰਦਰਸ਼ਨ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ ਅਤੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ।