ਮੌੜ ਮੰਡੀ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਣਾਅ/ ਕਬਜ਼ਾ ਛੁਡਾਉਣ ਆਏ ਪ੍ਰਸ਼ਾਸਨ ਦਾ ਵਿਰੋਧ/ ਕਿਸਾਨ ਜਥੇਬੰਦੀ ਦੀ ਮਦਦ ਨਾਲ ਨਾਅਰੇਬਾਜ਼ੀ

0
1

 

ਮੌੜ ਮੰਡੀ ਅਧੀਨ ਪੈਂਦੇ ਪਿੰਡ ਰਾਮਨਗਰ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਇੱਕ ਵਿਵਾਦਿਤ ਜ਼ਮੀਨ ਦਾ ਕਬਜ਼ਾ ਦਿਵਾਉਣ ਲਈ ਮੌਕੇ ‘ਤੇ ਪਹੁੰਚੇ। ਤਹਿਸੀਲਦਾਰ ਮੌੜ ਸੁਨੀਲ ਕੁਮਾਰ ਦੀ ਅਗਵਾਈ ਹੇਠ ਪਹੁੰਚੇ ਪ੍ਰਸ਼ਾਸਨ ਦਾ ਦੂਜੀ ਧਿਰ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਤਰ ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੱਤਾ। ਵਿਰੋਧ ਕਰਨ ਵਾਲੀ ਧਿਰ ਦਾ ਕਹਿਣਾ ਸੀ ਕਿ ਸਿਆਸੀ ਦਬਾਅ ਹੇਠ ਉਨ੍ਹਾਂ ਦੀ 16 ਸਾਲ ਪਹਿਲਾਂ ਖਰੀਦੀ ਜ਼ਮੀਨ ਤੇ ਕਬਜ਼ਾ ਕੀਤਾ ਜਾ ਰਿਹਾ ਹੈ।
ਵਿਰੋਧ ਕਰ ਰਹੀ ਕਰਮਜੀਤ ਕੌਰ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਸਿਆਸੀ ਦਬਾਅ ਹੇਠ ਉਨ੍ਹਾਂ ਦੀ 16 ਸਾਲ ਪੁਰਾਣੀ ਖਰੀਦੀ ਹੋਈ ਜ਼ਮੀਨ ਨੂੰ ਜਬਰਨ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਨਾ ਤਾਂ ਕਿਸੇ ਕਾਰਵਾਈ ਦੀ ਪਹਿਲਾਂ ਕੋਈ ਸੂਚਨਾ ਦਿੱਤੀ ਗਈ ਅਤੇ ਨਾ ਹੀ ਕੋਈ ਨੋਟਿਸ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਜ਼ਮੀਨ ਨਾਲ ਸਬੰਧਤ ਸਾਰੇ ਦਸਤਾਵੇਜ਼ ਅਤੇ ਕਬਜ਼ਾ ਉਨ੍ਹਾਂ ਕੋਲ ਮੌਜੂਦ ਹਨ, ਫਿਰ ਵੀ ਉਨ੍ਹਾਂ ਨਾਲ ਅਨਿਆਇ ਕੀਤਾ ਜਾ ਰਿਹਾ ਹੈ।
ਮੌਕੇ ‘ਤੇ ਸਥਿਤੀ ਉਸ ਸਮੇਂ ਹੋਰ ਗਰਮਾ ਗਈ ਜਦੋਂ ਮਹਿਲਾਵਾਂ ਅਤੇ ਬਜ਼ੁਰਗ ਪੁਲਿਸ ਵਾਹਨਾਂ ਅੱਗੇ ਖੜ੍ਹ ਗਏ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਕੁਝ ਮਹਿਲਾਵਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਤਾਂ ਉਹ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ। ਹਾਲਾਤ ਵਿਗੜਦੇ ਦੇਖ ਪੁਲਿਸ ਨੇ ਦਖ਼ਲ ਦਿੰਦਿਆਂ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਪੁਲਿਸ ਵਾਹਨਾਂ ਅਤੇ ਬੱਸਾਂ ਵਿੱਚ ਬਿਠਾ ਕੇ ਮੌਕੇ ਤੋਂ ਹਟਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਮੌੜ ਸੁਨੀਲ ਕੁਮਾਰ ਨੇ ਦੱਸਿਆ ਕਿ ਇਹ ਮਾਮਲਾ ਜ਼ਮੀਨ ਦੀ ਤਕਸੀਮ ਨਾਲ ਸਬੰਧਤ ਹੈ, ਜਿਸ ਸਬੰਧੀ ਫਾਇਨੈਂਸ਼ੀਅਲ ਕਮਿਸ਼ਨਰ ਰੈਵੇਨਿਊ  ਵੱਲੋਂ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਕਈ ਵਾਰ ਦੂਜੀ ਧਿਰ ਨੂੰ ਆਪਣੀ ਅਪੀਲ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ, ਪਰ ਨਿਰਧਾਰਿਤ ਸਮਾਂ ਲੰਘ ਜਾਣ ਤੋਂ ਬਾਅਦ ਅਦਾਲਤੀ ਹੁਕਮਾਂ ਅਨੁਸਾਰ ਕਬਜ਼ਾ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ ਅਤੇ ਲੋਕ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।

LEAVE A REPLY

Please enter your comment!
Please enter your name here