ਸੰਗਰੂਰ ’ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ/ ਦਿੜ੍ਹਬਾ ਦੇ ਪਿੰਡ ਖੋਖਰ ਦੇ ਕਈ ਆਗੂ ਆਪ ’ਚ ਸ਼ਾਮਲ/ ਮੰਤਰੀ ਹਰਪਾਲ ਚੀਮਾ ਨੇ ਪਾਰਟੀ ’ਚ ਕੀਤਾ ਸਵਾਗਤ

0
1

 

ਸੰਗਰੂਰ ਦੇ ਹਲਕਾ ਦਿੜ੍ਹਬਾ ਅੰਦਰ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਹਲਕੇ ਦੇ ਪਿੰਡ ਖੋਖਰ ਨਾਲ ਸਬੰਧਤ ਵੱਡੀ ਗਿਣਤੀ ਆਗੂਆਂ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਦਾ ਪੱਲਾ ਫੜ ਲਿਆ ਹੈ। ਆਪ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਾਮਲ ਹਨ। ਇਨ੍ਹਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਈ ਆਗੂਆਂ ਅਤੇ ਵਰਕਰਾਂ ਨੇ ਵੀ ਪਾਰਟੀ ਛੱਡ ਕੇ ‘ਆਪ’ ਦਾ ਦਾਮਨ ਫੜਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਰਾਮ ਸਿੰਘ ਨੇ ਕਿਹਾ ਕਿ ਦਿੜਬਾ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਨਾਲ ਜੁੜ ਕੇ ਹੀ ਆਪਣੇ ਪਿੰਡ ਅਤੇ ਇਲਾਕੇ ਦਾ ਵਿਕਾਸ ਹੋਰ ਬਿਹਤਰ ਢੰਗ ਨਾਲ ਕਰਵਾਇਆ ਜਾ ਸਕਦਾ ਹੈ। ਹੋਰ ਸ਼ਾਮਲ ਹੋਏ ਆਗੂਆਂ ਨੇ ਵੀ ਸਰਕਾਰ ਦੇ ਕੰਮਾਂ ਨੂੰ ਆਪਣੀ ਸ਼ਮੂਲੀਅਤ ਦਾ ਮੁੱਖ ਕਾਰਨ ਦੱਸਿਆ।
ਖਜਾਨਾ ਮੰਤਰੀ ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਕਾਰਨ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਚੀਮਾ ਨੇ ਇਹ ਵੀ ਦਾਅਵਾ ਕੀਤਾ ਕਿ 1 ਜੁਲਾਈ ਤੋਂ “ਮਾਵਾਂ ਭੈਣਾਂ ਸਤਿਕਾਰਯੋਗ ਯੋਜਨਾ” ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ, ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਬੇਅਦਬੀ ਕਾਨੂੰਨ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਤਲਬੀ ਸਬੰਧੀ ਪੁੱਛੇ ਸਵਾਲ ‘ਤੇ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਾਲੇ ਪਾਰਟੀ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ।

LEAVE A REPLY

Please enter your comment!
Please enter your name here