ਪੰਜਾਬ ਮੋਗਾ ਦੇ ਵਾਰਡਾਂ ’ਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ/ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ ਸ਼ਿਰਕਤ/ ਵਾਰਡ ਵਾਸੀਆਂ ਨੂੰ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ By admin - June 19, 2026 0 1 Facebook Twitter Pinterest WhatsApp ਮੋਗਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪੰਜਾਬ ਸਰਕਾਰ ਵੱਲੋਂ ਲੋਕ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕਾਂ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਮੋਗਾ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੇ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ, ਇਸ ਲਈ ਉਹ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਦਾ ਧੰਨਵਾਦ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਸਮਝਣਾ ਹੈ। ਉਨ੍ਹਾਂ ਨੇ ਮਾਵਾਂ, ਭੈਣਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਉਹ ਅਤੇ ਪਾਰਟੀ ਦੇ ਨੁਮਾਇੰਦੇ ਲੋਕ ਸੇਵਾ ਕਰਨ ਦੇ ਯੋਗ ਬਣੇ ਹਨ।ਵਿਧਾਇਕਾ ਨੇ ਦੱਸਿਆ ਕਿ ਮੋਗਾ ਦੇ ਬੇਦੀ ਨਗਰ, ਵਾਰਡ ਨੰਬਰ 8 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਕਾਰਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਲਗਭਗ ਸਾਢੇ ਤਿੰਨ ਲੱਖ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਜਲਦ ਹੀ ਇਹ ਕੰਮ ਮੁਕੰਮਲ ਕਰਕੇ ਇਲਾਕਾ ਵਾਸੀਆਂ ਨੂੰ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਨਗਰ ਅਤੇ ਹੋਰ ਇਲਾਕਿਆਂ ਵਿੱਚ ਸੜਕਾਂ ਅਤੇ ਸੀਵਰੇਜ ਨਾਲ ਸੰਬੰਧਿਤ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਕਾਰਪੋਰੇਸ਼ਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਕਈ ਵਿਕਾਸ ਕਾਰਜਾਂ ਦੇ ਟੈਂਡਰ ਜਾਰੀ ਹੋ ਚੁੱਕੇ ਹਨ, ਜਦਕਿ ਕੁਝ ਕੰਮਾਂ ‘ਤੇ ਜਲਦ ਸ਼ੁਰੂਆਤ ਕੀਤੀ ਜਾਵੇਗੀ।ਡਾ. ਅਰੋੜਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀਆਂ ਸੜਕਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।ਉਨ੍ਹਾਂ ਨੇ ਮੋਗਾ ਵਾਸੀਆਂ ਦਾ ਦੁਬਾਰਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਮੇਅਰ ਵਿਨੇਪਾਲ ਕੌਰ ਨੇ ਦੱਸਿਆ ਕਿ ਵਾਰਡ ਦੀ ਸਭ ਤੋਂ ਵੱਡੀ ਸਮੱਸਿਆ ਘਰਾਂ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਤਾਰਾਂ ਦੀ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਅਤੇ ਤਾਰਾਂ ਨੂੰ ਜਲਦ ਹਟਾਉਣ ਦਾ ਭਰੋਸਾ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਬੱਚਿਆਂ ਲਈ ਬਣਨ ਵਾਲਾ ਖੇਡ ਮੈਦਾਨ ਵੀ ਲੰਬੇ ਸਮੇਂ ਤੋਂ ਪੈਂਡਿੰਗ ਸੀ, ਜਿਸ ਸਬੰਧੀ ਵੀ ਵਿਧਾਇਕਾ ਨੇ ਸਕਾਰਾਤਮਕ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਵਾਰਡ ਦੀਆਂ ਹੋਰ ਵਿਕਾਸ ਸੰਬੰਧੀ ਮੰਗਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ।ਮੇਅਰ ਵਿਨੇਪਾਲ ਕੌਰ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੇਅਰ ਵਜੋਂ ਮਿਲੀ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਮੇਅਰ ਨੇ ਕਿਹਾ ਕਿ ਸ਼ਹਿਰ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਕੌਂਸਲਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਮੋਗਾ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।