ਮੋਗਾ ਨਗਰ ਨਿਗਮ ਦੀ ਨਸ਼ਾ ਤਸਕਰਾਂ ’ਤੇ ਐਕਸ਼ਨ/ ਗੈਰ-ਕਾਨੂੰਨੀ ਉਸਾਰੀਆਂ ’ਤੇ ਚੱਲਿਆ ਬੁਲਡੋਜ਼ਰ/ ਭਾਰੀ ਪੁਲਿਸ ਤਾਇਨਾਤੀ ਹੇਠ ਨੇਪਰੇ ਚੜ੍ਹੀ ਕਾਰਵਾਈ

0
1

ਮੋਗਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਸ਼੍ਰੀ ਗੁਰੂ ਰਾਮਦਾਸ ਨਗਰ ਇਲਾਕੇ ਵਿੱਚ ਕਥਿਤ ਤੌਰ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਕੀਤੇ ਗਏ ਨਿਰਮਾਣਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਨਗਰ ਨਿਗਮ ਦੀ ਟੀਮ ਨੇ ਪੁਲਿਸ ਦੀ ਭਾਰੀ ਸੁਰੱਖਿਆ ਹੇਠ ਕਥਿਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸੰਬੰਧਿਤ ਮਕਾਨਾਂ ਅਤੇ ਉਸਾਰੀਆਂ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਸਬੰਧਤ ਵਿਅਕਤੀਆਂ ਖਿਲਾਫ 30 ਦੇ ਕਰੀਬ ਮਾਮਲੇ ਦਰਜ ਹਨ।
ਕਾਰਵਾਈ ਦੌਰਾਨ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਨਗਰ ਨਿਗਮ ਵੱਲੋਂ ਪਹਿਲਾਂ ਹੀ ਪੁਲਿਸ ਸਹਾਇਤਾ ਦੀ ਮੰਗ ਕੀਤੀ ਗਈ ਸੀ, ਜਿਸ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ। ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦੋ ਡੀਐਸਪੀ, ਚਾਰ ਐਸਐਚਓ ਅਤੇ ਕਰੀਬ 150 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੂਰੇ ਇਲਾਕੇ ਦੀ ਨਿਗਰਾਨੀ ਕੀਤੀ ਗਈ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਿਆ ਗਿਆ।ਐਸਪੀਡੀ ਨੇ ਦੱਸਿਆ ਕਿ ਜਿਸ ਮਕਾਨ ਅਤੇ ਹੋਰ ਉਸਾਰੀਆਂ ਉੱਤੇ ਕਾਰਵਾਈ ਕੀਤੀ ਗਈ ਹੈ, ਉਹ ਵਰਿੰਦਰ ਅਤੇ ਸਿਕੰਦਰ ਨਾਮਕ ਦੋ ਭਰਾਵਾਂ ਨਾਲ ਸੰਬੰਧਿਤ ਹਨ। ਪੁਲਿਸ ਰਿਕਾਰਡ ਅਨੁਸਾਰ ਦੋਵੇਂ ਭਰਾਵਾਂ ਖ਼ਿਲਾਫ਼ ਕਰੀਬ 30 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਐਨਡੀਪੀਐਸ ਐਕਟ, ਐਕਸਾਈਜ਼ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਿਕੰਦਰ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ, ਜਦਕਿ ਵਰਿੰਦਰ ਇੱਕ ਕਤਲ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਫਰਾਰ ਚੱਲ ਰਿਹਾ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਅਤੇ ਹੋਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਨਗਰ ਨਿਗਮ ਦੇ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਬੰਧਿਤ ਮਕਾਨਾਂ ਅਤੇ ਉਸਾਰੀਆਂ ਸਬੰਧੀ ਨਿਯਮਾਂ ਅਨੁਸਾਰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ। ਮਕਾਨ ਮਾਲਕਾਂ ਨੂੰ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਤਾਂ ਜੋ ਉਹ ਉਸਾਰੀ ਦੀ ਪ੍ਰਵਾਨਗੀ, ਪਾਸ ਕਰਵਾਏ ਗਏ ਨਕਸ਼ੇ ਜਾਂ ਹੋਰ ਲੋੜੀਂਦੇ ਦਸਤਾਵੇਜ਼ ਪੇਸ਼ ਕਰ ਸਕਣ।ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਦੌਰਾਨ ਨਾ ਤਾਂ ਕੋਈ ਮਨਜ਼ੂਰੀ ਪੱਤਰ ਪੇਸ਼ ਕੀਤਾ ਗਿਆ ਅਤੇ ਨਾ ਹੀ ਕੋਈ ਪ੍ਰਵਾਨਿਤ ਨਕਸ਼ਾ ਨਗਰ ਨਿਗਮ ਅੱਗੇ ਰੱਖਿਆ ਗਿਆ। ਇਸ ਤੋਂ ਇਲਾਵਾ ਅਦਾਲਤ ਜਾਂ ਕਿਸੇ ਹੋਰ ਅਥਾਰਟੀ ਵੱਲੋਂ ਜਾਰੀ ਕੋਈ ਰਾਹਤ ਆਦੇਸ਼ ਵੀ ਪੇਸ਼ ਨਹੀਂ ਕੀਤਾ ਗਿਆ। ਇਸ ਕਾਰਨ ਨਗਰ ਨਿਗਮ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ।
ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਗਲੀ ਵਿੱਚ ਕੀਤੀ ਗਈ ਕਥਿਤ ਨਾਜਾਇਜ਼ ਕਬਜ਼ੇਦਾਰੀ ਸਬੰਧੀ ਵੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਜਾਂਚ ਦੌਰਾਨ ਹੋਰ ਉਲੰਘਣਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।ਨਗਰ ਨਿਗਮ ਅਤੇ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਗੈਰ-ਕਾਨੂੰਨੀ ਨਿਰਮਾਣਾਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here