ਫਤਹਿਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ/ ਅਕਾਲੀ ਦਲ ਵੱਲੋਂ ਬਣਾਈ ਗਈ ਹੈ ਪੰਜ ਮੈਂਬਰੀ ਕਮੇਟੀ/ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਬਾਰੇ ਵਿਚਾਰ-ਚਰਚਾ

0
1

ਸ੍ਰੀ ਅਕਾਲ ਤਖਤ ਸਾਹਿਬ ਦੇ ਵੀਡੀਓ ਮਾਮਲੇ ’ਚ ਆਦੇਸ਼ ਤੋਂ ਬਾਅਦ ਅਕਾਲੀ ਦਲ ਬਾਦਲ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਹੋਈ।  ਮੀਟਿੰਗ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਹੁਕਮਨਾਮੇ ਅਤੇ ਉਸ ਨਾਲ ਸਬੰਧਤ ਮਸਲਿਆਂ ’ਤੇ ਵਿਸਥਾਰਪੂਰਨ ਵਿਚਾਰ ਵਟਾਂਦਰਾ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਸਿੱਖ ਸੰਗਤ ਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸਿੱਖ ਮਰਿਆਦਾ ਅਨੁਸਾਰ ਚੱਲਣ ਦੀ ਅਪੀਲ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਕਮੇਟੀ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਮਾਨ ਦੀ ਵੀਡੀਓ ਸਬੰਧੀ ਸਿੱਖ ਸੰਗਤ ਦੇ ਨਾਮ ਜਾਰੀ ਕੀਤੇ ਗਏ ਹੁਕਮਨਾਮੇ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਲਈ ਕਮੇਟੀ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਹਰ ਵਿਅਕਤੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਸਨਮਾਨ ਲਈ ਇਕਜੁੱਟ ਹੋਣਾ ਚਾਹੀਦਾ ਹੈ।
ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਇੱਥੇ ਕਿਸੇ ਰਾਜਨੀਤਿਕ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਵਜੋਂ ਨਹੀਂ ਆਏ, ਸਗੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਮੰਨਣ ਵਾਲੇ ਸਿੱਖਾਂ ਵਜੋਂ ਸੰਗਤਾਂ ਨੂੰ ਅਪੀਲ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਅਸੀ ਸੰਗਤਾਂ ਨੂੰ ਬੇਨਤੀ ਕਰਨ ਆਏ ਹਾਂ ਕਿ ਸਾਰੇ ਮਿਲ ਕੇ ਉਸ ਹੰਕਾਰੀ ਮੁੱਖ ਮੰਤਰੀ ਦਾ ਵਿਰੋਧ ਕਰਨ ਜਿਸ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਾਨੂੰ ਆਪਣੇ ਗੁਰੂ ਦੀ ਮਰਿਆਦਾ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਕਾਇਮ ਰੱਖਣ ਲਈ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ।

LEAVE A REPLY

Please enter your comment!
Please enter your name here