ਪੰਜਾਬ ਮੋਗਾ ਦੇ ਪਿੰਡ ਚੜਿੱਕ ’ਚ ਨੌਜਵਾਨ ਨਾਲ ਕੁੱਟਮਾਰ/ ਫੌਜੀ ਭਰਾਵਾਂ ’ਤੇ ਲੱਗੇ ਕੁੱਟਮਾਰ ਦੇ ਇਲਜ਼ਾਮ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - June 25, 2026 0 1 Facebook Twitter Pinterest WhatsApp ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਤੋਂ ਕਥਿਤ ਗੁੰਡਾਗਰਦੀ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਹੀ ਦੋ ਫੌਜੀ ਭਰਾਵਾਂ ‘ਤੇ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਆਰੋਪ ਲੱਗੇ ਹਨ। ਪੀੜਤ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਨੇੜੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪਿੰਡ ਵਿੱਚ ਇੱਕ ਦਰੱਖਤ ਹੇਠਾਂ ਖੜ੍ਹਾ ਸੀ, ਜਦੋਂ ਪਿੰਡ ਦੇ ਰਹਿਣ ਵਾਲੇ ਦੋ ਫੌਜੀ ਭਰਾ, ਕੋਰਾ ਅਤੇ ਜੰਗੀਰਾ, ਉਸ ਕੋਲ ਆਏ ਅਤੇ ਅਚਾਨਕ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਆਰੋਪ ਲਗਾਇਆ ਕਿ ਦੋਵਾਂ ਕੋਲ ਤੇਜ਼ਧਾਰ ਹਥਿਆਰ ਸਨ, ਜਿਨ੍ਹਾਂ ਨਾਲ ਉਸ ‘ਤੇ ਹਮਲਾ ਕੀਤਾ ਗਿਆ। ਹਮਲੇ ਦੌਰਾਨ ਉਸ ਦੇ ਸਿਰ ‘ਤੇ ਡੂੰਘੀ ਸੱਟ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸਤਨਾਮ ਸਿੰਘ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਹੀ ਪੀੜਤ ਦੇ ਦਾਦਾ ਬੂਟਾ ਸਿੰਘ ਨੇ ਦੱਸਿਆ ਕਿ ਦੋਵੇਂ ਫੌਜੀ ਭਰਾ ਪਹਿਲਾਂ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਦੇ ਪੋਤੇ ਨੂੰ ਲੱਭਣ ਲੱਗੇ। ਜਦੋਂ ਪੋਤਾ ਘਰ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਘਰ ਵਿੱਚ ਭੰਨ-ਤੋੜ ਕੀਤੀ ਅਤੇ ਉਸ ਦੀ ਪਤਨੀ ਨਾਲ ਵੀ ਕਥਿਤ ਤੌਰ ‘ਤੇ ਧੱਕਾ-ਮੁੱਕੀ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਉਸ ਦੇ ਪੋਤੇ ‘ਤੇ ਹਮਲਾ ਕਰ ਦਿੱਤਾ। ਬੂਟਾ ਸਿੰਘ ਨੇ ਵੀ ਇਨਸਾਫ਼ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਅਤੇ ਪਿੰਡ ਦੇ ਦੋ ਵਿਅਕਤੀਆਂ ਵਿਚਾਲੇ ਝਗੜੇ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਪੀੜਤ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।