ਪੰਜਾਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਮਹਾਰਾਸ਼ਟਰ ਸਰਕਾਰ ਦੀ ਨਿੰਦਾ/ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਦਾ ਕਾਨੂੰਨ ਬਦਲਣ ਦਾ ਵਿਰੋਧ/ ਗੁਰਦੁਆਰਾ ਪ੍ਰਬੰਧਾਂ ’ਤੇ ਕਬਜ਼ੇ ਦੀ ਕੋਸ਼ਿਸ਼ ਦਾ ਲਾਏ ਇਲਜ਼ਾਮ By admin - June 26, 2026 0 1 Facebook Twitter Pinterest WhatsApp ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਹਿੰਦ ਵਿਖੇ ਪ੍ਰੈੱਸ ਕਾਨਫਰੰਸ ਕਰ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅਜਿਹੇ ਕੋਝੇ ਯਤਨ ਕਰਨ ਰਹੀਆਂ ਹਨ, ਜਿਸ ਨੂੰ ਸਿੱਖ ਸੰਗਤਾਂ ਕਦੇ ਪ੍ਰਵਾਨ ਨਹੀਂ ਕਰਨਗੀਆਂ। ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਇਸ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ ਕਾਨੂੰਨ ਪੁਰਾਣਾ ਹੋਣ ਦਾ ਹਵਾਲਾ ਦੇ ਕੇ ਮਨਮਰਜ਼ੀ ਦੀ ਸੋਧ ਕਰਨ ਦਾ ਯਤਨ ਹੋ ਰਿਹਾ ਹੈ, ਜੋ ਗੁਰਦੁਆਰਾ ਪ੍ਰਬੰਧ ਵਿਚ ਸਰਕਾਰ ਦੀ ਸਿੱਧੀ ਦਖਲਅੰਦਾਜ਼ੀ ਹੈ। ਉਨ੍ਹਾਂ ਕਿਹਾ ਕਿ 2024 ਵਿਚ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਕਰਨ ਦਾ ਯਤਨ ਕੀਤਾ ਗਿਆ ਸੀ, ਜਿਸ ’ਤੇ ਸਿੱਖ ਸੰਗਤਾਂ ਵੱਲੋਂ ਵੱਡਾ ਵਿਰੋਧ ਕਰਨ ਮਗਰੋਂ ਸਰਕਾਰ ਪਿੱਛੇ ਹਟੀ ਸੀ। ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਰਨ ਸੁਰਜੀਤ ਦਾ ਇਕ ਵਫਦ ਛੇਤੀ ਹੀ ਕੇਂਦਰੀ ਮੰਤਰੀ ਨੂੰ ਮਿਲੇਗਾ ਅਤੇ ਸ੍ਰੀ ਹਜ਼ੂਰ ਸਾਹਿਬ ਦੇ ਗੁਰਧਾਮਾਂ ਅਤੇ ਹਿਮਾਚਲ ਤੇ ਉਤਰਾਂਖੰਡ ਵਿਚ ਵਾਪਰ ਰਹੀਆਂ ਘਨਟਾਵਾਂ ਦਾ ਮੁੱਦਾ ਚੁਕਿਆ ਜਾਵੇਗਾ।