ਨਾਭਾ ’ਚ ਬਿਜਲੀ ਕੱਟਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ/ ਨਾਭਾ-ਪਟਿਆਲਾ ਰੋਡ ਜਾਮ ਕਰ ਕੇ ਨਾਅਰੇਬਾਜ਼ੀ/ ਸਿਰਫ ਗੱਲਾਂ ’ਚ ਬਿਜਲੀ ਦੇਣ ਦੇ ਲਾਏ ਇਲਜ਼ਾਮ

0
1

ਝੋਨੇ ਦੀ ਲਵਾਈ ਦੌਰਾਨ ਅਣਐਲਾਨੇ ਲੰਬੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਨਾਭਾ-ਪਟਿਆਲਾ ਮੁੱਖ ਮਾਰਗ ਜਾਮ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਇਲਜ਼ਾਮ ਸੀ ਕਿ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਝੋਨੇ ਦੀ ਲੁਆਈ ਵਿਚ ਦਿੱਕਤ ਆ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਇਸੇ ਦੌਰਾਨ ਸੜਕ ਜਾਮ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਕਿਸਾਨਾਂ ਨੇ ਵਾਅਦੇ ਮੁਤਾਬਕ 8 ਘੰਟੇ ਬਿਜਲੀ ਦੇਣ ਦੀ ਮੰਗ ਕੀਤੀ।
ਧਰਨੇ ‘ਤੇ ਬੈਠੇ ਕਿਸਾਨ ਆਗੂਆਂ ਨੇ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਗੱਲਾਂ ਵਿੱਚ ਹੀ ਖੇਤਾਂ ਨੂੰ ਮੁਫ਼ਤ ਅਤੇ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੇਤਾਂ ਨੂੰ 8 ਘੰਟੇ ਲਗਾਤਾਰ ਸਪਲਾਈ ਦੇਣ ਦੇ ਵਾਅਦੇ ਦੇ ਬਾਵਜੂਦ, ਇਸ ਵੇਲੇ 16-16 ਘੰਟੇ ਦੇ ਲੰਬੇ ਬਿਜਲੀ ਕੱਟ ਲਗਾਏ ਜਾ ਰਹੇ ਹਨ। 24 ਘੰਟਿਆਂ ਵਿੱਚੋਂ ਮੁਸ਼ਕਿਲ ਨਾਲ 3 ਤੋਂ 4 ਘੰਟੇ ਹੀ ਬਿਜਲੀ ਮਿਲ ਰਹੀ ਹੈ, ਉਹ ਵੀ ਕੱਟ-ਕੱਟ ਕੇ ਆਉਂਦੀ ਹੈ, ਜਿਸ ਨਾਲ ਟਿਊਬਵੈੱਲ ਚੱਲਣੇ ਅਸੰਭਵ ਹੋ ਗਏ ਹਨ।
ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਸਭ ਤੋਂ ਵੱਧ ਲੋੜ ਹੈ। ਬਿਜਲੀ ਨਾ ਮਿਲਣ ਕਰਕੇ ਖੇਤਾਂ ਵਿੱਚ ਲਾਇਆ ਝੋਨਾ ਸੁੱਕਣ ਦੀ ਕਗਾਰ ‘ਤੇ ਪਹੁੰਚ ਚੁੱਕਾ ਹੈ। ਕਿਸਾਨਾਂ ਦਾ ਪ੍ਰਤੀ ਏਕੜ ਹਜ਼ਾਰਾਂ ਰੁਪਏ ਖ਼ਰਚ ਹੋ ਚੁੱਕਾ ਹੈ ਅਤੇ ਜੇਕਰ ਬਿਜਲੀ ਸਪਲਾਈ ਤੁਰੰਤ ਨਾ ਸੁਧਰੀ ਤਾਂ ਉਨ੍ਹਾਂ ਦੀ ਪੂਰੀ ਮਿਹਨਤ ਬਰਬਾਦ ਹੋ ਜਾਵੇਗੀ। ਕਿਸਾਨਾਂ ਨੇ ਕਿਹਾ ਕਿ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਫ਼ਸਲ ਪਾਲਣਾ ਉਨ੍ਹਾਂ ਦੇ ਵੱਸ ਤੋਂ ਬਾਹਰ ਹੈ।
ਜਾਮ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਪਾਵਰਕੌਮ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸ਼ਾਂਤ ਕਰਨ ਅਤੇ ਬਿਜਲੀ ਸਪਲਾਈ ਵਿੱਚ ਜਲਦ ਸੁਧਾਰ ਕਰਨ ਦਾ ਭਰੋਸਾ ਦਿੱਤਾ ਗਿਆ। ਖ਼ਬਰ ਲਿਖੇ ਜਾਣ ਤੱਕ ਕਿਸਾਨ ਅਧਿਕਾਰੀਆਂ ਦੀਆਂ ਗੱਲਾਂ ‘ਤੇ ਯਕੀਨ ਕਰਨ ਨੂੰ ਤਿਆਰ ਨਹੀਂ ਸਨ। ਕਿਸਾਨਾਂ ਨੇ ਸਾਫ਼ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਖੇਤਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਚਾਲੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਹ ਧਰਨਾ ਖ਼ਤਮ ਨਹੀਂ ਹੋਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ।

LEAVE A REPLY

Please enter your comment!
Please enter your name here