ਮੋਗਾ ‘ਚ ਖਾਲੀ ਪਲਾਟ ਤੋਂ ਮਿਲਿਆ ਮਨੁੱਖੀ ਕੰਕਾਲ/ ਇਲਾਕੇ ‘ਚ ਫੈਲੀ ਸਨਸਨੀ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਰੇਲਵੇ ਓਵਰਬ੍ਰਿਜ ਨੇੜੇ ਇੱਕ ਖਾਲੀ ਪਲਾਟ ਵਿੱਚੋਂ ਮਨੁੱਖੀ ਨਰ ਕੰਕਾਲ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਮਾਜ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਮਨੁੱਖੀ ਅਵਸ਼ੇਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਜਾਣਕਾਰੀ ਅਨੁਸਾਰ ਇਸੇ ਸਥਾਨ ‘ਤੇ ਕਰੀਬ ਡੇਢ ਮਹੀਨਾ ਪਹਿਲਾਂ ਵੀ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਸੀ। ਹੁਣ ਮੁੜ ਉਸੇ ਇਲਾਕੇ ਵਿੱਚ ਮਨੁੱਖੀ ਨਰ ਕੰਕਾਲ ਮਿਲਣ ਤੋਂ ਬਾਅਦ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੌਕੇ ‘ਤੇ ਮੌਜੂਦ ਏਐਸਆਈ ਅਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਰੇਲਵੇ ਓਵਰਬ੍ਰਿਜ ਨੇੜੇ ਖਾਲੀ ਪਲਾਟ ਵਿੱਚ ਮਨੁੱਖੀ ਪਿੰਜਰ ਪਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਮਾਜ ਸੇਵਾ ਸੋਸਾਇਟੀ ਦੀ ਮਦਦ ਨਾਲ ਅਵਸ਼ੇਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ।
ਮੁੱਢਲੀ ਜਾਂਚ ਅਨੁਸਾਰ ਮ੍ਰਿਤਕ ਦੀ ਲਾਸ਼ ਕਰੀਬ 10 ਦਿਨ ਪੁਰਾਣੀ ਲੱਗਦੀ ਹੈ ਅਤੇ ਗਲ-ਸੜ ਜਾਣ ਕਾਰਨ ਸਿਰਫ਼ ਨਰ ਕੰਕਾਲ ਹੀ ਬਚਿਆ ਹੈ। ਪੁਲਿਸ ਦੇ ਅਨੁਮਾਨ ਮੁਤਾਬਕ ਮ੍ਰਿਤਕ ਦੀ ਉਮਰ ਲਗਭਗ 24 ਤੋਂ 25 ਸਾਲ ਦੇ ਵਿਚਕਾਰ ਹੋ ਸਕਦੀ ਹੈ। ਪਛਾਣ ਲਈ ਮਨੁੱਖੀ ਅਵਸ਼ੇਸ਼ਾਂ ਨੂੰ 72 ਘੰਟਿਆਂ ਤੱਕ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਜੇਕਰ ਇਸ ਦੌਰਾਨ ਪਛਾਣ ਨਹੀਂ ਹੁੰਦੀ ਤਾਂ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਛਾਣ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਸੰਭਵ ਕੋਣ ਤੋਂ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here