ਪੰਜਾਬ ਪਟਿਆਲਾ ’ਚ ਕਬਾੜੀਏ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ/ ਨਗਰ ਨਿਗਮ ’ਤੇ ਰਿਸ਼ਵਤ ਲਈ ਤੰਗ ਕਰਨ ਦੇ ਇਲਜ਼ਾਮ/ ਅਧਿਕਾਰੀ ਨੇ ਦੋਸ਼ ਨਕਾਰੇ, ਕਾਨੂੰਨ ਮੁਤਾਬਕ ਕਾਰਵਾਈ ਦਾ ਦਾਅਵਾ By admin - July 3, 2026 0 1 Facebook Twitter Pinterest WhatsApp ਪਟਿਆਲਾ ਵਿੱਚ ਨਗਰ ਨਿਗਮ ਦੀ ਕਾਰਵਾਈ ਨੂੰ ਲੈ ਕੇ ਇੱਕ ਵੱਡਾ ਵਿਵਾਦ ਸਾਹਮਣੇ ਆਇਆ ਹੈ। ਕਬਾੜ ਦਾ ਕੰਮ ਕਰਨ ਵਾਲੇ ਇੱਕ ਪਰਿਵਾਰ ਨੇ ਨਗਰ ਨਿਗਮ ਦੇ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਤਿੰਨ ਵਾਰ ਕੀਮਤੀ ਸਮਾਨ ਚੁੱਕ ਕੇ ਅਸਿੱਧੇ ਤੌਰ ‘ਤੇ ਪੈਸਿਆਂ ਦੀ ਮੰਗ ਕੀਤੀ ਗਈ ਸੀ, ਜਿਸ ਦੇ ਚਲਦਿਆਂ ਪੀੜਤ ਨੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਜਾਨੀ ਨੁਕਸਾਨ ਹੋਣ ਦੀ ਸੂਰਤ ਵਿਚ ਸੰਬੰਧਤ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ। ਉੱਧਰ, ਨਗਰ ਨਿਗਮ ਅਧਿਕਾਰੀ ਨੇ ਦੋਸ਼ ਨਕਾਰਦਿਆਂ ਨਾਜਾਇਜ਼ ਕਬਜਿਆਂ ਦੀਆਂ ਸ਼ਿਕਾਇਤਾਂ ਦੇ ਆਧਾਰ ਉਤੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ। ਪੀੜਤ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦਾ ਕਾਂਟਾ ਚੁੱਕ ਕੇ ਲਿਜਾਇਆ ਗਿਆ, ਫਿਰ ਕਰੀਬ 30 ਹਜ਼ਾਰ ਰੁਪਏ ਦਾ ਕਾਗਜ਼ ਅਤੇ ਉਸ ਤੋਂ ਬਾਅਦ 25 ਤੋਂ 30 ਹਜ਼ਾਰ ਰੁਪਏ ਦਾ ਪਲਾਸਟਿਕ ਵੀ ਨਿਗਮ ਦੀ ਕਾਰਵਾਈ ਦੌਰਾਨ ਲਿਜਾਇਆ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਦਾ ਤਾਂਬਾ, ਪਿੱਤਲ ਅਤੇ ਹੋਰ ਕੀਮਤੀ ਸਮਾਨ ਵੀ ਗਾਇਬ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਇੱਕ ਮਹਿਲਾ ਐਮਸੀ ਅਤੇ ਨਗਰ ਨਿਗਮ ਦੇ ਇੱਕ ਅਧਿਕਾਰੀ ਦੇ ਨਾਮ ‘ਤੇ ਉਨ੍ਹਾਂ ਨੂੰ ਵਾਰ-ਵਾਰ ਧਮਕਾਇਆ ਗਿਆ। ਉਨ੍ਹਾਂ ਨੂੰ ਕਿਹਾ ਗਿਆ ਕਿ ਜੇ 60 ਤੋਂ 70 ਹਜ਼ਾਰ ਰੁਪਏ ਨਾ ਦਿੱਤੇ ਤਾਂ ਦੁਕਾਨਾਂ ਸੀਲ ਕਰ ਦਿੱਤੀਆਂ ਜਾਣਗੀਆਂ ਅਤੇ ਜੇਸੀਬੀ ਨਾਲ ਕਾਰਵਾਈ ਕੀਤੀ ਜਾਵੇਗੀ। ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਕ ਵਿਜ਼ਿਟਿੰਗ ਕਾਰਡ ਦੇ ਕੇ ਸੰਬੰਧਤ ਮੈਡਮ ਨੂੰ ਮਿਲਣ ਲਈ ਵੀ ਕਿਹਾ ਗਿਆ। ਉੱਧਰ, ਨਗਰ ਨਿਗਮ ਦੇ ਅਧਿਕਾਰੀ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸ਼ਹਿਰ ਵਿੱਚ ਅਤਿਕ੍ਰਮਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰਵਾਈ ਤੋਂ ਪਹਿਲਾਂ ਐਲਾਨ ਵੀ ਕਰਵਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਆਪਣਾ ਸਮਾਨ ਹਟਾਉਣ ਦਾ ਮੌਕਾ ਦਿੱਤਾ ਜਾਂਦਾ ਹੈ। ਅਧਿਕਾਰੀ ਨੇ ਕਿਹਾ ਕਿ ਨਗਰ ਨਿਗਮ ਸਿਰਫ਼ ਉਹੀ ਸਮਾਨ ਹਟਾਉਂਦਾ ਹੈ ਜੋ ਸਰਕਾਰੀ ਜਗ੍ਹਾ ਜਾਂ ਸੜਕ ‘ਤੇ ਰੱਖਿਆ ਹੁੰਦਾ ਹੈ। ਦੁਕਾਨ ਦੇ ਅੰਦਰ ਪਏ ਸਮਾਨ ਨੂੰ ਹੱਥ ਨਹੀਂ ਲਾਇਆ ਜਾਂਦਾ। ਰਿਸ਼ਵਤਖੋਰੀ ਦੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ਵਿੱਚ ਦੋਵੇਂ ਪੱਖਾਂ ਦੇ ਆਪਣੇ-ਆਪਣੇ ਦਾਅਵੇ ਹਨ। ਅਸਲ ਸੱਚਾਈ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਪਟਿਆਲਾ ਦੇ ਵਾਰਡ ਨੰਬਰ 23 ਦੀ ਐਮਸੀ ਸ਼੍ਰੀਮਤੀ ਰੂਪਾਲੀ ਗਰਗ ਨੇ ਆਪਣੇ ਉੱਤੇ ਕਬਾੜੀ ਵੱਲੋਂ ਲਗਾਏ ਪੈਸੇ ਮੰਗਣ ਦੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਰੂਪਾਲੀ ਗਰਗ ਨੇ ਕਿਹਾ ਕਿ ਕਬਾੜੀ ਖ਼ਿਲਾਫ਼ ਜੋ ਵੀ ਕਾਰਵਾਈ ਹੋਈ ਹੈ, ਉਹ ਨਗਰ ਨਿਗਮ ਵੱਲੋਂ ਨਿਯਮਾਂ ਅਨੁਸਾਰ ਕੀਤੀ ਗਈ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਕੋਈ ਨਿੱਜੀ ਭੂਮਿਕਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਬਾੜੀ ਵੱਲੋਂ ਗਲੀ ਵਿੱਚ ਸਮਾਨ ਰੱਖ ਕੇ ਗੈਰ-ਕਾਨੂੰਨੀ ਕਬਜ਼ਾ ਕੀਤਾ ਗਿਆ ਸੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ। ਇਸੇ ਗਲੀ ਵਿੱਚ ਗੁਰਦੁਆਰਾ ਸਾਹਿਬ ਦਾ ਰਸਤਾ ਵੀ ਹੈ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਸਤਾ ਖੁਲਵਾਉਣ ਲਈ ਨਗਰ ਨਿਗਮ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ। ਰੂਪਾਲੀ ਗਰਗ ਨੇ ਕਿਹਾ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਨਗਰ ਨਿਗਮ ਨੇ ਕਾਰਵਾਈ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਨਿਗਮ ਪਹਿਲਾਂ ਵੀ ਕਈ ਵਾਰ ਕਬਾੜੀ ਨੂੰ ਨੋਟਿਸ ਜਾਰੀ ਕਰ ਚੁੱਕਾ ਹੈ ਅਤੇ ਪਹਿਲਾਂ ਵੀ ਗੈਰ-ਕਾਨੂੰਨੀ ਤਰੀਕੇ ਨਾਲ ਰੱਖਿਆ ਸਮਾਨ ਹਟਾਇਆ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਬਾੜੀ ਵੱਲੋਂ ਉਨ੍ਹਾਂ ਉੱਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਇਸ ਪੂਰੇ ਮਾਮਲੇ ਦਾ ਉਨ੍ਹਾਂ ਨਾਲ ਕੋਈ ਨਿੱਜੀ ਸਬੰਧ ਨਹੀਂ ਹੈ।