ਨੰਗਲ ਇਲਾਕੇ ਅੰਦਰ ਪੀਲੀਆ ਦੀ ਤਸਤਕ/ ਪੀਲੀਆ ਮਰੀਜ਼ਾਂ ਦੀ ਗਿਣਤੀ ’ਚ ਵਾਧਾ/ ਸਿੱਖਿਆ ਮੰਤਰੀ ਬੈਂਸ ਦੀ ਮਹਿਕਮੇ ਨੂੰ ਹਦਾਇਤ

0
1

ਨੰਗਲ, ਸ਼੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੀਲੀਆ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਬਿਮਾਰੀ ਦੇ ਫੈਲਣ ਪਿੱਛੇ ਮੌਸਮ ਵਿੱਚ ਤਬਦੀਲੀ ਅਤੇ ਦੂਸ਼ਿਤ ਪਾਣੀ ਕਾਰਨ ਮੰਨਿਆ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ ਜਾਰੀ ਕੀਤੇ ਹਨ।
ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਵਿੱਚ ਸਤਰਕਤਾ ਵਰਤਣ ਲਈ ਜਿਆਦਾ ਜਰੂਰਤ ਹੁੰਦੀ ਹੈ। ਦੂਜੇ ਪਾਸੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਨ ਹਰਜੀਤ ਸਿੰਘ ਗਰਾਊਂਡ ਤੇ ਪਹੁੰਚ ਕੇ ਪਾਣੀ ਦੀ ਜਾਂਚ ਕਰ ਰਹੇ ਨੇ ਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕਰ ਰਹੇ ਨੇ। ਨੰਗਲ ਦੇ ਸਿਵਲ ਹਸਪਤਾਲ ਦੇ ਡਾਕਟਰ ਰਜਨੀਸ਼ ਬੈਂਸ ਨੇ ਦੱਸਿਆਂ ਕਿ ਬੀਤੇ ਕੁਝ ਦਿਨਾ ਤੋਂ ਨੰਗਲ ਦੇ ਵੱਖ ਵੱਖ ਏਰੀਏ ਤੋਂ ਪੀਲੀਏ ਦੇ ਰੋਗੀਆਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਜਿਨਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਨੰਗਲ ਵਿਖੇ ਭਰਤੀ ਕੀਤਾ ਗਿਆ ਹੈ। ਦਰਜਣ ਤੋਂ ਵਧ ਮਰੀਜ਼ਾ ਨੂੰ ਇਲਾਜ ਲਈ ਭਰਤੀ ਕੀਤਾ ਗਿਆ ਹੈ।
ਉਨਾਂ ਲੋਕਾਂ ਨੂੰ ਇਸ ਬੀਮਾਰੀ ਪ੍ਰਤੀ ਸੁਚੇਤ ਕਰਦਿਆਂ ਕਿਹਾ ਕਿ ਪੀਲੀਆ ਮੁੱਖ ਤੌਰ `ਤੇ ਦੂਸ਼ਿਤ ਪਾਣੀ ਅਤੇ ਗੈਰ-ਸਾਫ਼-ਸੁਥਰੇ ਖਾਣ-ਪੀਣ ਕਾਰਨ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਸਿਰਫ਼ ਉਬਾਲਿਆ ਜਾਂ ਫਿਲਟਰ ਕੀਤਾ ਪਾਣੀ ਹੀ ਪੀਣ, ਤਾਜ਼ਾ ਅਤੇ ਸਾਫ਼ ਭੋਜਨ ਦਾ ਸੇਵਨ ਕਰਨ ਅਤੇ ਖੁੱਲ੍ਹੇ ਵਿੱਚ ਵਿਕਣ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਤੋਂ ਪਰਹੇਜ਼ ਕਰਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਅੱਖਾਂ ਜਾਂ ਚਮੜੀ ਪੀਲੀ ਹੋਣੀ, ਗੂੜ੍ਹੇ ਰੰਗ ਦਾ ਪਿਸ਼ਾਬ ਆਉਣਾ, ਭੁੱਖ ਨਾ ਲੱਗਣੀ, ਬੁਖ਼ਾਰ, ਉਲਟੀਆਂ ਜਾਂ ਲਗਾਤਾਰ ਕਮਜ਼ੋਰੀ ਵਰਗੇ ਲੱਛਣ ਨਜ਼ਰ ਆਉਣ ਤਾਂ ਬਿਨਾਂ ਦੇਰੀ ਕੀਤੇ ਨਜ਼ਦੀਕੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਡਾ. ਰਜਨੀਸ਼ ਨੇ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਪੀਲੀਆ ਤੋਂ ਪੂਰੀ ਤਰ੍ਹਾਂ ਠੀਕ ਹੋਣਾ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣ, ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਨਿੱਜੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀ ਅਪੀਲ ਕੀਤੀ, ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਪੀਲੀਏ ਦੀ ਬੀਮਾਰੀ ਨੂੰ ਠੀਕ ਕਰਨ ਲਈ ਧਾਗੇ ਤਬੀਤਾ ਅਤੇ ਗੈਰ ਵਿਗਿਆਨਿਕ ਤਰੀਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ, ਬੀਮਾਰੀ ਦੇ ਲੱਛਣ ਵਿਖਾਈ ਦੇਣ ਤੇ ਤੁਰੰਤ ਡਾਕਟਰ ਦੀ ਸਲਾਹ ਲੈਣ।

LEAVE A REPLY

Please enter your comment!
Please enter your name here