ਪੰਜਾਬ ਫਿਲਮ ਸਤਲੁਜ ਨੂੰ ਲੈ ਕੇ ਬੋਲੇ ਵਿਧਾਇਕ ਧਾਲੀਵਾਲ/ ਕੇਂਦਰ ਸਰਕਾਰ ਵੱਲ ਸਾਧਿਆ ਨਿਸ਼ਾਨਾ/ ਪੰਜਾਬ ਦੇ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼ ਦੇ ਇਲਜ਼ਾਮ By admin - July 6, 2026 0 1 Facebook Twitter Pinterest WhatsApp ਫਿਲਮ ਸਤਲੁਜ ਤੇ ਪਾਬੰਦੀ ਦੇ ਮਾਮਲੇ ਤੇ ਸਿਆਸਤ ਗਰਮਾ ਗਈ ਹੈ। ਲਗਭਗ ਸਾਰੀਆਂ ਸਿਆਸੀ ਧਿਰਾਂ ਵੱਲੋਂ ਇਸ ਮਸਲੇ ਨੂੰ ਲੈ ਕੇ ਇਕ-ਦੂਜੇ ਨੂੰ ਨਿਸ਼ਾਨੇ ਉਤੇ ਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਫਿਲਮ ਤੇ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਬਣੀ ਫਿਲਮ ਨੂੰ ਰੋਕ ਕੇ ਪੰਜਾਬ ਦੇ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼ ਵਿਚ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਸਤਲੁਜ’ ਫਿਲਮ ਦੀ ਟੀਮ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਇਤਿਹਾਸ ਅਤੇ 1980-90 ਦੇ ਦਹਾਕੇ ਦੇ ਦਰਦ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਫਿਲਮ ਨੂੰ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਗਿਆ ਅਤੇ ਹੁਣ ਓਟੀਟੀ ਪਲੇਟਫਾਰਮ ਤੋਂ ਵੀ ਹਟਾ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਵਿਅਕਤੀ ਦੀ ਕਹਾਣੀ ਲੋਕਾਂ ਤੱਕ ਪਹੁੰਚਣ ਤੋਂ ਕਿਉਂ ਰੋਕੀ ਜਾ ਰਹੀ ਹੈ। ਆਪ ਆਗੂ ਨੇ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਨਾਲ ਜੁੜੇ ਸੱਚ ਨੂੰ ਸਾਹਮਣੇ ਆਉਣ ਤੋਂ ਰੋਕਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਤਿੰਨੇ ਹੀ ਇਸ ਮਾਮਲੇ ਵਿੱਚ ਆਪਣੀ-ਆਪਣੀ ਜ਼ਿੰਮੇਵਾਰੀ ਤੋਂ ਬਚਣਾ ਚਾਹੁੰਦੇ ਹਨ। ਧਾਲੀਵਾਲ ਨੇ ਦਾਅਵਾ ਕੀਤਾ ਕਿ ਉਸ ਦੌਰ ਦੌਰਾਨ ਹੋਏ ਕਥਿਤ ਜ਼ੁਲਮਾਂ ਨੂੰ ਇਤਿਹਾਸ ਵਿੱਚੋਂ ਮਿਟਾਇਆ ਨਹੀਂ ਜਾ ਸਕਦਾ। ਧਾਲੀਵਾਲ ਨੇ ਖਾਲੜਾ ਪਰਿਵਾਰ ਵੱਲੋਂ ਹਾਲ ਹੀ ਵਿੱਚ ਸਾਹਮਣੇ ਆਏ ਬਿਆਨਾਂ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਨੇ ਉਸ ਸਮੇਂ ਕਥਿਤ ਤੌਰ ‘ਤੇ ਵਿਵਾਦਾਂ ਵਿੱਚ ਰਹੇ ਕੁਝ ਪੁਲਿਸ ਅਧਿਕਾਰੀਆਂ ਨੂੰ ਅਹੁਦੇ ਅਤੇ ਸਿਆਸੀ ਸੁਰੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਸਤਲੁਜ’ ਫਿਲਮ ਦੀ ਟੀਮ, ਅਦਾਕਾਰ ਦਿਲਜੀਤ ਦੋਸਾਂਝ ਅਤੇ ਨਿਰਮਾਤਾਵਾਂ ਦੇ ਨਾਲ ਖੜ੍ਹੀ ਹੈ ਅਤੇ ਜੇਕਰ ਫਿਲਮ ਨੂੰ ਮੁੜ ਰਿਲੀਜ਼ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਜਾਂ ਕਾਨੂੰਨੀ ਲੜਾਈ ਦੀ ਲੋੜ ਪਈ ਤਾਂ ਪਾਰਟੀ ਹਰ ਸੰਭਵ ਸਹਿਯੋਗ ਦੇਵੇਗੀ। ਧਾਲੀਵਾਲ ਨੇ ਇਹ ਵੀ ਕਿਹਾ ਕਿ ਕਿਸੇ ਵੀ ਕਲਾਕਾਰ ਦੀ ਰਚਨਾ ‘ਤੇ ਪਾਬੰਦੀ ਲਗਾਉਣਾ ਲੋਕਤੰਤਰ ਅਤੇ ਅਭਿਵਿਕਤੀ ਦੀ ਆਜ਼ਾਦੀ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਫਿਲਮ ਜਾਂ ਕਿਤਾਬ ਇਤਿਹਾਸ ਦੇ ਤੱਥਾਂ ਨੂੰ ਸਾਹਮਣੇ ਲਿਆਉਂਦੀ ਹੈ ਤਾਂ ਉਸ ਨੂੰ ਰੋਕਣ ਦੀ ਬਜਾਏ ਲੋਕਾਂ ਨੂੰ ਸੱਚ ਜਾਣਨ ਦਾ ਮੌਕਾ ਮਿਲਣਾ ਚਾਹੀਦਾ ਹੈ।