ਪੰਜਾਬ ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ/ ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ/ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ By admin - July 6, 2026 0 1 Facebook Twitter Pinterest WhatsApp ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਨਗਰ ਕੌਂਸਲ ‘ਤੇ ਰਾਣਾ ਧੜੇ ਨੇ ਆਪਣਾ ਦਬਦਬਾ ਕਾਇਮ ਰੱਖਦਿਆਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀਆਂ ਚੋਣਾਂ ਆਪਣੇ ਹੱਕ ਵਿੱਚ ਕਰਵਾ ਲਈਆਂ। ਅੱਜ ਨਗਰ ਕੌਂਸਲ ਦਫ਼ਤਰ ਵਿਖੇ ਐਸ.ਡੀ.ਐਮ. ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਹੋਈ ਮੀਟਿੰਗ ਦੌਰਾਨ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਉਪਰੰਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ, ਜਿਸ ਵਿੱਚ ਸੰਦੀਪ ਕੌਰ ਚੀਮਾ ਨੂੰ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਅਤੇ ਗੁਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਰਾਣਾ ਧੜੇ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਜਿੱਤ ਦਾ ਜਸ਼ਨ ਮਨਾਇਆ ਗਿਆ। ਗੌਰਤਲਬ ਹੈ ਕਿ ਨਗਰ ਕੌਂਸਲ ਦੀਆਂ 13 ਸੀਟਾਂ ਵਿੱਚੋਂ 7 ਸੀਟਾਂ ‘ਤੇ ਰਾਣਾ ਧੜੇ ਦੇ ਸਮਰਥਿਤ ਉਮੀਦਵਾਰ ਜੇਤੂ ਰਹੇ ਸਨ, ਜਦਕਿ ਆਮ ਆਦਮੀ ਪਾਰਟੀ ਦੇ 5 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਸੀ। ਇੱਕ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ ਗਈ, ਜਦਕਿ ਕਾਂਗਰਸ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਜ਼ਿਕਰਯੋਗ ਹੈ ਕਿ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਹਿਲਾਂ 2 ਜੁਲਾਈ ਨੂੰ ਮੀਟਿੰਗ ਰੱਖੀ ਗਈ ਸੀ, ਪਰ ਉਹ ਮੁਲਤਵੀ ਹੋ ਗਈ ਸੀ। ਅੱਜ ਦੁਬਾਰਾ ਮੀਟਿੰਗ ਕਰਵਾ ਕੇ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਚੋਣ ਤੋਂ ਬਾਅਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਮੂਹ ਨਗਰ ਨਿਵਾਸੀਆਂ, ਵੋਟਰਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਇੱਕ ਵਾਰ ਫਿਰ ਸੱਚ ਅਤੇ ਵਿਕਾਸ ਦੀ ਰਾਜਨੀਤੀ ‘ਤੇ ਮੋਹਰ ਲਗਾਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਦੇ ਜੇਤੂ ਉਮੀਦਵਾਰਾਂ ‘ਤੇ ਕਈ ਤਰ੍ਹਾਂ ਦਾ ਦਬਾਅ ਬਣਾਇਆ ਗਿਆ ਅਤੇ ਝੂਠੇ ਮੁਕੱਦਮਿਆਂ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਵੀ ਰਚੀਆਂ ਗਈਆਂ, ਪਰ ਉਹ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ, “ਅੰਤ ਵਿੱਚ ਗੁਰੂ ਨਗਰੀ ਵਿੱਚ ਸੱਚ ਦੀ ਜਿੱਤ ਹੋਈ ਹੈ। ਗੁਰੂ ਨਗਰੀ ਹਮੇਸ਼ਾ ਇਨਸਾਫ਼ ਅਤੇ ਸ਼ਾਂਤੀ ਦੀ ਹਾਮੀ ਰਹੀ ਹੈ। ਜੋ ਲੋਕ ਇੱਥੇ ਡਰ ਅਤੇ ਭੈ ਦੀ ਸਿਆਸਤ ਕਰਦੇ ਹਨ, ਉਨ੍ਹਾਂ ਨੂੰ ਲੋਕ ਕਦੇ ਕਬੂਲ ਨਹੀਂ ਕਰਦੇ।” ਨਵੀਂ ਚੁਣੀ ਗਈ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਆਪਣੀ ਚੋਣ ‘ਤੇ ਸਮੂਹ ਵੋਟਰਾਂ, ਸਮਰਥਕਾਂ, ਪਾਰਟੀ ਲੀਡਰਸ਼ਿਪ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੇ ਸਰਬਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਸ਼ਹਿਰ ਦੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਇਸੇ ਤਰ੍ਹਾਂ ਨਵੀਂ ਚੁਣੀ ਗਈ ਮੀਤ ਪ੍ਰਧਾਨ ਗੁਰਜੀਤ ਕੌਰ ਨੇ ਵੀ ਸਮੂਹ ਵੋਟਰਾਂ, ਸਮਰਥਕਾਂ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਪਵਿੱਤਰ ਗੁਰੂ ਨਗਰੀ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ। ਨਗਰ ਕੌਂਸਲ ਦੀ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨਾਲ ਸੁਲਤਾਨਪੁਰ ਲੋਧੀ ਦੀ ਸਿਆਸਤ ਵਿੱਚ ਰਾਣਾ ਧੜੇ ਨੇ ਇੱਕ ਵਾਰ ਫਿਰ ਆਪਣੀ ਮਜ਼ਬੂਤ ਪਕੜ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਨਵੀਂ ਟੀਮ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ‘ਤੇ ਟਿਕੀਆਂ ਹੋਈਆਂ ਹਨ।