ਪੰਜਾਬ ਅੰਮ੍ਰਿਤਸਰ ’ਚ ਕੈਮੀਕਲ ਫੈਕਟਰੀ ਖਿਲਾਫ਼ ਪ੍ਰਦਰਸ਼ਨ/ ਸੀਲ ਹੋਣ ਦੇ ਬਾਵਜੂਦ ਚੱਲ ਰਹੀ ਸੀ ਫੈਕਟਰੀ/ ਕੰਧ ਡਿੱਗਣ ਬਾਅਦ ਹੋਇਆ ਖੁਲਾਸਾ By admin - July 16, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਮਕਬੂਲਪੁਰਾ ਸਥਿਤ ਫੋਕਲ ਪੁਆਇੰਟ ਵਿੱਚ ਇੱਕ ਕੈਮੀਕਲ ਫੈਕਟਰੀ ਨੂੰ ਲੈ ਕੇ ਉਦਯੋਗਪਤੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਗੰਭੀਰ ਇਲਜ਼ਾਮ ਲਗਾਏ ਗਏ ਹਨ। ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨੇ ਦਾਅਵਾ ਕੀਤਾ ਕਿ ਸੰਬੰਧਤ ਫੈਕਟਰੀ ਵਿਰੁੱਧ ਪਹਿਲਾਂ ਹੀ ਪ੍ਰਦੂਸ਼ਣ ਕੰਟਰੋਲ ਬੋਰਡ, ਐਨਜੀਟੀ ਅਤੇ ਹੋਰ ਵਿਭਾਗਾਂ ਵੱਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ, ਇਸ ਦੇ ਬਾਵਜੂਦ ਫੈਕਟਰੀ ਚਲਾਈ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੈਕਟਰੀ ਤੋਂ ਨਿਕਲਣ ਵਾਲੇ ਐਸਿਡਿਕ ਕੈਮੀਕਲ ਕਾਰਨ ਨੇੜਲੀ ਕਰੀਬ 20 ਫੁੱਟ ਉੱਚੀ ਕੰਧ ਡਿੱਗ ਗਈ, ਜਿਸ ਨਾਲ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ। ਸਥਾਨਕ ਪੁਲਿਸ ਨੇ ਲੋਕਾਂ ਨੂੰ ਜਾਂਚ ਬਾਅਦ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਦਯੋਗਪਤੀ ਪੁਨੀਤ ਸਰ ਨੇ ਆਰੋਪ ਲਗਾਇਆ ਕਿ ਫੈਕਟਰੀ ਤੋਂ ਫੈਲ ਰਹੇ ਪ੍ਰਦੂਸ਼ਣ ਕਾਰਨ ਇਲਾਕੇ ਵਿੱਚ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਐਸਿਡ ਕੰਕਰੀਟ ਅਤੇ ਸਰੀਏ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਤਾਂ ਇਸ ਦਾ ਮਨੁੱਖੀ ਸਿਹਤ ‘ਤੇ ਵੀ ਗੰਭੀਰ ਅਸਰ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਫੈਕਟਰੀ ਨੂੰ ਪਹਿਲਾਂ ਹੀ ਬੰਦ ਕਰਨ ਦੇ ਹੁਕਮ ਹਨ ਤਾਂ ਇਸ ਨੂੰ ਪੂਰੀ ਤਰ੍ਹਾਂ ਸੀਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਦਵਿੰਦਰਪਾਲ ਸਿੰਘ ਨੇ ਦਾਅਵਾ ਕੀਤਾ ਕਿ ਫੈਕਟਰੀ ਵੱਲੋਂ ਪ੍ਰਦੂਸ਼ਿਤ ਕੈਮੀਕਲ ਸੀਵਰੇਜ ਵਿੱਚ ਛੱਡਿਆ ਜਾਂਦਾ ਹੈ, ਜਿਸ ਨਾਲ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਕੁਨੈਕਸ਼ਨ ਕੱਟੇ ਜਾਣ ਅਤੇ ਐਫਆਈਆਰ ਦਰਜ ਹੋਣ ਦੇ ਬਾਵਜੂਦ ਵੀ ਫੈਕਟਰੀ ਜਨਰੇਟਰਾਂ ਰਾਹੀਂ ਚਲਾਈ ਜਾ ਰਹੀ ਹੈ। ਉਨ੍ਹਾਂ ਸਾਰੇ ਸੰਬੰਧਤ ਵਿਭਾਗਾਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਅੰਮ੍ਰਿਤਸਰ ਇੰਡਸਟਰੀਅਲ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਕਾਰਵਾਈ ਅਤੇ ਹੁਕਮ ਜਾਰੀ ਹੋਣ ਦੇ ਬਾਵਜੂਦ ਜੇ ਫੈਕਟਰੀ ਚੱਲ ਰਹੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਅਤੇ ਲੋਕਾਂ ਦੀ ਸੁਰੱਖਿਆ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉੱਧਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੰਧ ਡਿੱਗਣ ਦੀ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀ ਨੂੰ ਮੌਕੇ ‘ਤੇ ਭੇਜਿਆ ਗਿਆ ਹੈ ਅਤੇ ਜਾਂਚ ਤੋਂ ਬਾਅਦ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਹ ਅਮਲ ਵਿੱਚ ਲਿਆਂਦੀ ਜਾਵੇਗੀ।