ਪੰਜਾਬ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਪ੍ਰੈੱਸ ਕਾਨਫਰੰਸ/ ਬਰਸਾਤੀ ਮੌਸਮ ਦੀਆਂ ਦਿੱਕਤਾਂ ਨਾਲ ਨਜਿੱਠਣ ਦਾ ਦਾਅਦਾ/ ਹੜ੍ਹਾਂ ਤੇ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਤਿਆਰ By admin - July 16, 2026 0 1 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਡੀ.ਸੀ. ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੇ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ ਹੈ। ਆਪਣੇ ਸੰਬੋਧਨ ਵਿਚ ਸਿਹਤ ਮੰਤਰੀ ਨੇ ਕਿਹਾ ਕਿ ਬਰਸਾਤੀ ਦੌਰਾਨ ਹੜ੍ਹਾਂ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨਾਲ ਮਿਲ ਕੇ ਵਿਸਥਾਰਤ ਤਿਆਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੜ੍ਹਾਂ ਤੇ ਸਿਹਤ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਡਾਇਰੀਆ ਅਤੇ ਗੰਦੇ ਪਾਣੀ ਨਾਲ ਫੈਲਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ। ਇਸ ਮੁਹਿੰਮ ਵਿੱਚ ਸਥਾਨਕ ਸਰਕਾਰਾਂ, ਨਗਰ ਨਿਗਮਾਂ, ਪੰਚਾਇਤਾਂ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਵਿਭਾਗ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਕੈਮਿਸਟ ਐਸੋਸੀਏਸ਼ਨ, ਐਨਜੀਓਜ਼ ਅਤੇ ਹੋਰ ਸਮਾਜਿਕ ਸੰਸਥਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿਸੇ ਵੀ ਖੇਤਰ ਵਿੱਚ ਬਿਮਾਰੀ ਦੇ ਕੇਸ ਸਾਹਮਣੇ ਆਉਣ ‘ਤੇ ਤੁਰੰਤ ਡੋਰ-ਟੂ-ਡੋਰ ਸਰਵੇ ਕਰਕੇ ਕਾਰਨਾਂ ਦੀ ਜਾਂਚ ਕਰਨਗੀਆਂ। ਉਨ੍ਹਾਂ ਕਿਹਾ ਕਿ ਜਿੱਥੇ ਵੀ ਡੇਂਗੂ ਜਾਂ ਡਾਇਰੀਆ ਦੇ ਕੇਸ ਮਿਲਦੇ ਹਨ, ਉੱਥੇ ਤੁਰੰਤ ਫੌਗਿੰਗ, ਪਾਣੀ ਦੀ ਜਾਂਚ ਅਤੇ ਸਫਾਈ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਬਰਸਾਤੀ ਮੌਸਮ ਲਈ 85 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ, ਪਾਣੀ ਜਾਂਚ ਕਿੱਟਾਂ ਅਤੇ ਹੋਰ ਮੈਡੀਕਲ ਸਮੱਗਰੀ ਪਹਿਲਾਂ ਹੀ ਸਾਰੇ ਜ਼ਿਲ੍ਹਿਆਂ ਵਿੱਚ ਭੇਜੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਰਾਜ ਪੱਧਰ ‘ਤੇ 104 ਹੈਲਪਲਾਈਨ 24 ਘੰਟੇ ਚੱਲ ਰਹੀ ਹੈ। ਜੇਕਰ ਕਿਸੇ ਖੇਤਰ ਵਿੱਚ ਗੰਦਾ ਪਾਣੀ, ਮੱਛਰਾਂ ਦੀ ਭਰਮਾਰ ਜਾਂ ਕਿਸੇ ਬਿਮਾਰੀ ਦਾ ਖਤਰਾ ਹੋਵੇ ਤਾਂ ਲੋਕ 104 ‘ਤੇ ਜਾਣਕਾਰੀ ਦੇ ਸਕਦੇ ਹਨ, ਜਿਸ ਤੋਂ ਬਾਅਦ ਸਬੰਧਤ ਵਿਭਾਗ ਤੁਰੰਤ ਕਾਰਵਾਈ ਕਰੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 5,242 ਸ਼ੱਕੀ ਡੇਂਗੂ ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਆਮ ਆਦਮੀ ਕਲੀਨਿਕਾਂ ਵਿੱਚ ਡੇਂਗੂ ਟੈਸਟ ਦੀ ਸਹੂਲਤ ਉਪਲਬਧ ਹੋਣ ਕਾਰਨ ਬਿਮਾਰੀ ਦੀ ਸ਼ੁਰੂਆਤੀ ਪੜਾਅ ਵਿੱਚ ਹੀ ਪਛਾਣ ਕੀਤੀ ਜਾ ਰਹੀ ਹੈ। ਹਰ ਸ਼ੁੱਕਰਵਾਰ “ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਘਰਾਂ ਅਤੇ ਜਨਤਕ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 2,300 ਸਾਂਝੀਆਂ ਫੀਲਡ ਟੀਮਾਂ ਬਣਾਈਆਂ ਗਈਆਂ ਹਨ, ਜਦਕਿ 38,122 ਨਰਸਿੰਗ ਵਿਦਿਆਰਥੀਆਂ, 2,00,515 ਆਸ਼ਾ ਵਰਕਰਾਂ ਅਤੇ 18,515 ਸਕੂਲ ਅਧਿਆਪਕਾਂ ਨੂੰ ਡੇਂਗੂ ਰੋਕਥਾਮ ਲਈ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿੱਚ 1,200 ਬੈੱਡ ਅਤੇ ਲੋੜੀਂਦੇ ਪਲੇਟਲੈਟ ਅਤੇ ਇਲਾਜ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਆਲੇ-ਦੁਆਲੇ ਸਫਾਈ ਰੱਖਣ, ਕੱਟੇ ਹੋਏ ਫਲ ਅਤੇ ਖੁੱਲ੍ਹਾ ਖਾਣਾ ਨਾ ਖਾਣ, ਪੀਣ ਲਈ ਸਾਫ਼ ਪਾਣੀ ਵਰਤਣ ਅਤੇ ਕੂਲਰ, ਪਾਣੀ ਦੇ ਭਾਂਡੇ ਅਤੇ ਪੰਛੀਆਂ ਲਈ ਰੱਖੇ ਬਰਤਨਾਂ ਦਾ ਪਾਣੀ ਹਰ ਹਫ਼ਤੇ ਬਦਲਣ। ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਰੋਕਣਾ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਪੰਜਾਬ ਨੂੰ ਉਮੀਦਾਂ ਹਨ ਅਤੇ ਉਹਨਾਂ ਨੂੰ ਪੰਜਾਬ ਨਾਲ ਹੋ ਰਹੇ ਵਿਤਕਰੇ ਨੂੰ ਖਤਮ ਕਰਦਿਆਂ ਰਾਜ ਦੇ ਬਕਾਇਆ ਫੰਡ, ਐਨ.ਐਚ.ਐਮ. ਦੀ ਰਕਮ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੜ੍ਹ ਦੀ ਸਥਿਤੀ ‘ਤੇ ਮਿੰਟ-ਟੂ-ਮਿੰਟ ਨਿਗਰਾਨੀ ਕਰ ਰਹੀ ਹੈ। ਨਦੀਆਂ ਅਤੇ ਚੋਆਂ ਦੀ ਸਫਾਈ, ਪਾਣੀ ਦੇ ਨਿਕਾਸ ਦੀ ਸਮਰੱਥਾ ਵਧਾਉਣ ਅਤੇ ਸੰਭਾਵਿਤ ਪ੍ਰਭਾਵਿਤ ਖੇਤਰਾਂ ਵਿੱਚ ਪਹਿਲਾਂ ਤੋਂ ਹੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਇਸ ਲਈ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪ੍ਰੀਪੇਡ ਬਿਜਲੀ ਮੀਟਰਾਂ ਦੇ ਮੁੱਦੇ ‘ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਰਾਜ ਸਰਕਾਰ ਦੇ ਪੱਧਰ ‘ਤੇ ਵਿਚਾਰ ਅਧੀਨ ਹੈ ਅਤੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਦਾ ਹੱਲ ਕੱਢਣ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਹਰ ਹਾਲਤ ਵਿੱਚ ਯਕੀਨੀ ਬਣਾਈਆਂ ਜਾਣਗੀਆਂ। ਅੰਤ ਵਿੱਚ ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਜਾਂ ਬਿਮਾਰੀ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ