ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼/ 43 ਲੋਕ ਛੁਡਾ ਕੇ ਮੁੱਖ ਸੰਚਾਲਕ ਸਮੇਤ 6 ਨੂੰ ਕੀਤਾ ਕਾਬੂ/ ਦੋ ਮੁਲਜ਼ਮਾਂ ਤੇ ਪਹਿਲਾਂ ਵੀ ਐਨਡੀਪੀਐਸ ਦੇ ਮਾਮਲੇ ਦਰਜ By admin - July 17, 2026 0 3 Facebook Twitter Pinterest WhatsApp ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੇ ਇੱਕ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕਰਦਿਆਂ ਵੱਡੀ ਕਾਰਵਾਈ ਕੀਤੀ ਹੈ। ਥਾਣਾ ਗੇਟ ਹਕੀਮਾਂ ਅਧੀਨ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਛਾਪਾ ਮਾਰ ਕੇ 43 ਵਿਅਕਤੀਆਂ ਨੂੰ ਰੈਸਕਿਊ ਕੀਤਾ, ਜਿਨ੍ਹਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਕੇਂਦਰ ਵਿੱਚ ਰੱਖਿਆ ਗਿਆ ਸੀ। ਇਸ ਮਾਮਲੇ ਵਿੱਚ ਮੁੱਖ ਸੰਚਾਲਕ ਕੁਲਦੀਪ ਕੁਮਾਰ ਉਰਫ਼ ਚੌਹਾਨ ਅਤੇ ਉਸ ਦੇ ਪੁੱਤਰ ਸਮੇਤ ਕੁੱਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਕੇਂਦਰ ਵਿੱਚ ਰੱਖੇ ਗਏ ਵਿਅਕਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਬੰਦ ਕਰਕੇ ਰੱਖਿਆ ਜਾਂਦਾ ਸੀ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਗੇਟ ਹਕੀਮਾਂ ਦੀ ਐੱਸਐੱਚਓ ਮਨਜੀਤ ਕੌਰ ਨੂੰ ਗੈਰ-ਕਾਨੂੰਨੀ ਡੀ-ਐਡੀਕਸ਼ਨ ਸੈਂਟਰ ਚੱਲਣ ਸਬੰਧੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਸਿਵਲ ਸਰਜਨ ਦਫ਼ਤਰ ਨਾਲ ਸੰਪਰਕ ਕੀਤਾ। ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਸਾਂਝੇ ਤੌਰ ‘ਤੇ ਛਾਪੇਮਾਰੀ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਕੁਲਦੀਪ ਕੁਮਾਰ ਉਰਫ਼ ਚੌਹਾਨ ਅਤੇ ਉਸ ਦਾ ਪੁੱਤਰ ਚਲਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਕੇਂਦਰ ਵਿੱਚ ਮੌਜੂਦ 43 ਵਿਅਕਤੀਆਂ ਨੂੰ ਰੈਸਕਿਊ ਕਰਕੇ ਸਰਕਾਰੀ ਮਨਜ਼ੂਰਸ਼ੁਦਾ ਨਸ਼ਾ ਮੁਕਤੀ ਕੇਂਦਰਾਂ ਵਿੱਚ ਭੇਜਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ 6 ਮੁਲਜ਼ਮਾਂ ਵਿੱਚੋਂ ਜਸਪਾਲ ਅਤੇ ਕਰਮਜੀਤ ਖ਼ਿਲਾਫ਼ ਪਹਿਲਾਂ ਤੋਂ ਹੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ। ਪੁਲਿਸ ਮੁਤਾਬਕ ਕੇਂਦਰ ਵਿੱਚ ਰੱਖੇ ਗਏ ਵਿਅਕਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਬੰਦ ਕਰਕੇ ਰੱਖਿਆ ਜਾਂਦਾ ਸੀ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕਿਹੜੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਸਨ ਅਤੇ ਇਹ ਦਵਾਈਆਂ ਜਾਂ ਹੋਰ ਸਮੱਗਰੀ ਕਿੱਥੋਂ ਲਿਆਂਦੀ ਜਾਂਦੀ ਸੀ, ਇਸ ਸਬੰਧੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਰੈਸਕਿਊ ਕੀਤੇ ਗਏ ਇੱਕ ਨੌਜਵਾਨ ਪਵਨਦੀਪ ਸਿੰਘ ਨੇ ਦੱਸਿਆ ਕਿ ਉਹ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਇਸ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਵਿੱਚ ਰਹਿ ਰਿਹਾ ਸੀ, ਜਿੱਥੇ ਹਰ ਮਹੀਨੇ 15 ਹਜ਼ਾਰ ਰੁਪਏ ਫੀਸ ਲਈ ਜਾਂਦੀ ਸੀ। ਉਸ ਨੇ ਦੋਸ਼ ਲਗਾਇਆ ਕਿ ਕੇਂਦਰ ਵਿੱਚ ਮਰੀਜ਼ਾਂ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਨੂੰ ਗੋਲੀਆਂ ਦਿੱਤੀਆਂ ਜਾਂਦੀਆਂ ਸਨ। ਉਸ ਨੇ ਇਹ ਵੀ ਦੱਸਿਆ ਕਿ ਕੇਂਦਰ ਵਿੱਚ ਰਹਿਣ ਵਾਲੇ ਕੁਝ ਵਿਅਕਤੀਆਂ ਦੀ ਛੁੱਟੀ ਤੋਂ ਬਾਅਦ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ। ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੇਂਦਰ ਵਿੱਚ ਵਰਤੀਆਂ ਜਾ ਰਹੀਆਂ ਦਵਾਈਆਂ, ਨਸ਼ੀਲੇ ਪਦਾਰਥਾਂ ਅਤੇ ਹੋਰ ਸਮੱਗਰੀ ਦੀ ਸਪਲਾਈ ਕਿੱਥੋਂ ਹੋ ਰਹੀ ਸੀ। ਪੁਲਿਸ ਨੇ ਕਿਹਾ ਕਿ ਜਾਂਚ ਦੌਰਾਨ ਜੋ ਵੀ ਹੋਰ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।