ਮੋਗਾ ਦੇ ਪਿੰਡ ਦੌਧਰ ਸਰਕੀ ’ਚ ਗੋਲੀ ਨਾਲ ਬਜ਼ੁਰਗ ਦੀ ਮੌਤ/ ਮਾਮੂਲੀ ਤਕਰਾਰ ਤੋਂ ਬਾਅਦ ਚਲਾਈਆਂ ਗੋਲੀਆਂ/ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

 

ਮੋਗਾ ਦੇ ਪਿੰਡ ਦੌਧਰ ਸਰਕੀ ਵਿਚ ਮਾਮੂਲੀ ਗੱਲ ਨੂੰ ਲੈ ਕੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 65 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ, ਵਾਸੀ ਪਿੰਡ ਦੌਧਰ ਸਰਕੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਜ਼ੁਰਗ ਨੇ ਝਗੜਾ ਕਰ ਰਹੇ ਨੌਜਵਾਨ ਕੋਲੋਂ ਰਸਤਾ ਮੰਗਿਆ ਸੀ, ਜਿਸ ਤੋਂ ਤੈਸ਼ ਵਿਚ ਆ ਕੇ ਉਸ ਨੇ ਗੋਲੀਆਂ ਚਲਾ ਦਿੱਤੀ। ਬਜ਼ੁਰਗ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪੁੱਤਰ ਹਰਦੀਪ ਸਿੰਘ ਦੇ ਦੱਸਣ ਮੁਤਾਬਕ ਉਸ ਦਾ ਪਿਤਾ ਸੈਲੂਨ ਵੱਲ ਜਾ ਰਿਹਾ ਸੀ ਕਿ ਰਸਤੇ ਵਿੱਚ ਪਿੰਡ ਦਾ ਹੀ ਇੱਕ ਨੌਜਵਾਨ ਇੱਕ ਬੱਸ ਚਾਲਕ ਨਾਲ ਬਹਿਸ ਕਰ ਰਿਹਾ ਸੀ। ਜਦੋਂ ਨਿਰਮਲ ਸਿੰਘ ਨੇ ਲੰਘਣ ਲਈ ਰਸਤਾ ਮੰਗਿਆ ਤਾਂ ਉਕਤ ਨੌਜਵਾਨ ਨੇ ਗੁੱਸੇ ਵਿੱਚ ਆ ਕੇ ਉਨ੍ਹਾਂ ‘ਤੇ ਦੋ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਪਿੱਠ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਪਰ ਡਿਊਟੀ ‘ਤੇ ਮੌਜੂਦ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬਧਨੀ ਕਲਾਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here