ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਨਮਿਤ ਸਮਾਗਮ/ ਸ਼ਤਾਬਦੀ ਮੌਕੇ ਪਾਏ ਆਖੰਡ ਪਾਠ ਸਾਹਿਬ ਦੇ ਭੋਗ/ ਸਮੁੰਦਰੀ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ

0
1

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮਹਾਨ ਆਗੂ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੰਘ ਸਾਹਿਬਾਨ, ਸੰਤ-ਮਹਾਂਪੁਰਸ਼, ਸ਼੍ਰੋਮਣੀ ਕਮੇਟੀ ਅਹੁਦੇਦਾਰ, ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸਮੂਹ ਸਿੱਖ ਸੰਗਤ ਨੂੰ ਤੇਜ ਸਿੰਘ ਸਮੁੰਦਰੀ ਦੇ ਜੀਵਨ ਤੋਂ ਸੇਧ ਲੈ ਕੇ ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਸਮਰਪਿਤ ਹੋਣ ਦੀ ਅਪੀਲ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਅੱਗੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਘਰ, ਪੰਥ ਅਤੇ ਸੰਸਥਾਵਾਂ ਦੀ ਮਜ਼ਬੂਤੀ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਵਿਅਕਤੀ ਭਾਵੇਂ ਚਲੇ ਜਾਂਦੇ ਹਨ, ਪਰ ਸੰਸਥਾਵਾਂ ਸਦੀਆਂ ਤੱਕ ਕਾਇਮ ਰਹਿੰਦੀਆਂ ਹਨ ਅਤੇ ਸਮੁੰਦਰੀ ਜੀ ਨੇ ਇਸ ਸੋਚ ਨੂੰ ਅਮਲੀ ਰੂਪ ਦਿੱਤਾ। ਉਨ੍ਹਾਂ ਸਿੱਖਿਆ ਦੇ ਪ੍ਰਸਾਰ, ਇਸਤਰੀਆਂ ਨੂੰ ਵੋਟ ਦਾ ਹੱਕ ਦਿਵਾਉਣ ਅਤੇ ਪੰਥਕ ਸੰਸਥਾਵਾਂ ਦੀ ਉਸਾਰੀ ਵਿੱਚ ਸਮੁੰਦਰੀ ਜੀ ਦੇ ਯੋਗਦਾਨ ਨੂੰ ਇਤਿਹਾਸਕ ਕਰਾਰ ਦਿੱਤਾ।
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਚਾਬੀਆਂ ਦੇ ਮੋਰਚੇ, ਜੈਤੋ ਮੋਰਚੇ, ਗੁਰੂ ਕੇ ਬਾਗ ਮੋਰਚੇ ਅਤੇ ਰਕਾਬਗੰਜ ਗੁਰਦੁਆਰਾ ਸਾਹਿਬ ਨਾਲ ਜੁੜੇ ਸੰਘਰਸ਼ਾਂ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸਮੁੰਦਰੀ ਜੀ ਨੇ ਲੰਬਾ ਸੰਘਰਸ਼ ਕੀਤਾ, ਜੇਲ੍ਹਾਂ ਕੱਟੀਆਂ ਅਤੇ ਆਖ਼ਰਕਾਰ ਲਾਹੌਰ ਜੇਲ੍ਹ ਵਿੱਚ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਮੁੰਦਰੀ ਜੀ ਦੇ ਜੀਵਨ ਤੋਂ ਸੇਧ ਲੈ ਕੇ ਪੰਥ ਅਤੇ ਸਮਾਜ ਦੀ ਸੇਵਾ ਲਈ ਅੱਗੇ ਆਉਣ।
ਦਿੱਲੀ ਦੇ ਗਵਰਨਰ ਤਰਨਜੀਤ ਸਿੰਘ ਸਮੁੰਦਰੀ ਨੇ ਸ. ਤੇਜਾ ਸਿੰਘ ਸਮੁੰਦਰੀ ਦੇ ਸਮਾਜਿਕ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦਲਿਤ ਭਾਈਚਾਰੇ ਦੇ ਹੱਕਾਂ ਲਈ ਵੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ 1921 ਦੇ ਜੰਡਿਆਲਾ ਇਕੱਠ ਅਤੇ ਸਿਰਹਾਲੀ ਪਿੰਡ ਵਿੱਚ ਛੂਆਛਾਤ ਖ਼ਿਲਾਫ਼ ਸਮੁੰਦਰੀ ਜੀ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖੁਦ ਦਲਿਤ ਭਰਾਵਾਂ ਨਾਲ ਖੂਹ ਤੋਂ ਪਾਣੀ ਕੱਢ ਕੇ ਪੀਤਾ ਅਤੇ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਕੇ ਬਾਗ ਮੋਰਚੇ ਦੌਰਾਨ ਹਰ ਧਰਮ ਦੇ ਲੋਕਾਂ ਨੇ ਇਕੱਠੇ ਹੋ ਕੇ ਸਿੱਖਾਂ ਦਾ ਸਾਥ ਦਿੱਤਾ, ਜੋ ਅੱਜ ਵੀ ਏਕਤਾ ਦੀ ਮਿਸਾਲ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ 1919 ਤੋਂ ਸ਼ੁਰੂ ਹੋਏ ਹਰ ਪੰਥਕ ਸੰਘਰਸ਼ ਵਿੱਚ ਅਗਵਾਈ ਕੀਤੀ ਅਤੇ ਜੇਲ੍ਹ ਦੀਆਂ ਮੁਸ਼ਕਲਾਂ ਦੇ ਬਾਵਜੂਦ ਕਦੇ ਵੀ ਸਿਦਕ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਸਿਰਫ਼ 44 ਸਾਲ ਦੀ ਉਮਰ ਵਿੱਚ ਸ਼ਹਾਦਤ ਪ੍ਰਾਪਤ ਕਰਨ ਦੇ ਬਾਵਜੂਦ ਸਮੁੰਦਰੀ ਜੀ ਨੇ ਅਜਿਹੀ ਵਿਰਾਸਤ ਛੱਡੀ ਜੋ ਅੱਜ ਵੀ ਪੰਥ ਲਈ ਪ੍ਰੇਰਣਾ ਸਰੋਤ ਹੈ। ਧਾਮੀ ਨੇ ਮੌਜੂਦਾ ਸਮੇਂ ਵਿੱਚ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਆਪਸੀ ਮਤਭੇਦ ਭੁਲਾ ਕੇ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਸਭ ਤੋਂ ਵੱਡੀ ਪੂੰਜੀ ਹਨ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜ ਕੇ ਮਹਾਨ ਸ਼ਹੀਦਾਂ ਦੇ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ ਤਾਂ ਜੋ ਕੌਮ ਚੜ੍ਹਦੀ ਕਲਾ ਵਿੱਚ ਰਹੇ। ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਪਿੱਛੇ ਸਮੁੰਦਰੀ ਜੀ ਵਰਗੇ ਆਗੂਆਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ ਨੂੰ ਇੱਕ ਝੰਡੇ ਹੇਠ ਇਕੱਠੇ ਹੋ ਕੇ ਸ. ਤੇਜਾ ਸਿੰਘ ਸਮੁੰਦਰੀ ਦੇ ਦਰਸਾਏ ਰਾਹ ‘ਤੇ ਚੱਲਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here