ਤਰਨ ਤਾਰਨ ਦੇ ਕਸਬਾ ਫਤਿਆਬਾਦ ’ਚ ਫਾਇਰਿੰਗ/ ਕੱਪੜਾ ਵਪਾਰੀ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ/ 15 ਦਿਨ ਪਹਿਲਾਂ ਧਮਕੀ ਫੋਨ ਆਉਣ ਦਾ ਦਾਅਵਾ

0
1

ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਅੱਜ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇਥੇ ਸਥਿਤ ਇਕ ਕੱਪੜਾ ਵਪਾਰੀ ਦੀ ਦੁਕਾਨ ਉਤੇ ਅਣਪਛਾਤੇ ਮੋਟਰ ਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੋ ਗਏ। ਗਨੀਮਤ ਇਹ ਰਹੀ ਕਿ ਗੋਲੀਬਾਰੀ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਦੁਕਾਨ ਦੇ ਮਾਲਕਾਂ ਮੁਤਾਬਕ ਉਨ੍ਹਾਂ ਨੂੰ 20 ਦਿਨ ਪਹਿਲਾਂ ਫਿਰੌਤੀ ਦੀ ਕਾਲ ਆਈ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਜਾਨੀ ਨੁਕਸਾਨ ਦੀ ਧਮਕੀ ਦਿੱਤੀ ਗਈ ਸੀ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਲਗਭਗ 15 ਦਿਨ ਪਹਿਲਾਂ ਕਸਬੇ ਦੇ ਨਾਮੀ ਕੱਪੜਾ ਵਪਾਰੀ ਨਵਦੀਪ ਸਿੰਘ ਹਨੀ ਪੁੱਤਰ ਮਹਿੰਦਰ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਫੋਨ ‘ਤੇ ਫਿਰੌਤੀ ਦੀ ਮੰਗ ਕਰਦੇ ਹੋਏ 50 ਲੱਖ ਰੁਪਏ ਮੰਗੇ ਸਨ, ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਦਾ ਜਾਨੀ ਨੁਕਸਾਨ ਕਰਨ ਦੀ ਧਮਕੀ ਦਿੱਤੀ ਗਈ ਸੀ। ਵਪਾਰੀ ਵੱਲੋਂ ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਅੱਜ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਸਦੀ ਦੁਕਾਨ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਆਵਾਜ਼ ਸੁਣਦੇ ਹੀ ਕਸਬਾ ਫਤਿਆਬਾਦ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਦੁਕਾਨਦਾਰਾਂ ਨੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ। ਖੁਸ਼ਕਿਸਮਤੀ ਨਾਲ ਇਸ ਹਮਲੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮੌਕੇ ਤੇ ਪਹੁੰਚੇ ਡੀਐੱਸਪੀ ਹਰਿੰਦਰ ਸਿੰਘ ਵੱਲੋਂ ਘਟਨਾ ਸਬੰਧੀ ਜਾਣਕਾਰੀ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਾਰੋਬਾਰੀ ਨਵਦੀਪ ਸਿੰਘ ਹਨੀ ਨੇ ਪੁਲੀਸ ਤੋਂ ਸੁਰੱਖਿਆ ਦੀ ਮੰਗ ਕਰਦਿਆ ਆਖਿਆ ਕਿ ਫਿਰੌਤੀ ਦੀਆਂ ਧਮਕੀਆਂ ਕਾਰਨ ਉਹ ਅਤੇ ਉਸਦਾ ਪਰਿਵਾਰ ਦਹਿਸ਼ਤ ‘ਚ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here