ਬਰਨਾਲਾ ’ਚ ਗੰਦਗੀ ਦੀ ਭਰਮਾਰ ਤੋਂ ਲੋਕ ਪ੍ਰੇਸ਼ਾਨ/ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਵਿਗੜੇ ਹਾਲਾਤ/ ਕੂੜੇ ਦੇ ਢੇਰ ’ਚ ਤਬਦੀਲ ਹੋਇਆ ਸ਼ਹਿਰ

0
1

ਸਫਾਈ ਸੇਵਕਾਂ ਦੀ ਹੜਤਾਲ ਦੇ ਚਲਦਿਆਂ ਬਰਨਾਲਾ ਸ਼ਹਿਰ ਅੰਦਰ ਸਫਾਈ ਵਿਵਸਥਾ ਲਗਾਤਾਰ ਵਿਗੜ ਰਹੀ ਹੈ। ਸ਼ਹਿਰ ਅੰਦਰ ਥਾਂ ਥਾਂ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਦੇ ਚਲਦਿਆਂ ਬਿਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਗਿਆ ਹੈ। ਹਾਲਤ ਇਹ ਹੈ ਕਿ ਗਲੀਆਂ-ਮੁਹੱਲਿਆਂ ਅਤੇ ਬਾਜ਼ਾਰਾਂ ਵਿੱਚ ਕੂੜਾ ਇਕੱਠਾ ਹੋਣ ਕਾਰਨ ਸਾਰੇ ਪਾਸੇ ਬਦਬੂ ਫੈਲ ਗਈ ਹੈ ਅਤੇ ਕਿਸੇ ਸਮੇਂ ਵੀ ਵੱਡੀ ਬਿਮਾਰੀ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾ ਕੇ ਸਫਾਈ ਵਿਵਸਥਾ ਠੀਕ ਕਰਨ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਸਫਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਪੰਜਾਬ ਭਰ ਵਿੱਚ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਉਧਰ ਆਮ ਲੋਕਾਂ ਨੇ ਵੀ ਸਰਕਾਰ ਤੋਂ ਸਫਾਈ ਸੇਵਕਾਂ ਦੇ ਮਸਲੇ ਹੱਲ ਕਰਨ ਦੀ ਮੰਗ ਉਠਾਉਣੀ ਸ਼ੁਰੂ ਕਰ ਦਿੱਤੀ ਹੈ।
ਸਮਾਜ ਸੇਵੀ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰਾਂ ਇਸ ਮਸਲੇ ਨੂੰ ਹੱਲ ਕਰਨ ਵਿੱਚ ਲਗਾਤਾਰ ਨਾਕਾਮ ਸਾਬਤ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਇਸ ਮਸਲੇ ਦਾ ਗੰਭੀਰਤਾ ਨਾਲ ਹੱਲ ਕੱਢਣਾ ਚਾਹੀਦਾ ਹੈ। ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਕਿਹਾ ਕਿ ਸਫਾਈ ਸੇਵਕ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਦੂਜੇ ਪਾਸੇ ਨਗਰ ਕੌਂਸਲ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਸਫਾਈ ਸੇਵਕਾਂ ਦੇ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ ਅਤੇ ਜਲਦ ਹੀ ਇਸ ਹੜਤਾਲ ਦਾ ਹੱਲ ਕੱਢ ਲਿਆ ਜਾਵੇਗਾ।

LEAVE A REPLY

Please enter your comment!
Please enter your name here