ਪੰਜਾਬ ਦਿੱਲੀ ਵਿਖੇ 21 ਨੂੰ ਹੋਵੇਗੀ ਦੇਸ਼ ਬਚਾਓ ਮੋਰਚਾ ਦੀ ਮਹਾਂ ਰੈਲੀ/ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਸਾਂਝਾ ਕੀਤੀ ਜਾਣਕਾਰੀ/ 20 ਨੂੰ ਪੰਜਾਬ ਤੋਂ ਦਿੱਲੀ ਵੱਲ ਰਵਾਨਾ ਹੋਣਗੀਆਂ ਸੈਂਕੜੇ ਬੱਸਾਂ By admin - July 19, 2026 0 3 Facebook Twitter Pinterest WhatsApp ਦੇਸ਼ ਬਚਾਓ ਮੋਰਚੇ ਵੱਲੋਂ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਮਹਾਂ ਰੈਲੀਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੈਂਕੜੇ ਬੱਸਾਂ ਦਿੱਲੀ ਲਈ ਰਵਾਨਾ ਹੋਣਗੀਆਂ। ਇਸ ਰੈਲੀ ਵਿੱਚ ਕਿਸਾਨ, ਮਜ਼ਦੂਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਿਆਪਕ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਇਹ ਰੈਲੀ ਕੀਤੀ ਜਾ ਰਹੀ ਹੈ, ਕਿਉਂਕਿ ਇਸ ਨਾਲ ਦੇਸ਼ ਦੇ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਸਵਰਨ ਸਿੰਘ ਪੰਧੇਰ ਦੇ ਦੱਸਣ ਮੁਤਾਬਕ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਐਸਕੇਐਮ), ਬੀਕੇਯੂ ਏਕਤਾ ਸੰਘਰਸ਼ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਆਪਣੇ-ਆਪਣੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਕਿਸਾਨ ਬਿਆਸ ਵਿਖੇ ਸਵੇਰੇ 11 ਵਜੇ ਤੱਕ ਇਕੱਠੇ ਹੋਣਗੇ, ਜਦਕਿ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨ ਗੋਇੰਦਵਾਲ ਸਾਹਿਬ ਵਿਖੇ ਇਕੱਠੇ ਹੋ ਕੇ ਦਿੱਲੀ ਲਈ ਰਵਾਨਾ ਹੋਣਗੇ। ਇਸੇ ਤਰ੍ਹਾਂ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਪਹਿਲਾਂ ਤੋਂ ਤੈਅ ਕੀਤੇ ਸਥਾਨਾਂ ‘ਤੇ ਇਕੱਠ ਕਰਕੇ ਕਾਫ਼ਲੇ ਦਿੱਲੀ ਵੱਲ ਰਵਾਨਾ ਕੀਤੇ ਜਾਣਗੇ। ਸਰਵਨ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਲਾਗੂ ਹੋਣ ਨਾਲ ਮੱਕੀ, ਸੋਇਆਬੀਨ, ਕਪਾਹ, ਸੇਬ, ਨਾਸ਼ਪਾਤੀ, ਡਰਾਈ ਫਰੂਟ ਅਤੇ ਹੋਰ ਖੇਤੀ ਉਤਪਾਦਾਂ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਵਿਆਪਕ ਵਪਾਰਕ ਸਮਝੌਤਾ ਹੈ, ਜਿਸ ਦਾ ਪ੍ਰਭਾਵ ਸਿਰਫ਼ ਖੇਤੀ ਹੀ ਨਹੀਂ, ਸਗੋਂ ਦੇਸ਼ ਦੇ ਹੋਰ ਆਰਥਿਕ ਖੇਤਰਾਂ ‘ਤੇ ਵੀ ਪਵੇਗਾ। ਇਸ ਲਈ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਓਡੀਸ਼ਾ ਅਤੇ ਹੋਰ ਸੂਬਿਆਂ ਤੋਂ ਵੀ ਹਜ਼ਾਰਾਂ ਕਿਸਾਨ ਦਿੱਲੀ ਦੇ ਕਿਸਾਨ ਘਾਟ ਵਿੱਚ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਇਹ ਇੱਕ ਦਿਨ ਦਾ ਸ਼ਾਂਤਮਈ ਪ੍ਰਦਰਸ਼ਨ ਹੋਵੇਗਾ, ਜੋ ਸਵੇਰੇ ਸ਼ੁਰੂ ਹੋ ਕੇ ਸ਼ਾਮ 4 ਵਜੇ ਸਮਾਪਤ ਕੀਤਾ ਜਾਵੇਗਾ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਹੀਂ ਰੋਕੇਗੀ, ਕਿਉਂਕਿ ਦਿੱਲੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰਨਾ ਲੋਕਤੰਤਰਿਕ ਹੱਕ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਸਰਕਾਰ ਸੰਵਿਧਾਨਿਕ ਹੱਕ ਦਾ ਸਤਿਕਾਰ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਵਿੱਚ ਕਿਸੇ ਤਰ੍ਹਾਂ ਦੀ ਬੇਲੋੜੀ ਰੁਕਾਵਟ ਨਹੀਂ ਪਾਵੇਗੀ।