ਮੋਗਾ ’ਚ ਕੂੜੇ ਦੇ ਢੇਰਾਂ ਕਾਰਨ ਵਿਗੜੇ ਹਾਲਾਤ/ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਲੱਗੇ ਕੂੜੇ ਦੇ ਢੇਰ/ ਦੁਕਾਨਦਾਰਾਂ ਨੇ ਵੀ ਲਾਇਆ ਅਣਮਿੱਥੇ ਸਮੇਂ ਦਾ ਧਰਨਾ

0
3

 

ਸਫ਼ਾਈ ਸੇਵਕ ਯੂਨੀਅਨ ਦੀ ਪੰਜਾਬ ਪੱਧਰੀ ਹੜਤਾਲ ਦਾ ਅਸਰ ਹੁਣ ਮੋਗਾ ਸ਼ਹਿਰ ਵਿੱਚ ਗੰਭੀਰ ਰੂਪ ਧਾਰ ਚੁੱਕਾ ਹੈ।  ਕਈ ਦਿਨਾਂ ਤੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਬਰਸਾਤ ਦੇ ਮੌਸਮ ਵਿੱਚ ਕੂੜਾ ਨਾ ਚੁੱਕੇ ਜਾਣ ਕਾਰਨ ਬਦਬੂ ਦੇ ਨਾਲ-ਨਾਲ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ। ਇਸ ਸਥਿਤੀ ਤੋਂ ਨਾਰਾਜ਼ ਮੁੱਖ ਬਾਜ਼ਾਰ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਦੁਕਾਨਦਾਰਾਂ ਨੇ ਸਰਕਾਰ ਤੋਂ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਨ ਦੀ ਮੰਗ ਕੀਤੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਜਦੋਂ ਤਕ ਕੂੜੇ ਦੇ ਹੱਲ ਨਹੀਂ ਹੋ ਜਾਂਦਾ, ਧਰਨਾ ਜਾਰੀ ਰਹੇਗਾ।
ਧਰਨੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੁਕਾਨਦਾਰ ਅਰੁਣ ਗੁਲਾਟੀ ਨੇ ਕਿਹਾ ਕਿ ਦੁਕਾਨਾਂ ਅੱਗੇ ਪਏ ਕੂੜੇ ਦੇ ਢੇਰਾਂ ਵਿੱਚੋਂ ਆ ਰਹੀ ਬਦਬੂ ਕਾਰਨ ਗਾਹਕ ਬਾਜ਼ਾਰ ਵਿੱਚ ਆਉਣ ਤੋਂ ਗੁਰੇਜ਼ ਕਰ ਰਹੇ ਹਨ, ਜਿਸ ਨਾਲ ਕਾਰੋਬਾਰ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਾਇਜ਼ ਹਨ ਤਾਂ ਸਰਕਾਰ ਨੂੰ ਤੁਰੰਤ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਕੂੜਾ ਨਹੀਂ ਚੁੱਕਿਆ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਧਰਨੇ ਨੂੰ ਸਮਰਥਨ ਦੇਣ ਲਈ ਕਾਂਗਰਸ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਵੀ ਮੌਕੇ ‘ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਦੇ ਕਈ ਇਲਾਕੇ ਕੂੜੇ ਦੇ ਢੇਰਾਂ ਵਿੱਚ ਤਬਦੀਲ ਹੋ ਚੁੱਕੇ ਹਨ ਅਤੇ ਸਰਕਾਰ ਤੇ ਨਗਰ ਨਿਗਮ ਦੀ ਲਾਪਰਵਾਹੀ ਦਾ ਖ਼ਮਿਆਜ਼ਾ ਆਮ ਲੋਕ ਭੁਗਤ ਰਹੇ ਹਨ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਘਰਾਂ ਅੱਗੇ ਇਕੱਠਾ ਹੋ ਰਿਹਾ ਹੈ, ਜਦਕਿ ਘਰਾਂ ਤੋਂ ਵੀ ਕੂੜਾ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਸਰਕਾਰ ਨੂੰ ਤੁਰੰਤ ਦਖ਼ਲ ਦੇ ਕੇ ਸਥਿਤੀ ਨੂੰ ਸੰਭਾਲਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਕੌਂਸਲਰ ਅਤੇ ਮੌਜੂਦਾ ਮਹਿਲਾ ਕੌਂਸਲਰ ਆਸ਼ਾ ਮੱਕੜ ਦੇ ਪਤੀ ਪ੍ਰਵੀਣ ਮੱਕੜ ਨੇ ਵੀ ਦੁਕਾਨਦਾਰਾਂ ਦੇ ਧਰਨੇ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਕੂੜੇ ਦੀ ਬਦਬੂ ਕਾਰਨ ਬਾਜ਼ਾਰਾਂ ਵਿੱਚ ਗਾਹਕ ਨਹੀਂ ਆ ਰਹੇ ਅਤੇ ਵਪਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜ ਸਾਲ ਪਹਿਲਾਂ ਵੀ ਅਜਿਹੀ ਹੀ ਹੜਤਾਲ ਦੌਰਾਨ ਉਨ੍ਹਾਂ ਆਪਣੇ ਪੱਧਰ ‘ਤੇ ਕੂੜਾ ਚੁਕਵਾਇਆ ਸੀ, ਜਿਸ ਕਾਰਨ ਉਨ੍ਹਾਂ ‘ਤੇ ਹਮਲਾ ਵੀ ਹੋਇਆ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ ਦੋ-ਤਿੰਨ ਦਿਨਾਂ ਵਿੱਚ ਕੂੜਾ ਨਾ ਚੁੱਕਿਆ ਗਿਆ ਤਾਂ ਉਹ ਦੁਬਾਰਾ ਆਪਣੇ ਪੱਧਰ ‘ਤੇ ਕੂੜਾ ਚੁਕਵਾਉਣ ਲਈ ਮਜਬੂਰ ਹੋਣਗੇ।ਦੁਕਾਨਦਾਰਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸ਼ਹਿਰ ਵਿੱਚੋਂ ਕੂੜੇ ਦੇ ਢੇਰ ਨਹੀਂ ਹਟਾਏ ਜਾਂਦੇ ਅਤੇ ਸਫ਼ਾਈ ਪ੍ਰਬੰਧ ਮੁੜ ਪਟੜੀ ‘ਤੇ ਨਹੀਂ ਆਉਂਦੇ, ਉਦੋਂ ਤੱਕ ਉਨ੍ਹਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਅਤੇ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

LEAVE A REPLY

Please enter your comment!
Please enter your name here