ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਘੇਰੀ ਸਰਕਾਰ/ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਾਧੇ ਨਿਸ਼ਾਨੇ/ ਸੁਖਬੀਰ ਬਾਦਲ ਦੀ ਪੇਸ਼ੀ ਨੂੰ ਲੈ ਕੇ ਕੱਸਿਆ ਤੰਜ਼

0
2

ਸੀਨੀਅਰ ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਮਾਨ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ ਹੈ। ਅੰਮ੍ਰਿਤਸਰ ਵਿਖੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਪਰ ਸਰਕਾਰ ਲੋਕਾਂ ਦੀ ਜਾਨ ਮਾਨ ਦੀ ਰਾਖੀ ਵਿਚ ਅਸਫਲ ਸਾਬਤ ਹੋਈ ਹੈ। ਸੁਖਬੀਰ ਬਾਦਲ ਦੀ ਸਿਟ ਅੱਗੇ ਪੇਸ਼ੀ ਤੇ ਤੰਜ਼ ਕਸਦਿਆਂ ਡਾ. ਵੇਰਕਾ ਨੇ ਕਿਹਾ ਕਿ ਸਰਕਾਰ ਸਾਢੇ ਚਾਰ ਸਾਲਾਂ ਵਿਚ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿਚ ਅਸਫਲ ਸਾਬਤ ਹੋਈ ਹੈ ਅਤੇ ਹੁਣ ਚੋਣਾਂ ਨੇੜੇ ਵੇਖ ਕੇ ਖਾਨਾਪੂਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪੁਛਗਿੱਛ ਲਈ ਬੁਲਾ ਕੇ ਚਾਹ ਸਮੌਸੇ ਖੁਆ ਕੇ ਮੋੜ ਦਿੱਤਾ ਜਾਂਦਾ ਹੈ।
ਡਾ. ਵੇਰਕਾ ਨੇ ਹਾਲ ਹੀ ਵਿੱਚ ਅਜਨਾਲਾ ਵਿੱਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਕ ਦਿਨ ਪਹਿਲਾਂ ਹਥਿਆਰ ਦੀ ਨੋਕ ‘ਤੇ ਕੇਲੇ ਦੀ ਰੇਹੜੀ ਲਗਾਉਣ ਵਾਲੇ ਨੌਜਵਾਨ ਕੋਲੋਂ ਡੇਢ ਦਰਜਨ ਕੇਲੇ ਲੁੱਟ ਲਏ ਗਏ। ਇਸ ਤੋਂ ਬਾਅਦ ਇੱਕ ਬਜ਼ੁਰਗ ਮਹਿਲਾ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਗਈਆਂ। ਅਗਲੇ ਹੀ ਦਿਨ ਇੱਕ ਹੋਰ ਵਾਰਦਾਤ ਵਿਚ ਦੋ ਮੋਟਰਸਾਈਕਲ ਸਵਾਰ ਇੱਕ ਬਜ਼ੁਰਗ ਮਹਿਲਾ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਖਿੱਚਦੇ ਹੋਏ ਉਸ ਦਾ ਅੱਧਾ ਕੰਨ ਹੀ ਵੱਢ ਕੇ ਲੈ ਗਏ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਪੰਜਾਬ ਵਿੱਚ ਆਮ ਲੋਕ, ਖ਼ਾਸ ਕਰਕੇ ਮਹਿਲਾਵਾਂ ਅਤੇ ਬਜ਼ੁਰਗ, ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ।

ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਦਿਨ-ਦਿਹਾੜੇ ਲੁੱਟ, ਝਪਟਮਾਰੀ ਅਤੇ ਫਿਰੌਤੀਆਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਉਸ ਤੋਂ ਸਪੱਸ਼ਟ ਹੈ ਕਿ ਸਰਕਾਰ ਅਪਰਾਧ ‘ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਟੈਲੀਵਿਜ਼ਨ ਚੈਨਲਾਂ ‘ਤੇ ਲਗਾਤਾਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਭੈਣਾਂ ਅਤੇ ਧੀਆਂ ਵੀ ਸੁਰੱਖਿਅਤ ਨਹੀਂ ਹਨ। ਮਹਿਲਾਵਾਂ ਦੇ ਕੰਨ ਵੱਢ ਕੇ ਉਨ੍ਹਾਂ ਦੀਆਂ ਸੋਨੇ ਦੀਆਂ ਵਾਲੀਆਂ ਲੁੱਟੀਆਂ ਜਾ ਰਹੀਆਂ ਹਨ, ਪਰ ਸਰਕਾਰ ਅਤੇ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ।

ਡਾ. ਵੇਰਕਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸਰਕਾਰ ਤੋਂ ਕਾਨੂੰਨ-ਵਿਵਸਥਾ ਨਹੀਂ ਸੰਭਲ ਰਹੀ ਤਾਂ ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਪੂਰੀ ਤਰ੍ਹਾਂ ਬੇਵੱਸ ਨਜ਼ਰ ਆ ਰਹੀ ਹੈ ਅਤੇ ਅਪਰਾਧੀਆਂ ਦੇ ਹੌਂਸਲੇ ਲਗਾਤਾਰ ਬੁਲੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਕਿਉਂਕਿ ਮੌਜੂਦਾ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਅਸਫਲ ਸਾਬਤ ਹੋਈ ਹੈ।

LEAVE A REPLY

Please enter your comment!
Please enter your name here