ਪੰਜਾਬ ਬਰਨਾਲਾ ਘਟਨਾ ਨੂੰ ਲੈ ਕੇ ਸਰਕਾਰ ’ਤੇ ਵਰ੍ਹੇ ਡਾ. ਵੇਰਕਾ/ ਔਰਤਾਂ ਨਾਲ ਪੁਲਿਸ ਵਤੀਰੇ ਦੀ ਸਖਤ ਨਿੰਦਾ/ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ By admin - July 25, 2026 0 1 Facebook Twitter Pinterest WhatsApp ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਬਰਨਾਲਾ ਵਿੱਚ ਵਾਲਮੀਕੀ ਸਮਾਜ ਦੀਆਂ ਮਹਿਲਾਵਾਂ ਨਾਲ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੀਡੀਆ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖੁਦ ਪੀੜਤ ਮਹਿਲਾਵਾਂ ਦਾ ਹਾਲ-ਚਾਲ ਪੁੱਛਣ ਲਈ ਗਏ ਸਨ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਮਹਿਲਾਵਾਂ ਦੀ ਹਾਲਤ ਨੂੰ ਨੇੜਿਓਂ ਦੇਖਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਕ ਡੀਐਸਪੀ ਨੂੰ ਮੁਅੱਤਲ ਕਰ ਕੇ ਖਾਨਾਪੂਰਤੀ ਕਰ ਰਹੀ ਹੈ। ਉਨ੍ਹਾਂ ਦੋਸ਼ੀ ਪੁਲਿਸ ਮੁਲਾਜਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਡਾ. ਵੇਰਕਾ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਲਈ ਚੇਤਾਵਨੀ ਦਿੱਤੀ ਸੀ, ਪਰ ਸਰਕਾਰ ਨੇ ਸਿਰਫ਼ ਇੱਕ ਡੀਐਸਪੀ ਨੂੰ ਮੁਅੱਤਲ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਰਫ਼ “ਖਾਨਾਪੂਰਤੀ” ਹੈ ਅਤੇ ਇਸ ਨਾਲ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਦਾ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਇਸ ਘਟਨਾ ਦੌਰਾਨ 30 ਤੋਂ ਵੱਧ ਮਹਿਲਾਵਾਂ ਜ਼ਖ਼ਮੀ ਹੋਈਆਂ ਹਨ ਅਤੇ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਜਿਹੜਾ ਸਲੂਕ ਕੀਤਾ ਗਿਆ, ਉਸ ਨਾਲ ਉਨ੍ਹਾਂ ਦੀ ਇੱਜ਼ਤ ਨੂੰ ਠੇਸ ਪਹੁੰਚੀ ਹੈ ਅਤੇ ਇਹ ਮਾਮਲਾ ਬਹੁਤ ਹੀ ਗੰਭੀਰ ਹੈ। ਡਾ. ਰਾਜ ਕੁਮਾਰ ਵੇਰਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਿਰਫ਼ ਮੁਅੱਤਲੀ ਤੱਕ ਸੀਮਿਤ ਨਾ ਰਹਿੰਦੇ ਹੋਏ, ਇਸ ਘਟਨਾ ਵਿੱਚ ਜਿਨ੍ਹਾਂ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਉਨ੍ਹਾਂ ਨੂੰ ਤੁਰੰਤ ਮੁਅੱਤਲ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੇ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕੀਤਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਡਾ. ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।