ਅੰਮ੍ਰਿਤਸਰ ’ਚ ਬਿਜਲੀ ਕੱਟਾਂ ਖਿਲਾਫ਼ ਪ੍ਰਦਰਸ਼ਨ/ ਜੋੜਾ ਫਾਟਕ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ/ ਦੋ ਦਿਨਾਂ ਨਹੀਂ ਆਈ ਬਿਜਲੀ

0
1

ਅੰਮ੍ਰਿਤਸਰ ਦੇ ਪੂਰਬੀ ਹਲਕੇ ਅਧੀਨ ਆਉਂਦੇ ਜੋੜਾ ਫਾਟਕ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ। ਭਾਰੀ ਗਰਮੀ ਅਤੇ ਪਾਣੀ ਦੀ ਕਮੀ ਨਾਲ ਪਰੇਸ਼ਾਨ ਇਲਾਕਾ ਨਿਵਾਸੀਆਂ ਨੇ ਸੜਕ ‘ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਆਗੂ ਅਤੇ ਸਾਬਕਾ ਇੰਪਰੂਵਮੈਂਟ ਟਰੱਸਟ ਚੇਅਰਮੈਨ ਦਿਨੇਸ਼ ਬੱਸੀ ਵੀ ਲੋਕਾਂ ਦੇ ਸਮਰਥਨ ਵਿੱਚ ਧਰਨੇ ‘ਤੇ ਬੈਠ ਗਏ। ਸਥਾਨਕ ਵਾਸੀਆਂ ਨੇ ਬਿਜਲੀ ਮਹਿਕਮੇ ਤੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਹੈ।
ਧਰਨੇ ਦੌਰਾਨ ਦਿਨੇਸ਼ ਬੱਸੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੋਕ ਬਿਨਾਂ ਬਿਜਲੀ ਅਤੇ ਪਾਣੀ ਦੇ ਰਹਿਣ ਲਈ ਮਜਬੂਰ ਹਨ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਆਉਣਾ ਪਿਆ ਹੈ। ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਰ ਮੋਰਚੇ ‘ਤੇ ਨਾਕਾਮ ਰਹੀ ਹੈ ਅਤੇ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਬਿਜਲੀ ਜਲਦ ਬਹਾਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਪਰ ਲੋਕ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹਨ। ਦਿਨੇਸ਼ ਬੱਸੀ ਨੇ ਵਿਧਾਇਕ ਜੀਵਨਜੋਤ ਕੌਰ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬਾਕੀ ਰਹਿੰਦੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕ ਉਨ੍ਹਾਂ ਨੂੰ ਚੰਗੇ ਕੰਮਾਂ ਲਈ ਯਾਦ ਰੱਖਣ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਮਿਹਨਤ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ, ਪਰ ਅੱਜ ਉਨ੍ਹਾਂ ਨੂੰ ਆਪਣੇ ਕੰਮ-ਧੰਦੇ ਛੱਡ ਕੇ ਧਰਨੇ ‘ਤੇ ਬੈਠਣਾ ਪਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਲਾਕੇ ਦੇ ਜ਼ਿਆਦਾਤਰ ਕੌਂਸਲਰ ਲੋਕਾਂ ਦੇ ਵਿਚਕਾਰ ਨਹੀਂ ਪਹੁੰਚੇ ਅਤੇ ਸਿਰਫ਼ ਇੱਕ ਕਾਂਗਰਸੀ ਕੌਂਸਲਰ ਹੀ ਧਰਨੇ ਵਿੱਚ ਸ਼ਾਮਲ ਹੋਇਆ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਥਾਣਾ ਮੋਹਕਮਪੁਰਾ ਦੇ ਐਸਐਚਓ ਹਰਪ੍ਰਕਾਸ਼ ਸਿੰਘ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਬਿਜਲੀ ਸਪਲਾਈ ਨੂੰ ਜਲਦ ਤੋਂ ਜਲਦ ਬਹਾਲ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here