ਪੰਜਾਬ ਮੋਗਾ ਪੁਲਿਸ ਵੱਲੋਂ ਸੁਨਿਆਰੇ ਦੀ ਲੁੱਟ ਦਾ ਪਰਦਾਫਾਸ਼/ ਪੁਲਿਸ ਵੱਲੋਂ ਘਟਨਾ ’ਚ ਸ਼ਾਮਲ ਤਿੰਨ ਮੁਲਜ਼ਮ ਗ੍ਰਿਫਤਾਰ/ ਡੇਢ ਕਿੱਲੋ ਚਾਂਦੀ, ਪਿਸਟਲ ਤੇ ਤੇਜ਼ਧਾਰ ਹਥਿਆਰ ਬਰਾਮਦ By admin - July 29, 2026 0 1 Facebook Twitter Pinterest WhatsApp ਮੋਗਾ ਦੇ ਕਸਬਾ ਅਜੀਤਵਾਲ ਪੁਲਿਸ ਨੇ ਅਜੀਤਵਾਲ ਬਾਜ਼ਾਰ ਵਿੱਚ ਸੁਨਿਆਰੇ ਦੀ ਦੁਕਾਨ ‘ਤੇ ਹੋਈ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਲੁੱਟੀ ਗਈ ਡੇਢ ਕਿਲੋ ਚਾਂਦੀ, ਵਾਰਦਾਤ ਵਿੱਚ ਵਰਤੀ ਗਈ ਕਾਰ, ਇੱਕ ਪਿਸਤੌਲ, ਇੱਕ ਕਾਪਾ ਅਤੇ ਇੱਕ ਕਿਰਪਾਨ ਵੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਸ਼ਾਮਲ ਚੌਥੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਕਾਬੂ ਕੀਤੇ ਦੋਸ਼ੀਆਂ ਵਿਚ ਇਕ ਭਾਰਤੀ ਫੌਜ ਜਾ ਜਵਾਨ ਵੀ ਸ਼ਾਮਲ ਹਨ। ਪੁਲਿਸ ਵੱਲੋਂ ਮੁਲਜਮਾਂ ਦਾ ਰਿਮਾਂਡ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸਿਆ ਕਿ ਥਾਣਾ ਅਜੀਤਵਾਲ ਪੁਲਿਸ ਨੇ ਸੁਨਿਆਰੇ ਦੀ ਦੁਕਾਨ ‘ਤੇ ਹੋਈ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮਾਮਲੇ ਦੀ ਬਾਰੀਕੀ ਨਾਲ ਕੀਤੀ ਜਾਂਚ ਦੌਰਾਨ ਸੀਸੀਟੀਵੀ ਫੁਟੇਜ, ਤਕਨੀਕੀ ਸਬੂਤਾਂ ਅਤੇ ਗੁਪਤ ਸੂਚਨਾ ਦੇ ਆਧਾਰ ‘ਤੇ ਐੱਸਐੱਚਓ ਰਾਜ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਉਰਫ਼ ਸੁੱਖਾ ਪੁੱਤਰ ਅੰਗਰੇਜ਼ ਸਿੰਘ, ਹਰਦੀਪ ਸਿੰਘ ਉਰਫ਼ ਹੈਪੀ ਪੁੱਤਰ ਅੰਗਰੇਜ਼ ਸਿੰਘ ਅਤੇ ਪਵਿੱਤਰ ਸਿੰਘ ਉਰਫ਼ ਲੱਲੂ ਪੁੱਤਰ ਗੁਰਦੀਪ ਸਿੰਘ ਵਾਸੀ ਰਾਮੂਵਾਲ ਨਵਾਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤੀ ਗਈ ਕਾਰ, ਇੱਕ ਦੇਸੀ ਪਿਸਤੌਲ, ਇੱਕ ਦਾਤਰ (ਕੱਪਾ), ਇੱਕ ਕਿਰਪਾਨ ਅਤੇ ਲੁੱਟੀ ਗਈ ਕਰੀਬ ਡੇਢ ਕਿਲੋ ਚਾਂਦੀ ਬਰਾਮਦ ਕੀਤੀ ਹੈ। ਬਰਾਮਦ ਚਾਂਦੀ ਦੀ ਕੀਮਤ ਲਗਭਗ ਸਾਢੇ ਤਿੰਨ ਲੱਖ ਰੁਪਏ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਸ਼ੁਰੂਆਤੀ ਜਾਂਚ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਭਾਰਤੀ ਫੌਜ ਵਿੱਚ ਤਾਇਨਾਤ ਹੈ ਅਤੇ ਇਸ ਸਬੰਧੀ ਉਸ ਦੇ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੇ ਹਰ ਤੱਥ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।