ਮੋਗਾ ਸੀਆਈਏ ਸਟਾਫ ਦੀ ਵੱਡੀ ਕਾਰਵਾਈ/ ਦੋ ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ/ ਹਥਿਆਰ ਸਪਲਾਈ ਕਰਨ ਦੀ ਸੀ ਤਿਆਰੀ

0
2

ਮੋਗਾ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜਮਾਂ ਨੂੰ ਦੋ ਦੇਸੀ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਫੜੇ ਗਏ ਮੁਲਜਮ ਇਹ ਹਥਿਆਰ ਅੱਗੇ ਸਪਲਾਈ ਕਰਨ ਦੀ ਫਿਰਾਖ ਵਿਚ ਸਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਕਾਰਵਾਈ ਕਰਦਿਆਂ ਮੁਲਾਜਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ ਇਹ ਹਥਿਆਰ ਬਰਾਮਦ ਕੀਤੇ ਹਨ।
ਡੀਐਸਪੀ ਧਰਮਕੋਟ ਦੇ ਦੱਸਣ ਮੁਤਾਬਕ ਏਐੱਸਆਈ ਹਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਮਹਿਣਾ ਦੇ ਰੇਲਵੇ ਫਾਟਕ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖਬਰ ਖਾਸ ਨੇ ਢੀਂਗਰਾ ਕਾਲੋਨੀ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਅਤੇ ਸ਼ਰਨਜੀਤ ਸਿੰਘ ਨਾਜਾਇਜ਼ ਹਥਿਆਰਾਂ ਸਮੇਤ ਮਹਿਣਾ ਬੱਸ ਅੱਡੇ ਨੇੜੇ ਮੌਜੂਦ ਹੋਣ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਛਾਪੇਮਾਰੀ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਦੇਸੀ .30 ਬੋਰ ਪਿਸਤੌਲ ਅਤੇ ਮੈਗਜ਼ੀਨਾਂ ਬਰਾਮਦ ਹੋਈਆਂ। ਇਸ ਸਬੰਧੀ ਦੋਵਾਂ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਹਥਿਆਰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਮਖੂ ਅਧੀਨ ਪੈਂਦੇ ਪਿੰਡ ਬੁਰਜ ਮੁਹੰਮਦ ਸ਼ਾਹ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਨੂੰ ਸਪਲਾਈ ਕੀਤੇ ਜਾਣੇ ਸਨ। ਇਸ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ 31 ਜੁਲਾਈ ਨੂੰ ਗ੍ਰਿਫ਼ਤਾਰ ਕਰ ਲਿਆ।ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਹਥਿਆਰਾਂ ਦੀ ਖਰੀਦ-ਫਰੋਖ਼ਤ, ਸਪਲਾਈ ਨੈੱਟਵਰਕ, ਹਥਿਆਰਾਂ ਦੇ ਸਰੋਤ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here